Barnala News : ਬਰਨਾਲਾ ਵਿੱਚ ਬੁੱਧਵਾਰ ਨੂੰ ਮੁੱਖ ਬੱਸ ਸਟੈਂਡ ਦੇ ਸਾਹਮਣੇ ਇੱਕ ਖਾਲੀ ਪਲਾਟ ਵਿੱਚ ਕਰੀਬ 30 ਸਾਲਾ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸਥਾਨਕ ਲੋਕਾਂ ਵੱਲੋਂ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

Continues below advertisement

ਜਾਣਕਾਰੀ ਮੁਤਾਬਕ, ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਇਸ ਤੋਂ ਬਾਅਦ ਲਾਸ਼ ਨੂੰ ਨੌਜਵਾਨ ਦੀ ਪਛਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਪੁਲਿਸ ਅਨੁਸਾਰ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ। ਮ੍ਰਿਤਕ ਦੀ ਪਛਾਣ ਕਰਨ ਲਈ ਆਸ-ਪਾਸ ਦੇ ਥਾਣਿਆਂ ਅਤੇ ਪੁਲਿਸ ਚੌਕੀਆਂ ਨੂੰ ਵੀ ਸੂਚਨਾ ਭੇਜ ਦਿੱਤੀ ਗਈ ਹੈ।

Continues below advertisement

ਕਾਂਗਰਸੀ ਆਗੂ ਨੇ ਸਰਕਾਰ ਅਤੇ ਪੁਲਿਸ ਨੂੰ ਘੇਰਿਆ

ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਜਸਕਰਨ ਸਿੰਘ ਆਪਣੇ ਵਰਕਰਾਂ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਕੀਤੇ।

ਜਸਕਰਨ ਸਿੰਘ ਨੇ ਆਰੋਪ ਲਾਇਆ ਕਿ ਇਸ ਖਾਲੀ ਪਲਾਟ ਵਿੱਚ ਅਕਸਰ ਨਸ਼ਾ ਕਰਨ ਵਾਲੇ ਲੋਕ ਬੈਠਦੇ ਹਨ ਅਤੇ ਚਿੱਟੇ ਦਾ ਸੇਵਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਕਈ ਵਾਰ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤਾਂ ਵੀ ਕੀਤੀਆਂ ਗਈਆਂ ਹਨ, ਪਰ ਇੱਥੇ ਨਾ ਤਾਂ ਨਿਯਮਤ ਗਸ਼ਤ ਕੀਤੀ ਗਈ ਅਤੇ ਨਾ ਹੀ ਕੋਈ ਪੱਕੀ ਕਾਰਵਾਈ ਹੋਈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਜਦਕਿ ਸਰਕਾਰ ਵੱਲੋਂ ਸਿਰਫ਼ ਕਾਗਜ਼ਾਂ ਵਿੱਚ ਹੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।