ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਖਿਲਾਫ ਵਿੱਢੀ ਜੰਗ 'ਚ ਔਰਤਾਂ ਦਾ ਯੋਗਦਾਨ ਵੀ ਮੰਗਿਆ ਹੈ। ਕੈਪਟਨ ਨੇ ਕਿਹਾ ਕਿ ਸਰਕਾਰੀ ਮਹਿਲਾ ਮੁਲਾਜ਼ਮਾਂ ਨੂੰ ਵੀ ਡੋਪ ਟੈਸਟ ਦੀ ਪ੍ਰਕਿਰਿਆ 'ਚੋਂ ਲੰਘਣਾ ਪਵੇਗਾ।

ਇੱਕ ਸਵਾਲ ਦੇ ਜਵਾਬ 'ਚ ਕੈਪਟਨ ਨੇ ਕਿਹਾ ਕਿ ਜਦੋਂ ਮਹਿਲਾਵਾਂ ਫਾਈਟਰ ਪਾਇਲਟ ਬਣ ਸਕਦੀਆਂ ਹਨ ਤੇ ਹਰ ਕੰਮ ਮਰਦਾਂ ਦੇ ਬਰਾਬਰ ਕਰ ਸਕਦੀਆਂ ਹਨ ਤਾਂ ਉਨ੍ਹਾਂ ਦਾ ਟੈਸਟ ਕਿਉਂ ਨਾ ਕਰਾਇਆ ਜਾਵੇ?

ਕੈਪਟਨ ਦੇ ਇਸ ਬਿਆਨ ਨਾਲ ਉਨ੍ਹਾਂ ਸਾਰੀਆਂ ਅਟਕਲਾਂ 'ਤੇ ਵਿਰ੍ਹਾਮ ਲੱਗ ਗਿਆ ਹੈ ਜਿਸ 'ਚ ਕਿਹਾ ਜਾ ਰਿਹਾ ਸੀ ਕਿ ਪੰਜਾਬ ਸਰਕਾਰ ਮਹਿਲਾ ਮੁਲਾਜ਼ਮਾਂ ਦਾ ਡੋਪ ਟੈਸਟ ਨਹੀਂ ਲਏਗੀ।

ਹਾਲ ਹੀ 'ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਇੱਕ ਮਤਾ ਪਾਸ ਕਰਕੇ ਕੈਪਟਨ ਸਰਕਾਰ ਨੂੰ ਮਹਿਲਾ ਮੁਲਾਜ਼ਮਾਂ ਦਾ ਡੋਪ ਟੈਸਟ ਕਰਾਏ ਜਾਣ ਦੀ ਚੁਣੌਤੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪੰਜਾਬ ਚ ਨਸ਼ਿਆਂ ਨਾਲ ਹੋਈਆਂ ਮੌਤਾਂ ਤੋਂ ਬਾਅਦ ਚਾਰੇ ਪਾਸਿਉਂ ਘਿਰੀ ਕੈਪਟਨ ਸਰਕਾਰ ਨੇ ਕਈ ਐਲਾਨ ਕੀਤੇ ਸਨ। ਇਨ੍ਹਾਂ ਵਿੱਚੋਂ ਇੱਕ ਸੀ ਕਿ ਸਰਕਾਰੀ ਮੁਲਾਜ਼ਮਾ ਦੀ ਭਰਤੀ ਵੇਲੇ ਤੇ ਕਿਸੇ ਤਰ੍ਹਾਂ ਦੀ ਤਰੱਕੀ ਵੇਲੇ ਡੋਪ ਟੈਸਟ ਕਰਵਾਇਆ ਜਾਵੇਗਾ।