Punjab Weather Update: ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਨੇ ਅੱਜ ਮੌਸਮ ਨੂੰ ਲੈ ਕੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਤਿੰਨੋਂ ਖਿੱਤਿਆਂ, ਦੁਆਬਾ, ਮਾਝਾ ਤੇ ਮਾਲਵੇ ਵਿੱਚ ਮੀਂਹ ਪਵੇਗਾ।
ਮੌਸਮ ਵਿਭਾਗ ਮੁਤਾਬਕ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਫਾਜ਼ਿਲਕਾ ਤੇ ਮੋਗਾ ਨੂੰ ਛੱਡ ਕੇ ਕੱਲ੍ਹ ਵੀ ਮੌਸਮ ਅਜਿਹਾ ਹੀ ਰਹੇਗਾ। ਦੂਜੇ ਪਾਸੇ ਮੌਸਮ ਵਿਭਾਗ ਨੇ ਜਿਸ ਤਰ੍ਹਾਂ ਦਾ ਅਲਰਟ ਜਾਰੀ ਕੀਤਾ ਹੈ, ਉਸ ਨਾਲ ਪੰਜਾਬ ਦੇ ਪਹਿਲਾਂ ਹੀ ਪਾਣੀ ਵਿੱਚ ਡੁੱਬੇ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਸਕਦੀਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਭਾਵੇਂ ਪਿਛਲੇ 2-3 ਦਿਨਾਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਨਾ ਵਧਣ ਕਾਰਨ ਕੁਝ ਰਾਹਤ ਮਿਲੀ ਸੀ ਤੇ ਜਨ-ਜੀਵਨ ਵੀ ਲੀਹ 'ਤੇ ਆਉਣਾ ਸ਼ੁਰੂ ਹੋ ਗਿਆ ਸੀ, ਪਰ ਹੁਣ ਬਾਰਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘੱਟ ਸਕਦਾ ਹੈ। ਪਹਿਲਾਂ ਹੀ ਬਿਆਸ, ਰਾਵੀ ਤੇ ਸਤਲੁਜ ਦਰਿਆ ਤੇਜ਼ ਰਫ਼ਤਾਰ ਨਾਲ ਵਹਿ ਰਹੇ ਹਨ ਤੇ ਹੁਣ ਇਨ੍ਹਾਂ ਵਿੱਚ ਪਾਣੀ ਹੋਰ ਵਧ ਸਕਦਾ ਹੈ।
9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਐਲਾਨ ਕੀਤਾ ਹੈ। ਜਲੰਧਰ, ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਅੰਮ੍ਰਿਤਸਰ, ਫਰੀਦਕੋਟ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ 'ਤੇ ਰੁਕ-ਰੁਕ ਕੇ ਬਾਰਿਸ਼ ਜਾਰੀ ਰਹੇਗੀ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਇਸ ਤੋਂ ਇਲਾਵਾ ਹਿਮਾਚਲ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਦਰਿਆਵਾਂ 'ਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 2 ਫੁੱਟ ਵਧਣ ਦਾ ਅਨੁਮਾਨ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।