Punjab News: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ 21 ਦਿਨਾਂ ਦੀ ਪੈਰੋਲ ਮਨਜ਼ੂਰ ਹੋ ਗਈ ਹੈ। ਇਸ ਨੂੰ ਲੈ ਕੇ ਹੁਣ ਪੰਜਾਬ ਦੀ ਸਿਆਸਤ ਵੀ ਤੇਜ਼ ਹੋ ਗਈ ਹੈ। ਇਸ ਨੂੰ ਲੈ ਕੇ ਕਾਂਗਰਸ ਵੱਲੋਂ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕੀਤਾ ਗਿਆ ਹੈ।


ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ  ਅੱਜ ਦੀ ਪੈਰੋਲ ਸਮੇਤ ਕੁੱਲ 11 ਵਾਰ ਸੌਦਾ ਸਾਧ ਨੂੰ ਪੈਰੋਲ ਦਿੱਤੀ ਜਾ ਚੁੱਕੀ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਭਗਵੰਤ ਮਾਨ ਸਰਕਾਰ ਇਸ ਮੁੱਦੇ ਤੇ ਕਿਉਂ ਨਹੀਂ ਬੋਲ ਰਹੀ ?






ਰੰਧਾਵਾ ਨੇ ਕਿਹਾ ਕਿ ਵਾਰ ਵਾਰ ਪੈਰੋਲ ਮਿਲਣ ਕਰਕੇ ਸਿੱਖ ਪੰਥ ਅਤੇ ਪੀੜਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ ਅਤੇ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਸਰਕਾਰ ਸਿਆਸੀ ਲਾਭ ਤੋਂ ਉੱਪਰ ਉੱਠਕੇ ਇਸ ਗੰਭੀਰ ਮੁੱਦੇ ਉੱਤੇ ਕਾਰਵਾਈ ਕਰੇ।


ਇਸ ਤੋਂ ਪਹਿਲਾਂ 10 ਅਗਸਤ ਨੂੰ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਜਾਂ ਫਰਲੋ ਦੇਣ 'ਤੇ ਸਵਾਲ ਉਠਾਏ ਗਏ ਸਨ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ 'ਤੇ ਫੈਸਲੇ ਲੈਣ ਦੇ ਸਮਰੱਥ ਹੈ।



ਦੱਸ ਦਈਏ ਕਿ ਅਜੇ 2 ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਰਾਮ ਰਹੀਮ ਨੂੰ ਚੰਗੀ ਤਰ੍ਹਾਂ ਵਿਚਾਰ ਕਰਨ ਤੋਂ ਬਾਅਦ ਹੀ ਫਰਲੋ ਜਾਂ ਪੈਰੋਲ ਦਿੱਤੀ ਜਾਵੇ। ਇਸ ਤੋਂ ਬਾਅਦ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ 'ਤੇ ਛੁੱਟੀ ਦੇ ਦਿੱਤੀ ਕਿ ਉਹ ਸਿਰਸਾ ਸਥਿਤ ਡੇਰਾ ਸੱਚਾ ਸੌਦਾ 'ਚ ਨਹੀਂ ਜਾਵੇਗਾ। ਉਹ ਬਾਗਪਤ ਸਥਿਤ ਬਰਨਵਾ ਆਸ਼ਰਮ 'ਚ 21 ਦਿਨ ਰੁਕੇਗਾ।