Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਹਨਾਂ ਨੂੰ ਇਸ ਹਲਕੇ ਦੀ ’ਸੇਵਾ’ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ ਤੇ ਉਹ ਉਸੇ ਲਗਨ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ ਜਿਵੇਂ ਸਾਬਕਾ ਮੁੱਖ ਮੰਤਰੀ ਕਰਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਹਲਕੇ ਦੇ ਲੋਕਾਂ ਨਾਲ ਕੋਈ ਅਨਿਆਂ ਨਾ ਹੋਵੇ।


ਇਥੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋ਼ ਆਯੋਜਿਤ ਯੁਵਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਦਲ ਸਾਹਿਬ ਨੇ ਤੁਹਾਡੇ ਵਾਸਤੇ ਜੋ ਸੰਭਵ ਸੀ ਕੀਤਾ। ਉਹਨਾਂ ਇਸ ਰੇਗਿਸਤਾਨ ਖਿੱਤੇ ਨੂੰ ਹਰਿਆਵਲ ਸਵਰਗ ਵਿਚ ਬਦਲ ਦਿੱਤਾ। ਉਹਨਾਂ ਨੇ ਨਾ ਸਿਰਫ ਇਸ ਇਲਾਕੇ ਦੇ ਸਾਰੇ ਪਿੰਡਾਂ ਵਿਚ ਸਿੰਜਾਈ ਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਦਿੱਤੀਆਂ ਬਲਕਿ ਆਧੁਨਿਕ ਦੌਰ ਦੀਆਂ ਸ਼ਹਿਰੀ ਨਾਗਰਿਕ ਸਹੂਲਤਾਂ ਵੀ ਦਿੱਤੀਆਂ। ਇਸ ਹਲਕੇ ਵਿਚ 7 ਸਾਲਾਂ ਤੋਂ ਕੋਈ ਵਿਕਾਸ ਨਹੀਂ ਹੋਇਆ। ਮੈਂ ਇਸ ਹਲਕੇ ਦੇ ਵਿਕਾਸ ਤੇ ਇਥੇ ਨੌਕਰੀਆਂ ਲਿਆਉਣ ਲਈ ਵਚਨਬੱਧ ਹਾਂ।


ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਇਸ ਹਲਕੇ ਤੋਂ ਹਾਰਨੇ ਨਹੀਂ ਚਾਹੀਦੇ ਸਨ। ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਨੌਜਵਾਨ ਤੇ ਸਮਾਜ ਦੇ ਸਾਰੇ ਵਰਗ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਦੇ ਮਾੜੇ ਮਨਸੂਬਿਆਂ ਤੋਂ ਜਾਣੂ ਹੋਣ ਤੇ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ ਤਾਂ ਜੋ ਪੰਜਾਬ ਵਿਰੋਧੀ ਪਾਰਟੀਆਂ ਨੂੰ ਮਾਤ ਦਿੱਤੀ ਜਾ ਸਕੇ।


ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਸਮਾਜ ਦਾ ਹਰ ਵਰਗ ਅੱਜ ਪੀੜਤ ਹੈ ਜਦੋਂ ਕਿ ਆਪ ਨੂੰ ਬਹੁਤ ਵੱਡੇ ਬਹੁਮਤ ਨਾਲ ਸਰਕਾਰ ਦੀ ਵਾਗਡੋਰ ਸੌਂਪੀ ਗਈ ਸੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵਾਰ-ਵਾਰ ਫਸਲਾਂ ਦੇ ਹੋ ਰਹੇ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਤੇ ਜੁਲਾਈ ਵਿਚ ਆਏ ਹੜ੍ਹਾਂ ਦੇ ਮਾਮਲੇ ਵਿਚ ਹਾਲੇ ਤੱਕ ਗਿਰਦਾਵਰੀ ਹੀ ਪੂਰੀ ਨਹੀਂ ਕੀਤੀ ਗਈ।


ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਨੇ ਪਹਿਲਾਂ ਬਾਦਲ ਸਰਕਾਰ ਵੱਲੋਂ ਦਿੱਤੀ ਜਾ ਰਹੀ 200 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਨਾਲੋਂ 100 ਯੂਨਿਟ ਵੱਧ ਬਿਜਲੀ ਦਿੱਤੀ। ਉਹਨਾਂ ਕਿਹਾ ਕਿ ਬਦਲੇ ਵਿਚ ਸਰਕਾਰ ਨੇ ਤੇਲ ਕੀਮਤਾਂ ਵਿਚ 2.50 ਰੁਪਏ ਪ੍ਰਤੀ ਲੀਟਰ ਵਾਧਾ ਕਰ ਦਿੱਤਾ ਤੇ ਸ਼ਗਨ ਸਕੀਮ, ਐਸ ਸੀ ਸਕਾਲਰਸ਼ਿਪ ਸਕੀਮ, ਲੜਕੀਆਂ ਲਈ ਮੁਫਤ ਸਾਈਕਲਾਂ ਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਮੇਤ ਸਾਰੇ ਸਮਾਜ ਭਲਾਈ ਲਾਭ ਬੰਦ ਕਰ ਦਿੱਤੇ। ਉਹਨਾਂ ਕਿਹਾ ਕਿ ਆਟਾ ਦਾਲ ਸਕੀਮ ਵੀ ਬੰਦ ਕਰ ਦਿੱਤੀ ਗਈ ਤੇ ਆਪ ਸਰਕਾਰ ਸਿਰਫ ਲਾਭਪਾਤਰੀਆਂ ਨੂੰ ਆਟਾ ਪ੍ਰਦਾਨ ਕਰ ਰਹੀ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਬੁਢਾਪਾ ਪੈਨਸ਼ਨ ਸਕੀਮ ਵਿਚੋਂ ਲੱਖਾਂ ਲੋਕਾਂ ਦੇ ਨਾਂ ਕੱਟ ਦਿੱਤੇ ਗਏ ਹਨ।


ਬਾਦਲ ਨੇ ਆਪ ਵਿਧਾਇਕਾਂ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਦਾ ਵੀ ਜ਼ਿਕਰ ਕੀਤਾ ਤੇ ਦੱਸਿਆ ਕਿ ਕਿਵੇਂ ਕਾਨੂੰਨ ਵਿਵਸਥਾ ਢਹਿ ਢੇਰੀ ਹੋਗਈ  ਹੈ ਤੇ ਨਸ਼ਾ ਤਸਕਰੀ ਵੱਧ ਗਈ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਖਡੂਰ ਸਾਹਿਬ ਦੇ ਵਿਧਾਇਕ ਨੇ ਸਰਕਾਰ ਨੂੰ ਬਲੈਕਮੇਲ ਕੀਤਾ ਜਿਸ ਕਾਰਨ ਇਕ ਇਮਾਨਦਾਰ ਪੁਲਿਸ ਅਫਸਰ ਦਾ ਤਬਾਦਲਾ ਕੀਤਾ ਗਿਆ ਜਿਸਨੇ ਉਸਦੇ ਜੀਜੇ ਨੂੰ ਨਜਾਇਜ਼ ਮਾਇਨਿੰਗ ਵਿਚ ਗ੍ਰਿਫਤਾਰ ਕੀਤਾ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਵਿਧਾਇਕ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਤੇ ਉਹਨਾਂ ਤੋਂ ਮਹੀਨੇ ਲੈ ਰਹੇ ਹਨ ਜਿਸ ਕਾਰਨ ਨਸ਼ਿਆਂ ਦਾ ਕਾਰੋਬਾਰ ਬਹੁਤ ਜ਼ਿਆਦਾ ਵੱਧ ਗਿਆ ਹੈ।


ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਇਹ ਦੱਸਿਆ ਕਿ ਕਿਵੇਂ ਨੌਜਵਾਨਾਂ ਨੂੰ ਕੀਤੇ ਵਾਅਦੇ ਅਨੁਸਾਰ ਰੋਜ਼ਗਾਰ ਨਾਲ ਨਹੀਂ ਮਿਲ ਰਹੇ ਤੇ ਆਪ ਸਰਕਾਰ ਉਹਨਾਂ ਦੇ ਰੋਸ ਪ੍ਰਗਟਾਵੇ ਦੇ ਲੋਕਤੰਤਰੀ ਅਧਿਕਾਰ ਨੂੰ ਕੁਚਲ ਰਹੀ ਹੈ।