New York: ਵਰਲਡ ਸਿੱਖ ਪਾਰਲੀਮੈਂਟ ਵੱਲੋਂ ਨਿਊਯਾਰਕ 'ਚ ਪੀਐਮ ਮੋਦੀ ਦੇ ਵਿਰੋਧ ਦਾ ਐਲਾਨ
World Sikh Parliament: ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ ਦੀ ਬਣੀ ਜਥੇਬੰਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਐਲਾਨ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਊਯਾਰਕ ਆਉਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਰੋਸ...
Punjab News: ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ ਦੀ ਬਣੀ ਜਥੇਬੰਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਐਲਾਨ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਊਯਾਰਕ ਆਉਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਰੋਸ ਵਿਖਾਵਾ ਕੀਤਾ ਜਾਵੇਗਾ। ਜਥੇਬੰਦੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ 29 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੇ ਸਮਾਗਮ ਦੌਰਾਨ ਸੰਬੋਧਨ ਕਰਨ ਲਈ ਨਿਊਯਾਰਕ ਆਉਣਾ ਹੈ।
ਉਨ੍ਹਾਂ ਕਿਹਾ ਕਿ ਉਸ ਦਿਨ ਸਿੱਖ ਜਥੇਬੰਦੀਆਂ ਤੇ ਹੋਰ ਘੱਟ ਗਿਣਤੀਆਂ ਵੱਲੋਂ ਭਾਰਤ ਵਿੱਚ ਘੱਟ ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਖ਼ਿਲਾਫ਼ ਰੋਸ ਵਿਖਾਵਾ ਕੀਤਾ ਜਾਵੇਗਾ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਸਵੈ ਨਿਰਣੇ ਦਾ ਹੱਕ ਮੰਗਿਆ ਜਾ ਰਿਹਾ ਹੈ ਪਰ ਭਾਰਤ ਸਰਕਾਰ ਇਸ ਨੂੰ ਅਪਰਾਧ ਵਜੋਂ ਪੇਸ਼ ਕਰ ਰਹੀ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਲੜਾਈ ਦਾ ਐਲਾਨ
ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੇਵਾਮੁਕਤ ਸਿੱਖ ਜੱਜਾਂ ਤੇ ਸੀਨੀਅਰ ਵਕੀਲਾਂ ਨਾਲ ਇਸ ਮੁੱਦੇ ’ਤੇ ਵਿਸ਼ੇਸ਼ ਮੀਟਿੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਭਾਵੇਂ ਪਹਿਲਾਂ ਹੀ ਬੰਦੀ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ, ਪਰ ਹੁਣ ਵੱਖ-ਵੱਖ ਕਾਨੂੰਨੀ ਪਹਿਲੂਆਂ ਦੇ ਮੱਦੇਨਜ਼ਰ ਸਮੂਹਕ ਤੌਰ ’ਤੇ ਸਿੱਖ ਬੰਦੀਆਂ ਦਾ ਕੇਸ ਰੱਖਿਆ ਜਾਵੇਗਾ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਧਰਨੇ-ਮੁਜ਼ਾਹਰਿਆਂ ਤੋਂ ਇਲਾਵਾ ਕੇਂਦਰ ਸਰਕਾਰ ਕੋਲ ਆਵਾਜ਼ ਉਠਾ ਰਹੀ ਹੈ। ਹੁਣ ਸ਼੍ਰੋਮਣੀ ਕਮੇਟੀ ਕਾਨੂੰਨੀ ਪੱਖ ਤੋਂ ਵੀ ਲੜਾਈ ਵਿੱਢਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਮਲਾ ਕੌਮ ਦਾ ਸਭ ਤੋਂ ਅਹਿਮ ਮਾਮਲਾ ਹੈ, ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਸਬੰਧ ਵਿੱਚ ਕਾਨੂੰਨੀ ਮਾਹਰਾਂ ਨੇ ਬੈਠਕ ਦੌਰਾਨ ਅਹਿਮ ਸੁਝਾਅ ਦਿੱਤੇ ਹਨ, ਜਿਸ ਤਹਿਤ ਕਾਨੂੰਨੀ ਲੜਾਈ ਅੱਗੇ ਵਧਾਈ ਜਾਵੇਗੀ।