ਚੰਡੀਗੜ੍ਹ: ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਰੱਦ ਕਰਵਾਉਣ ਲਈ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਇਸ ਬਾਰੇ ਅਜੇ ਆਮ ਆਦਮੀ ਪਾਰਟੀ ਨੇ ਕੋਈ ਕਾਰਵਾਈ ਨਹੀਂ ਕੀਤੀ ਪਰ ਹਲਕਾ ਭੁਲੱਥ ਦੇ ਇੱਕ ਵੋਟਰ ਹਰਸਿਮਰਨ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਕੋਲ ਪਟੀਸ਼ਨ ਦਾਇਰ ਕਰਕੇ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ।

ਪਟੀਸ਼ਨਰ ਨੇ ਆਪਣੀ ਪਟੀਸ਼ਨ ਵਿੱਚ ਅਜਿਹੇ ਕੁਝ ਕੇਸਾਂ ਦਾ ਵੇਰਵਾ ਦਿੱਤਾ ਹੈ ਜਿੱਥੇ ਪਾਰਟੀ ਬਦਲਣ ਕਰ ਕੇ ਵਿਧਾਇਕਾਂ ਨੂੰ ਮੈਂਬਰੀ ਤੋਂ ਅਯੋਗ ਠਹਿਰਾਇਆ ਗਿਆ ਸੀ। ਉਸ ਦਾ ਕਹਿਣਾ ਹੈ ਕਿ ਵਿਧਾਇਕ ਖਹਿਰਾ ਨੇ ਨਵੀਂ ਪਾਰਟੀ ਬਣਾ ਲਈ ਹੈ ਤੇ ਇਸ ਲਈ ਉਸ ਨੂੰ ਵੀ ਅਯੋਗ ਠਹਿਰਾਹਿਆ ਜਾਵੇ।

ਯਾਦ ਰਹੇ ਆਮ ਆਦਮੀ ਪਾਰਟੀ ਨੇ ਖਹਿਰਾ ਨੂੰ ਵਿਧਾਇਕੀ ਤੋਂ ਅਸਤੀਫੇ ਦੇ ਕੇ ਮੁੜ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ ਪਰ ਇਸ ਬਾਰੇ ਸਪੀਕਰ ਕੋਲ ਕੋਈ ਪਹੁੰਚ ਨਹੀਂ ਕੀਤੀ। ਉਧਰ ਖਹਿਰਾ ਦਾ ਕਹਿਣਾ ਹੈ ਕਿ ਉਹ ਅਸਤੀਫਾ ਦੇ ਕੇ ਜਨਤਾ 'ਤੇ ਚੋਣਾਂ ਦਾ ਬੋਝ ਨਹੀਂ ਪਾਉਣਾ ਚਾਹੁੰਦੇ।