ਚੰਡੀਗੜ੍ਹ: ਆਮ ਆਦਮੀ ਪਾਰਟੀ ਦਾ ਇੱਕ ਹੋਰ ਵਿਧਾਇਕ ਵਿਵਾਦਾਂ ਵਿੱਚ ਘਿਰ ਗਿਆ ਹੈ। ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ’ਤੇ ਜ਼ੀਰਕਪੁਰ ਵਾਸੀ ਗੁਰਪ੍ਰੀਤ ਕੌਰ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਉਸ ਨਾਲ ਧੋਖੇ ਨਾਲ ਦੂਜਾ ਵਿਆਹ ਕਰਵਾਉਣ ਦਾ ਇਲਜ਼ਾਮ ਲਾਇਆ ਹੈ। ਇਸ ਦੇ ਨਾਲ ਹੀ ਗੁਰਪ੍ਰੀਤ ਕੌਰ ਨੇ ਵਿਧਾਇ ਉੱਪਰ ਧਮਕੀਆਂ ਦੇਣ ਦਾ ਦੋਸ਼ ਲਾਉਂਦਿਆਂ ਜ਼ੀਰਕਪੁਰ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਇਸ ਮਗਰੋਂ ਵਿਰੋਧੀਆਂ ਨੇ ਹਮਲੇ ਤੇਜ਼ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਹੈ ਕਿ ਵਿਧਾਇਕ ਪਠਾਣਮਾਜਰਾ ਨੂੰ ਆਪਣੀ ਪਤਨੀ ਨਾਲ ਧੋਖਾ ਕਰਨ ਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ਾਂ ਕਾਰਨ ਪਾਰਟੀ ਵਿੱਚੋਂ ਕੱਢਣ। ਚੰਦੂਮਾਜਰਾ ਨੇ ਮੰਗ ਕੀਤੀ ਕਿ ਪਠਾਣਮਾਜਰਾ ਦੀ ਪਤਨੀ ਵੱਲੋਂ ਜ਼ੀਰਕਪੁਰ ਪੁਲਿਸ ਕੋਲ ਦਿੱਤੀ ਸ਼ਿਕਾਇਤ ਦੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਉਧਰ, ਵਿਧਾਇਕ ਹਰਮੀਤ ਪਠਾਣਮਾਜਰਾ ਨੇ ਉਕਤ ਔਰਤ ਨਾਲ ਵਿਆਹ ਕਰਵਾਉਣ ਦੇ ਦੋਸ਼ਾਂ ਨੂੰ ਮੰਨਦੇ ਹੋਏ ਕਿਹਾ ਕਿ ਉਸ ਨੇ ਕੋਈ ਧਮਕੀ ਨਹੀਂ ਦਿੱਤੀ। ਇਸ ਦੌਰਾਨ ਉਨ੍ਹਾਂ ਸਨੌਰ ਹਲਕੇ ਦੇ ਅਕਾਲੀ ਦਲ ਤੇ ਕਾਂਗਰਸ ਦੇ ਵੱਡੇ ਆਗੂਆਂ ਦੇ ਨਾਮ ਲੈਂਦਿਆਂ ਇਸ ਔਰਤ ਰਾਹੀਂ ਉਸ ਨੂੰ ਬਦਨਾਮ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਧਮਕੀ ਦਿੱਤੀ ਹੈ ਤਾਂ ਉਹ ਸਬੂਤ ਪੇਸ਼ ਕਰੇ।
ਕੀ ਹੈ ਮਾਮਲਾ?
ਦੱਸ ਦਈਏ ਕਿ ਗੁਰਪ੍ਰੀਤ ਕੌਰ ਨੇ ਦੋਸ਼ ਲਾਇਆ ਹੈ ਕਿ ਉਸ ਦੇ ਲੰਘੇ ਕੁਝ ਸਾਲਾਂ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨਾਲ ਸਬੰਧ ਸਨ, ਜਿਸ ਨੇ ਕਥਿਤ ਤੌਰ ’ਤੇ ਝੂਠ ਬੋਲਿਆ ਸੀ ਕਿ ਪਹਿਲੀ ਪਤਨੀ ਨਾਲ ਤਲਾਕ ਹੋਣ ਮਗਰੋਂ ਉਹ ਹੁਣ ਵੱਖ ਰਹਿੰਦਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਧਾਇਕ ਨੇ ਉਸ ਨਾਲ 14 ਅਗਸਤ 2021 ਵਿੱਚ ਲੁਧਿਆਣਾ ਵਿੱਚ ਵਿਆਹ ਕਰਵਾਇਆ ਸੀ। ਉਸ ਨੇ ਥਾਣੇ ਵਿੱਚ ਵਿਆਹ ਵੇਲੇ ਦੀ ਤਸਵੀਰ ਵੀ ਪੇਸ਼ ਕੀਤੀ।
ਪੀੜਤਾ ਨੇ ਦੱਸਿਆ ਕਿ ਚੋਣਾਂ ਦੌਰਾਨ ਤਲਾਕ ਨਾ ਹੋਣ ਬਾਰੇ ਪਤਾ ਲੱਗਣ ’ਤੇ ਵਿਧਾਇਕ ਨੇ ਪਹਿਲੀ ਪਤਨੀ ਨੂੰ ਛੱਡ ਕੇ ਉਸ ਨਾਲ ਰਹਿਣ ਦਾ ਭਰੋਸਾ ਦੇ ਕੇ ਉਸ ਨੂੰ ਚੁੱਪ ਕਰਵਾ ਦਿੱਤਾ। ਚੋਣ ਜਿੱਤਣ ਮਗਰੋਂ ਪਠਾਣਮਾਜਰਾ ਆਪਣੇ ਵਾਅਦੇ ਤੋਂ ਮੁੱਕਰ ਗਿਆ ਤੇ ਉਸ ਨੂੰ ਧਮਕਾਉਣਾ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਸ ਨੇ ਦੋਸ਼ ਲਾਇਆ ਕਿ 15 ਅਗਸਤ ਤੋਂ ਪਹਿਲਾਂ ਵਿਧਾਇਕ ਨੇ ਜ਼ੀਰਕਪੁਰ ਆ ਕੇ ਵੀ ਉਸ ਨੂੰ ਧਮਕਾਇਆ ਸੀ।