ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੋਂ ਜ਼ਮੀਨਾਂ ਦੀਆਂ ਰਜਿਸਟਰੀਆਂ ਸ਼ੁਰੂ ਹੋਣਗੀਆਂ। ਸਰਕਾਰ ਦੇ ਭਰੋਸੇ ਤੋਂ ਬਾਅਦ ਮਾਲ ਵਿਭਾਗ ਦੇ ਮੁਲਾਜ਼ਮਾਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ। ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਮਾਲ ਅਫਸਰ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ। ਮਾਲ ਅਫਸਰ ਕਈ ਦਿਨਾਂ ਤੋਂ ਹੜਤਾਲ ਉੱਪਰ ਸੀ। ਇਸ ਕਰਕੇ ਰਜਿਸਟਰੀਆਂ ਤੇ ਹੋਰ ਕੰਮ ਰੁਕੇ ਹੋਏ ਸੀ।
ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ। ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੁਸ਼ਕਲਾਂ ਸੁਣਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਐਨਓਸੀ ਸਬੰਧੀ ਵਿਸਤ੍ਰਿਤ ਹਦਾਇਤਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹੜਤਾਲ ’ਤੇ ਬੈਠੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਵਡੇਰੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਤੁਰੰਤ ਡਿਊਟੀ ਸੰਭਾਲ ਲੈਣ। ਮੀਟਿੰਗ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਨੇ ਮਾਲ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਦਰਸ਼ੀ ਢੰਗ ਨਾਲ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਤੁਰੰਤ ਕੰਮ 'ਤੇ ਆਉਣਗੇ।
ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੀ ਹੜਤਾਲ ਨੂੰ ਲੈ ਕੇ ਅਲਟੀਮੇਟਮ ਦਿੱਤਾ ਗਿਆ ਸੀ। ਹੜਤਾਲ 'ਤੇ ਚੱਲ ਰਹੇ ਮੁਲਾਜ਼ਮਾਂ ਲਈ ਸਰਕਾਰ ਵੱਲੋਂ ਨੋ ਵਰਕ ਨੋ ਪੇਅ ਲਾਗੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸਰਵਿਸ ਬ੍ਰੇਕ ਨੂੰ ਲੈ ਕੇ ਚੇਤਾਵਨੀ ਵੀ ਦਿੱਤੀ ਗਈ ਸੀ।