ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗਾਣੇ SYL ਅਤੇ ਕੰਵਰ ਗਰੇਵਾਲ ਦੇ ਬੰਦੀ ਸਿੰਘਾਂ ਦੀ ਰਿਹਾਈ ਨਾਲ ਜੁੜੇ ਗਾਣੇ Rihai 'ਤੇ ਕੇਂਦਰ ਸਰਕਾਰ ਵੱਲੋਂ ਪਾਬੰਦੀ ਲਗਾਏ ਜਾਣ ਦਾ ਜਿੱਥੇ ਹੋਰ ਲੋਕਾਂ ਵੱਲੋਂ ਵਿਰੋਧ ਜਤਾਇਆ ਜਾ ਰਿਹਾ ਹੈ ਉੱਥੇ ਹੀ ਅੱਜ ਮਾਨਸਾ ਵਿੱਚ ਯੂਥ ਅਕਾਲੀ ਦਲ ਵੱਲੋਂ ਰੋਸ ਪ੍ਰਗਟ ਕਰਦਿਆਂ ਟ੍ਰੈਕਟਰ ਮਾਰਚ ਕੱਢਿਆ ਗਿਆ।
ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦਫਤਰ ਤੋਂ ਸ਼ੁਰੂ ਹੋਇਆ ਟ੍ਰੈਕਟਰ ਮਾਰਚ ਡੀਸੀ ਦਫਤਰ ਪਹੁੰਚਿਆ। ਇਸ ਰੋਸ ਟ੍ਰੈਕਟਰ ਮਾਰਚ ਵਿੱਚ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਭਾਗ ਲਿਆ। ਜਿੰਨਾਂ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਚਹਿਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਐਸਵਾਈਐਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੰਵਰ ਗਰੇਵਾਲ ਵੱਲੋਂ ਗਾਇਆ ਗੀਤ ਬੈਨ ਕਰ ਦਿੱਤਾ ਗਿਆ ਹੈ, ਜਿਸਦੇ ਖਿਲਾਫ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਯੂਥ ਅਕਾਲੀ ਦਲ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਟਰੈਕਟਰ ਮਾਰਚ ਰਾਹੀਂ ਅਸੀਂ ਉਨ੍ਹਾਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਡੀ.ਸੀ. ਨੂੰ ਗਵਰਨਰ ਪੰਜਾਬ ਦੇ ਨਾਮ ਮੰਗ ਪੱਤਰ ਵੀ ਦੇਵਾਂਗੇ।