ਰੌਬਟ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਵਿੱਚ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਰੰਧਾਵਾ ਨੇ ਕੈਪਟਨ ਨੂੰ ਉਨ੍ਹਾਂ ਦੇ ਕਾਰਜਕਾਲ ਦੇ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਦੀ ਚੁਣੌਤੀ ਦਿੱਤੀ ਹੈ। ਇਸ ਨੂੰ ਕੈਪਟਨ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੁੱਛਣਗੇ ਤਾਂ ਮੈਂ ਜ਼ਰੂਰ ਦੱਸਾਂਗਾ। ਕੈਪਟਨ ਦੇ ਜਵਾਬ 'ਤੇ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਬਚਿਆ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ (ਕੈਪਟਨ) ਤੋਂ ਪਿਛਲੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੇ ਨਾਂ ਪੁੱਛਣ ਦੇ ਸੁਝਾਅ ਦਾ ਸਵਾਗਤ ਕੀਤਾ, ਖਾਸ ਕਰ ਜਿਹੜੇ ਰੇਤ ਦੇ ਗ਼ੈਰਕਾਨੂੰਨੀ ਖਣਨ ਵਿੱਚ ਸ਼ਾਮਲ ਸਨ। ਕੈਪਟਨ ਨੇ ਕਿਹਾ ਕਿ ਉਹ ਖ਼ੁਦ ਸੁਖਜਿੰਦਰ ਰੰਧਾਵਾ ਤੇ ਉਨ੍ਹਾਂ ਦੇ ਕੁਝ ਸਾਥੀਆਂ ਸਣੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਾਰਿਆਂ ਦੇ ਨਾਵਾਂ ਦਾ ਖ਼ੁਲਾਸਾ ਕਰਨ ਲਈ ਤਿਆਰ ਹਨ।
ਦੱਸ ਦਈਏ ਕਿ ਭਗਵੰਤ ਮਾਨ ਨੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੀ ਕੈਬਨਿਟ ਵਿੱਚੋਂ ਬਰਖਾਸਤ ਕਰ ਦਿੱਤਾ ਹੈ। ਇਸ ਤੋਂ ਬਾਅਦ ਰੰਧਾਵਾ ਨੇ ਕਿਹਾ ਕਿ ਕੈਪਟਨ ਨੂੰ ਵੀ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੇ ਨਾਵਾਂ ਦਾ ਖੁਲਾਸਾ ਕਰਨਾ ਚਾਹੀਦਾ ਹੈ। ਖਾਸ ਤੌਰ 'ਤੇ ਰੇਤ ਦੀ ਗੈਰ-ਕਾਨੂੰਨੀ ਖੁਦਾਈ ਕਰਨ ਵਾਲੇ ਲੋਕ ਬੇਪਰਦ ਹੋਣੇ ਚਾਹੀਦੇ ਹਨ। ਇਸ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਉਹ ਰੰਧਾਵਾ ਸਮੇਤ ਉਸ ਦੇ ਕੁਝ ਸਾਥੀਆਂ ਸਮੇਤ ਗੈਰਕਾਨੂੰਨੀ ਕਾਰਵਾਈਆਂ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕਰਨ ਤੇ ਵੇਰਵੇ ਦੇਣ ਲਈ ਤਿਆਰ ਹਨ। ਇਸ ਤੋਂ ਬਾਅਦ ਰੰਧਾਵਾ ਨੇ ਕਿਹਾ ਕਿ ਮੈਂ ਕੈਪਟਨ ਦੀ ਮਨਜ਼ੂਰੀ ਦਾ ਸਵਾਗਤ ਕਰਦਾ ਹਾਂ।
ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਉਨ੍ਹਾਂ ਨੇ ਕਈ ਖੁਲਾਸੇ ਕੀਤੇ ਹਨ। ਕੈਪਟਨ ਨੇ ਕਿਹਾ ਸੀ ਕਿ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਸਨ। ਜਿਨ੍ਹਾਂ ਦੇ ਨਾਂ ਉਨ੍ਹਾਂ ਕਾਂਗਰਸ ਹਾਈਕਮਾਂਡ ਨੂੰ ਦੱਸੇ ਸੀ। ਉਥੋਂ ਕੋਈ ਜਵਾਬ ਨਹੀਂ ਆਇਆ ਸੀ। ਕੈਪਟਨ ਨੇ ਉਨ੍ਹਾਂ ਖਿਲਾਫ ਕਾਰਵਾਈ ਨਾ ਕਰਨ ਦਾ ਅਫਸੋਸ ਵੀ ਜ਼ਾਹਰ ਕੀਤਾ। ਇਸ ਪਿੱਛੇ ਕੈਪਟਨ ਨੇ ਪਾਰਟੀ ਦੀ ਭਰੋਸੇਯੋਗਤਾ ਨੂੰ ਮਜਬੂਰੀ ਦੱਸਿਆ ਸੀ।