ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੀ ਵਿਧਾਨ ਸਭਾ ਦੇ ਸਪੀਕਰ ਵੱਲੋਂ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਦੀ ਮੈਂਬਰੀ ਰੱਦ ਨਾ ਕਰਨ ਤੋਂ ਦੁਖੀ ਹੈ। ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ ’ਤੇ ਹੀ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਮਾਸਟਰ ਬਲਦੇਵ ਸਿੰਘ ਸਮੇਤ ਹੋਰ ਵਿਧਾਇਕਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਨਹੀਂ ਕੀਤੀ ਜਾ ਰਹੀ। ਆਮ ਆਦਮੀ ਪਾਰਟੀ ਨੇ ਵੀ ਕਾਂਗਰਸ 'ਤੇ ਇਲਜ਼ਾਮ ਲਾਉਂਦਿਆਂ ਅਦਾਲਤ ਜਾਣ ਦੀ ਚੇਤਾਵਨੀ ਦਿੱਤੀ ਹੈ।


ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਤੇ ਮਾਸਟਰ ਬਲਦੇਵ ਸਿੰਘ ਨੇ ਨਵੀਂ ਪਾਰਟੀ ਬਣਾ ਲਈ ਹੈ। ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਤੇ ਰੋਪੜ ਤੋਂ ਵਿਧਾਇਕ ਅਮਰਜੀਤ ਸੰਦੋਆ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਇਹ ਸਾਰੇ ਵਿਧਾਇਕਾਂ ਸੀਪਕਰ ਨੂੰ ਅਸਤੀਫੇ ਸੌਂਪ ਚੁੱਕੇ ਹਨ। ਇਸ ਤੋਂ ਇਲਾਵਾ ਐਚਐਸ ਫੂਲਕਾ ਵੀ ਕਾਫੀ ਸਮਾਂ ਪਹਿਲਾਂ ਅਸਤੀਫਾ ਦੇ ਚੁੱਕੇ ਹਨ। ਉਧਰ, ਸਪੀਕਰ ਰਾਣਾ ਕੇਪੀ ਸਿੰਘ ਨੇ ਅਜੇ ਤੱਕ ਕੋਈ ਅਸਤੀਫਾ ਸਵੀਕਾਰ ਨਹੀਂ ਕੀਤਾ।

ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਇਲਜ਼ਾਮ ਲਾਇਆ ਹੈ ਕਿ ‘ਆਪ’ ਤੇ ਕਾਂਗਰਸ ਵਿਚਾਲੇ ਗੁਪਤ ਸਮਝੌਤਾ ਹੈ। ਇਸ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਆਪ’ ਦੀ ਵਿਰੋਧੀ ਧਿਰ ਦੇ ਆਗੂ ਦੀ ਕੁਰਸੀ ਕਾਇਮ ਰੱਖਣ ਲਈ ਵਿਧਾਇਕਾਂ ਦੇ ਅਸਤੀਫੇ ਪ੍ਰਵਾਨ ਨਹੀਂ ਕਰਵਾ ਰਹੇ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਖਹਿਰਾ ਦਾ ਅਸਤੀਫਾ ਤਾਂ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਸਾਬਕਾ ਜੱਜ ਰਣਜੀਤ ਸਿੰਘ ਕਾਰਨ ਮਨਜ਼ੂਰ ਨਹੀਂ ਕੀਤਾ ਜਾ ਰਿਹਾ। ਮਜੀਠੀਆ ਨੇ ਕਿਹਾ ਕਿ ਆਪਣੇ-ਆਪ ਨੂੰ ਪੰਜਾਬ ਦਾ ਸਭ ਤੋਂ ਸਿਆਣਾ ਵਿਅਕਤੀ ਸਮਝਣ ਵਾਲੇ ਖਹਿਰਾ ਨੂੰ ਆਪਣਾ ਅਸਤੀਫਾ ਵੀ ਨਹੀਂ ਲਿਖਣਾ ਆਉਂਦਾ।

ਉਨ੍ਹਾਂ ਕਿਹਾ ਕਿ ਖਹਿਰਾ ਤੇ ਮਾਸਟਰ ਬਲਦੇਵ ਸਿੰਘ ਨੇ ‘ਆਪ’ ਤੋਂ ਅਸਤੀਫੇ ਦੇ ਦੂਸਰੀ ਪਾਰਟੀ ਦੀ ਟਿਕਟ ’ਤੇ ਚੋਣ ਲੜੀ ਹੈ ਪਰ ਇਸ ਦੇ ਬਾਵਜੂਦ ਸਪੀਕਰ ਵੱਲੋਂ ਅੱਜ ਵੀ ਉਨ੍ਹਾਂ ਨੂੰ ‘ਆਪ’ ਦੇ ਵਿਧਾਇਕ ਮੰਨ ਕੇ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ ਜੋ ਪੂਰੀ ਤਰ੍ਹਾਂ ਸੰਵਿਧਾਨ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸਪੀਕਰ ਤਾਂ ਖੁਦ ‘ਆਪ’ ਦੇ ਰੋਪੜ ਦੇ ਵਿਧਾਇਕ ਅਮਰਜੀਤ ਸੰਦੋਆ ਨੂੰ ਕਾਂਗਰਸ ਵਿਚ ਸ਼ਾਮਲ ਕਰਵਾਉਣ ਦੀ ਰਸਮ ਨਿਭਾਅ ਕੇ ਸੰਵਿਧਾਨਕ ਅਹੁਦੇ ਨੂੰ ਸੱਟ ਮਾਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸੇ ਤਰਾਂ ਸੀਨੀਅਰ ਵਕੀਲ ਐਚਐਸ ਫੂਲਕਾ ਨੂੰ ਵੀ ਹਾਲੇ ਤਕ ਅਸਤੀਫ਼ਾ ਲਿਖਣਾ ਨਹੀਂ ਆਇਆ ਤੇ ਉਹ ਵੀ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਬਾਵਜੂਦ ਅੱਜ ਵੀ ਬਤੌਰ ਵਿਧਾਇਕ ਵਿਚਰ ਰਹੇ ਹਨ। ਸਰਕਾਰ ‘ਆਪ’ ਦੇ ਅਸਤੀਫਾ ਦੇ ਚੁੱਕੇ ਵਿਧਾਇਕਾਂ ਨੂੰ ਵੀ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹਾਂ ਤੇ ਹੋਰ ਖਰਚੇ ਕਰ ਕੇ ਇਸ ਪਾਰਟੀ ਨਾਲ ਕੀਤਾ ਸੌਦਾ ਪੁਗਾ ਰਹੀ ਹੈ।