Winter Vacation in Schools: ਪੰਜਾਬ ਹਰਿਆਣਾ 'ਚ ਠੰਢ ਦਾ ਕਹਿਰ, 15 ਜਨਵਰੀ ਤੱਕ ਛੁੱਟੀਆਂ ਦਾ ਐਲਾਨ
Winter Vacation in Schools: ਪੰਜਾਬ ਤੇ ਹਰਿਆਣਾ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ। ਪੰਜਾਬ ਵਿੱਚ ਅਗਲੇ 7 ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਹਰਿਆਣਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਮਾਨਤਾ...

Winter Vacation in Schools: ਪੰਜਾਬ ਤੇ ਹਰਿਆਣਾ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ। ਪੰਜਾਬ ਵਿੱਚ ਅਗਲੇ 7 ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਹਰਿਆਣਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਅੱਜ ਸਵੇਰੇ ਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਪਈ ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ। ਵਾਹਨਾਂ ਨੂੰ ਲਾਈਟਾਂ ਜਗਾ ਕੇ ਚਲਾਉਣਾ ਪਿਆ। ਹਾਲਾਂਕਿ, ਜਿਵੇਂ-ਜਿਵੇਂ ਦਿਨ ਚੜ੍ਹਿਆ, ਚੰਡੀਗੜ੍ਹ ਤੇ ਮੋਹਾਲੀ ਸਮੇਤ ਕਈ ਇਲਾਕਿਆਂ ਵਿੱਚ ਸੂਰਜ ਚਮਕਿਆ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਅੱਜ ਤੋਂ ਹਵਾਵਾਂ ਤੇਜ਼ ਤੇ ਠੰਢੀਆਂ ਹੋਣਗੀਆਂ। ਇਹ ਮੁੱਖ ਤੌਰ 'ਤੇ ਪਹਾੜੀ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਕਾਰਨ ਹੈ। ਮੀਂਹ ਦੀ ਘਾਟ ਕਾਰਨ ਧੂੰਦ ਤੇ ਪ੍ਰਦੂਸ਼ਣ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ, ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ, ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ ਛਾਈ ਰਹੇਗੀ।
ਉਧਰ, ਹਰਿਆਣਾ ਦੇ ਸੈਕੰਡਰੀ ਸਿੱਖਿਆ ਡਾਇਰੈਕਟੋਰੇਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਪੱਤਰ ਅਨੁਸਾਰ ਰਾਜ ਦੇ ਸਾਰੇ ਸਕੂਲਾਂ ਵਿੱਚ 1 ਜਨਵਰੀ, 2026 ਤੋਂ 15 ਜਨਵਰੀ, 2026 ਤੱਕ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਸਕੂਲ 16 ਜਨਵਰੀ, 2026 ਤੋਂ ਨਿਯਮਿਤ ਤੌਰ 'ਤੇ ਦੁਬਾਰਾ ਖੁੱਲ੍ਹਣਗੇ। ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਰਾਜ ਦੇ ਸਾਰੇ ਸਕੂਲ ਮੁਖੀਆਂ ਤੇ ਇੰਚਾਰਜਾਂ 'ਤੇ ਲਾਗੂ ਹੁੰਦਾ ਹੈ।
ਸਿੱਖਿਆ ਵਿਭਾਗ ਨੇ ਸਾਰੇ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਸਕੂਲਾਂ ਵਿੱਚ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਆਦੇਸ਼ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਆਮ ਕਲਾਸਾਂ ਨਹੀਂ ਲਾਈਆਂ ਜਾਣਗੀਆਂ, ਪਰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE), ICSE ਤੇ ਹੋਰ ਬੋਰਡਾਂ ਦੇ ਨਿਯਮਾਂ ਅਨੁਸਾਰ, 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਸਕੂਲ ਬੁਲਾਇਆ ਜਾ ਸਕਦਾ ਹੈ।
ਇਸ ਉਦੇਸ਼ ਲਈ ਸਕੂਲਾਂ ਨੂੰ ਸਬੰਧਤ ਬੋਰਡਾਂ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ। ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਠੰਢ ਦੀ ਵਧਦੀ ਤੀਬਰਤਾ ਕਾਰਨ ਵਿਦਿਆਰਥੀਆਂ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਨਾਲ ਬੱਚਿਆਂ ਨੂੰ ਅਤਿ ਦੀ ਠੰਢ ਵਿੱਚ ਸਕੂਲ ਜਾਣ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲੇਗੀ। ਇਹ ਆਦੇਸ਼ ਸਹਾਇਕ ਨਿਰਦੇਸ਼ਕ (ਅਕਾਦਮਿਕ) ਵੱਲੋਂ ਸੈਕੰਡਰੀ ਸਿੱਖਿਆ ਡਾਇਰੈਕਟਰ, ਹਰਿਆਣਾ, ਪੰਚਕੂਲਾ ਵੱਲੋਂ ਜਾਰੀ ਕੀਤਾ ਗਿਆ ਹੈ। ਹੁਕਮ ਦੀ ਇੱਕ ਕਾਪੀ ਸਾਰੇ ਸਬੰਧਤ ਅਧਿਕਾਰੀਆਂ ਨੂੰ ਭੇਜੀ ਗਈ ਹੈ ਤਾਂ ਜੋ ਸਕੂਲਾਂ ਨੂੰ ਤੁਰੰਤ ਸੂਚਿਤ ਕੀਤਾ ਜਾ ਸਕੇ ਤੇ ਕਿਸੇ ਵੀ ਪੱਧਰ 'ਤੇ ਕੋਈ ਉਲਝਣ ਨਾ ਹੋਵੇ।
Education Loan Information:
Calculate Education Loan EMI






















