ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੱਧੂ ਦਾ ਪਾਕਿਸਤਾਨ ਜਾਣਾ ਅਜੇ ਵੀ ਬੁਝਾਰਤ ਬਣਿਆ ਹੋਇਆ ਹੈ। ਭਾਰਤ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ। ਉਧਰ, ਪਾਕਿਸਤਾਨ ਸਰਕਾਰ ਸਿੱਧੂ ਦਾ ਸਵਾਗਤ ਕਰਨ ਲਈ ਕਾਹਲੀ ਹੈ। ਸਿੱਧੂ ਨੂੰ ਬੜੇ ਅਦਬ ਨਾਲ ਸੱਦਾ ਪੱਤਰ ਭੇਜਣ ਤੋਂ ਬਾਅਦ ਵੀਜ਼ਾ ਵੀ ਦੇ ਦਿੱਤਾ ਹੈ। ਹੁਣ ਸਿਰਫ ਭਾਰਤ ਸਰਕਾਰ ਦੀ ਪ੍ਰਵਾਨਗੀ ਦੀ ਉਡੀਕ ਹੈ।


ਦਰਅਸਲ ਸਿੱਧੂ ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਨਾ ਚਾਹੁੰਦੇ ਹਨ। ਇਸ ਲਈ ਭਾਰਤ ਸਰਕਾਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਸਿੱਧੂ ਨੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਕੋਲੋਂ ਪ੍ਰਵਾਨਗੀ ਮੰਗੀ ਸੀ। ਕੋਈ ਜਵਾਬ ਨਾ ਮਿਲਣ ਮਗਰੋਂ ਸਿੱਧੂ ਨੇ ਬੁੱਧਵਾਰ ਨੂੰ ਮੁੜ ਪੱਤਰ ਭੇਜ ਕੇ ਅਪੀਲ ਕੀਤੀ ਸੀ।

ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਰਸਤੇ ਖੋਲ੍ਹੇ ਜਾ ਰਹੇ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਜਾਣ ਦੀ ਮਨਜ਼ੂਰੀ ਦਿੱਤੀ ਜਾਵੇ। ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਮੁੜ ਭੇਜੇ ਗਏ ਪੱਤਰ ਵਿੱਚ ਸਿੱਧੂ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ 9 ਨਵੰਬਰ ਨੂੰ ਸਵੇਰੇ ਸਾਢੇ 9 ਵਜੇ ਗੁਰਦੁਆਰਾ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦਿੱਤੀ ਜਾਵੇ।

ਉਨ੍ਹਾਂ ਆਖਿਆ ਹੈ ਕਿ ਪਾਕਿਸਤਾਨ ’ਚ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ 11 ਵਜੇ ਕੀਤਾ ਜਾਣਾ ਹੈ ਪਰ ਉਹ ਇਸ ਤੋਂ ਪਹਿਲਾਂ ਹੀ ਗੁਰਦੁਆਰਾ ਕਰਤਾਰਪੁਰ ’ਚ ਨਤਮਸਤਕ ਹੋ ਕੇ ਸ਼ੁਕਰਾਨਾ ਕਰਨ ਤੇ ਸੰਗਤ ਦੇ ਨਾਲ ਪੰਗਤ ਵਿਚ ਬੈਠ ਕੇ ਲੰਗਰ ਛਕਣਾ ਚਾਹੁੰਦੇ ਹਨ। ਇਸ ਮਗਰੋਂ ਉਹ ਪਾਕਿਸਤਾਨ ਵਿੱਚ ਹੋਣ ਵਾਲੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣਗੇ ਤੇ ਸ਼ਾਮ ਨੂੰ ਇਸੇ ਰਸਤਿਉਂ ਮੁਲਕ ਪਰਤ ਆਉਣਗੇ।

ਉਨ੍ਹਾਂ ਆਖਿਆ ਹੈ ਕਿ ਜੇਕਰ ਅਜਿਹਾ ਸੰਭਵ ਨਹੀਂ ਤਾਂ ਉਨ੍ਹਾਂ ਨੂੰ ਇੱਕ ਦਿਨ ਪਹਿਲਾਂ ਅੱਠ ਨਵੰਬਰ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਉਹ 8 ਨਵੰਬਰ ਦੀ ਰਾਤ ਗੁਰਦੁਆਰਾ ਕਰਤਾਰਪੁਰ ਵਿਖੇ ਬਿਤਾਉਣਗੇ ਤੇ ਅਗਲੇ ਦਿਨ 9 ਨਵੰਬਰ ਨੂੰ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਮਗਰੋਂ ਲਾਂਘੇ ਵਾਲੇ ਰਸਤੇ ਰਾਹੀਂ ਵਾਪਸ ਪਰਤ ਆਉਣਗੇ।

ਉਧਰ, ਅੱਜ ਸੱਤ ਨਵੰਬਰ ਤੱਕ ਵੀ ਭਾਰਤ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ। ਦਰਅਸਲ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਮੁੱਦਾ ਸਿੱਧੂ ਦੇ ਪਾਕਿ ਫੇਰੀ ਦੌਰਾਨ ਹੀ ਚੁੱਕਿਆ ਗਿਆ ਸੀ। ਇਸ ਮਗਰੋਂ ਸਿੱਧੂ ਪਾਕਿ ਫੌਜ ਦੇ ਜਨਰਲ ਬਾਜਵਾ ਨਾਲ ਜੱਫੀ ਪਾਉਣ ਕਰਕੇ ਵਿਵਾਦਾਂ ਵਿੱਚ ਵੀ ਘਿਰ ਗਏ ਸੀ। ਹੁਣ ਫਿਰ ਪਾਕਿਸਤਾਨ ਨੇ ਸਿੱਧੂ ਨੂੰ ਵਿਸ਼ੇਸ਼ ਸੱਦਾ ਭੇਜਿਆ ਹੈ।