Sangrur News: ਬਰਨਾਲਾ ਸ਼ਹਿਰ ਦੀ ਤਪਾ ਮੰਡੀ ਦੀ ਆਨੰਦਪੁਰ ਕਲੋਨੀ ਵਿੱਚ ਇੱਕ ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦਾ 12 ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਸਦਾ ਇੱਕ ਛੋਟਾ ਲੜਕਾ ਤੇ ਇੱਕ ਲੜਕੀ ਵੀ ਹੈ।  ਕਿਹਾ ਜਾ ਰਿਹਾ ਹੈ ਕਿ ਮ੍ਰਿਤਕਾ ਆਪਣੇ ਪਤੀ ਨਾਲ ਘਰ ਵਿੱਚ ਖ਼ੁਸ਼ੀ-ਖ਼ੁਸ਼ੀ ਰਹਿ ਰਹੀ ਸੀ ਪਰ ਘਰ 'ਚ ਆਪਣੀ ਸੱਸ, ਨਨਾਣ ਅਤੇ ਜਠਾਣੀ ਤੋਂ ਦੁਖੀ ਹੋ ਕੇ ਉਸ ਨੇ ਕਮਰੇ 'ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। 


ਇਸ ਮਾਮਲੇ ਸਬੰਧੀ ਮ੍ਰਿਤਕ ਕਿਰਨਜੀਤ ਕੌਰ ਦੀ ਮਾਤਾ ਗੁਰਮੀਤ ਕੌਰ ਅਤੇ ਭਰਾ ਸਿਕੰਦਰ ਸਿੰਘ ਨੇ ਮ੍ਰਿਤਕ ਦੇ ਸਹੁਰੇ ਪਰਿਵਾਰ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਲੜਕੀ ਦਾ ਵਿਆਹ ਹੋਇਆ ਹੈ, ਉਦੋਂ ਤੋਂ ਹੀ ਉਸ ਦੀ ਸੱਸ, ਨਨਾਣ ਵੱਲੋਂ ਉਸ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਪਰਿਵਾਰ ਵਾਲਿਆਂ ਨੇ ਕਿਹਾ ਕਿ ਅੱਜ ਸਵੇਰੇ ਉਨ੍ਹਾਂ ਦੀ ਲੜਕੀ ਨਾਲ ਫੋਨ ’ਤੇ ਗੱਲ ਵੀ ਹੋਈ ਸੀ ਪਰ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ। ਜਿੱਥੇ ਉਸ ਨੇ ਤੁਰੰਤ ਆ ਕੇ ਦੇਖਿਆ ਕਿ ਉਸ ਦੀ ਲੜਕੀ ਦੀ ਮੌਤ ਹੋ ਚੁੱਕੀ ਸੀ। 


ਇਹ ਵੀ ਪੜ੍ਹੋ-BMW in Punjab: ਹੁਣ ਮੰਡੀ ਗੋਬਿੰਦਗੜ੍ਹ 'ਚ ਬਣਨਗੇ ਜਰਮਨ ਦੀ BMW ਦੇ ਸਪੇਅਰ ਪਾਰਟਸ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ,ਅਗਲੇ ਮਹੀਨੇ ਤੋਂ ਕੰਮ ਸ਼ੁਰੂ !


ਮ੍ਰਿਤਕਾ ਦੇ ਰਿਸ਼ਤੇਦਾਰਾਂ ਨੇ ਸਹੁਰਿਆਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮ੍ਰਿਤਕਾ ਦਾ ਸਹੁਰਾ ਪਰਿਵਾਰ ਉਸ ਨੂੰ ਲਗਾਤਾਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰਿਹਾ ਸੀ ਤੇ ਹਮੇਸ਼ਾ ਕੁੱਟਮਾਰ ਵੀ ਕਰਦਾ ਸੀ ਪਰ ਮ੍ਰਿਤਕਾ ਆਪਣੇ ਦੋ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਆਪਣਾ ਘਰ ਬਣਾਉਣ ਲਈ ਸਭ ਕੁਝ ਝੱਲ ਰਹੀ ਸੀ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।



ਪਰ ਇਸ ਮਾਮਲੇ ਸਬੰਧੀ ਮ੍ਰਿਤਕਾ ਦੇ ਪਤੀ ਬਲਵਿੰਦਰ ਸਿੰਘ ਨੇ ਰੋਂਦੇ ਹੋਏ ਕਿਹਾ ਕਿ ਉਸਦੀ ਪਤਨੀ ਦੀ ਮੌਤ ਤੋਂ ਬਾਅਦ ਉਸਦੇ ਛੋਟੇ ਬੱਚਿਆਂ ਦਾ ਭਵਿੱਖ ਖ਼ਰਾਬ ਹੋ ਗਿਆ ਹੈ। ਜਦੋਂ ਉਹ ਆਪਣੇ ਕੰਮ ਲਈ ਬਾਹਰ ਗਿਆ ਸੀ ਤਾਂ ਉਸ ਦੀ ਪਤਨੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ ਤੇ ਬੇਕਸੂਰ ਪਰਿਵਾਰਕ ਮੈਂਬਰਾਂ ਖ਼ਿਲਾਫ਼ ਦਰਜ ਕੀਤਾ ਕੇਸ ਰੱਦ ਕਰਨ ਦੀ ਮੰਗ ਵੀ ਕੀਤੀ ਹੈ।



ਇਸ ਮਾਮਲੇ ਦੀ ਜਾਣਕਾਰੀ ਸਬ ਡਵੀਜ਼ਨ ਤਪਾ ਮੰਡੀ ਦੇ ਡੀ.ਐਸ.ਪੀ ਗੁਰਬਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਮ੍ਰਿਤਕ ਕਿਰਨਜੀਤ ਕੌਰ ਦੇ ਭਰਾ ਸਿਕੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸਹੁਰੇ ਪੱਖ ਦੇ ਪੰਜ ਮੈਂਬਰਾਂ ਤੋਂ ਇਲਾਵਾ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।  ਪੁਲਿਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।