ਚੰਡੀਗੜ੍ਹ: ‘ਕੇਂਦਰ ਨੇ ਜੇ ਕਿਸਾਨਾਂ ਦੇ ਮਸਲੇ ਦਾ ਕੋਈ ਹੱਲ ਨਾ ਕੀਤਾ, ਤਾਂ ਪਹਿਲਾਂ ਤੋਂ ਦੁਖੀ ਪੰਜਾਬ ਦੇ ਨੌਜਵਾਨ ਦੁਬਾਰਾ ਅੱਤਵਾਦ ਵੱਲ ਪਰਤ ਸਕਦੇ ਹਨ।’ ਇਹ ਚੇਤਾਵਨੀ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਸਾਬਕਾ ਲੀਡਰ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਸੁਧਾਰ ਕਾਨੂੰਨਾਂ ਕਾਰਨ ਪੈਦਾ ਹੋਇਆ ਰੇੜਕਾ ਦੂਰ ਕਰਨ ਲਈ ਪੰਜਾਬ ਤੇ ਹਰਿਆਣਾ ਵਿੱਚ ਵਿਸ਼ੇਸ਼ ਰਾਇਸ਼ੁਮਾਰੀ ਕਰਵਾਉਣ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਪ੍ਰਧਾਨ ਮੰਤਰੀ ਦਾ ਲੋਕਤੰਤਰ ’ਚ ਭਰੋਸਾ ਹੈ, ਤਾਂ ਇਹ ਰੇੜਕਾ ਸਿਰਫ਼ ਇਸੇ ਤਰੀਕੇ ਹੱਲ ਹੋ ਸਕਦਾ ਹੈ।

ਸੁਖਪਾਲ ਖਹਿਰਾ ਨੇ ਕਿਹਾ ਕਿ ਸਤੰਬਰ ਮਹੀਨੇ ਤੋਂ ਕਿਸਾਨ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ 11 ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਕਿਸਾਨਾਂ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ’ਚ ਵੀ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਬਿੱਲ ਪਾਸ ਕੀਤਾ ਜਾ ਚੁੱਕਾ ਹੈ ਪਰ ਫਿਰ ਵੀ ਕੇਂਦਰ ਸਰਕਾਰ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਿੱਦੀ ਰਵੱਈਆ ਅਪਣਾਇਆ ਹੋਇਆ ਹੈ।

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕਈ ਗੇੜਾਂ ਦੀ ਗੱਲਬਾਤ ਕਰ ਚੁੱਕੀ ਹੈ ਤੇ ਦੂਜੇ ਪਾਸੇ ਇਹ ਕਾਨੂੰਨ ਲਾਗੂ ਕਰਨ ਬਾਰੇ ਲਗਾਤਾਰ ਪ੍ਰਚਾਰ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਅਜਿਹਾ ਦੋਹਰਾ ਰਵੱਈਆ ਤਿਆਗਣਾ ਹੋਵੇਗਾ। ਖਹਿਰਾ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਨੌਜਵਾਨ ਤਾਂ ਪਹਿਲਾਂ ਹੀ ਕੇਂਦਰ ਦੇ ਪੱਖਪਾਤੀ ਰਵੱਈਏ ਕਾਰਨ ਦੁਖੀ ਹੈ।

ਹੁਣ ਜੇ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਜਾਂ ਕੋਈ ਧੱਕਾ ਕੀਤਾ ਗਿਆ, ਤਾਂ ਪੰਜਾਬ ਅੱਤਵਾਦ ਦੇ ਕਾਲੇ ਦੌਰ ਵਿੱਚ ਵੀ ਪਰਤ ਸਕਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੀਆਂ ਭਾਵਨਾਵਾਂ ਦੀ ਕਦਰ ਕਰਨ ਦੀ ਥਾਂ ਭਾਜਪਾ ਆਗੂ ਅੰਦੋਲਨਕਾਰੀ ਕਿਸਾਨਾਂ ਲਈ ਕਦੇ ‘ਖ਼ਾਲਿਸਤਾਨੀ’, ਕਦੇ ‘ਵਿਚੋਲੇ’ ਤੇ ਕਦੇ ‘ਨਕਸਲਵਾਦੀ’ ਜਿਹੇ ਸ਼ਬਦ ਵਰਤ ਰਹੇ ਹਨ।