ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਦੇ ਕਈ ਹਿੱਸਿਆਂ 'ਚ ਸੀਏਏ ਅਤੇ ਇਸਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਾਲੇ ਹੋਈ ਝੜਪ ਨੇ ਜ਼ਬਰਦਸਤ ਰੂਪ ਲੈ ਲਿਆ। ਜ਼ਫ਼ਰਾਬਾਦ ਅਤੇ ਮੌਜਪੁਰ ਖੇਤਰਾਂ 'ਚ ਸੀਏਏ ਦੇ ਸਮਰਥਨ ਅਤੇ ਵਿਰੋਧ ਵਿੱਚ ਸਮੂਹਾਂ ਵਿਚਕਾਰ ਹੋਈ ਝੜਪ ਵਿੱਚ ਅੱਜ ਦਿੱਲੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ।

ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਦੇ ਲੋਕਾਂ ਨੂੰ ਸੰਜਮ ਅਤੇ ਸ਼ਾਂਤੀ ਵਰਤਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਅਨਿਲ ਬੈਜਲ ਸਮੇਤ ਕਈ ਨੇਤਾਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।


ਸੀਏਏ ਦੇ ਹੱਕ ਅਤੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ 'ਚ ਭਾਰੀ ਪੱਥਰਬਾਜ਼ੀ ਹੋਈ। ਪ੍ਰਦਰਸ਼ਨਕਾਰੀਆਂ ਨੇ ਕਈ ਵਾਹਨਾਂ, ਘਰਾਂ, ਦੁਕਾਨਾਂ ਅਤੇ ਵਾਹਨਾਂ ਨੂੰ ਅੱਗ ਲਾ ਦਿੱਤੀ। ਪੈਟਰੋਲ ਪੰਪ 'ਤੇ ਵੀ ਅੱਗ ਲੱਗੀ ਹੋਈ ਹੈ। ਪੁਲਿਸ ਨੇ ਉੱਤਰ-ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਧਾਰਾ 144 ਲਾਗੂ ਕੀਤੀ ਹੈ।