ਨਵੀ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੂੰ ਸੰਯੁਕਤ ਕਿਸਾਨ ਮੋਰਚਾ ਤੋਂ ਮੁਅੱਤਲ ਨਹੀਂ ਕੀਤਾ ਗਿਆ ਹੈ। ਇਸ ਬਾਰੇ ਸੰਯੁਕਤ ਕਿਸਾਨ ਮੋਰਚਾ ਨੇ ਪ੍ਰੈਸ ਕਾਨਫਰੰਸ ਦੌਰਾਨ ਸਪਸ਼ਟ ਕੀਤਾ।ਗੁਰਨਾਮ ਸਿੰਘ ਚੜੂਨੀ ਕੱਲ੍ਹ ਕੇਂਦਰ ਨਾਲ ਵਾਲੀ ਮੀਟਿੰਗ 'ਚ ਵੀ ਸ਼ਾਮਿਲ ਹੋਣਗੇ। ਸੰਯੁਕਤ ਕਿਸਾਨ ਮੋਰਚਾ ਵਲੋਂ ਚੜੂਨੀ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ। ਗੁਰਨਾਮ ਸਿੰਘ ਚੜ੍ਹੂਨੀ ਨੇ ਕਿਸਾਨ ਅੰਦੋਲਨ ’ਚ ਸ਼ਾਮਲ ਮੱਧ ਪ੍ਰਦੇਸ਼ ਦੇ ਕਿਸਾਨ ਲੀਡਰ ਸ਼ਿਵ ਕੁਮਾਰ ਕੱਕਾ ਨੂੰ ਆਰਐਸਐਸ ਦਾ ਏਜੰਟ ਦੱਸਿਆ ਸੀ।

ਇਸ ਇਲਜ਼ਾਮ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਬੇਬੁਨਿਆਦੀ ਦੱਸਿਆ ਗਿਆ ਹੈ।ਬੀਤੇ ਦਿਨੀਂ ਗੁਰਨਾਮ ਸਿੰਘ  ਚੜੂਨੀ ਨੇ ਦਿੱਲੀ ਵਿਖੇ ਕੰਸਟੀਟਿਊਸ਼ਨ ਕਲੱਬ ਵਿਖੇ ਕੁਝ ਸਿਆਸੀ ਲੀਡਰਾਂ ਨਾਲ ਹੋਈ ਮੀਟਿੰਗ ਕੀਤੀ ਸੀ। ਇਸ 'ਚ ਪੰਜਾਬ ਕਾਂਗਰਸ ਦੇ ਸਾਂਸਦ ਤੇ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਸ ਦੇ ਲੀਡਰ ਪਰਮਿੰਦਰ ਸਿੰਘ ਢੀਂਡਸਾ, ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਸਮੇਤ ਹੋਰਨਾਂ ਰਾਜਾਂ ਦੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ਸੀ।


ਇਸ ਮੀਟਿੰਗ 'ਚ ਪੰਜਾਬ ਅਤੇ ਦਿੱਲੀ ਦੇ ਕਈ ਵਿਧਾਇਕਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ 'ਚ ਦਾਦਰੀ ਦੇ ਸੁਤੰਤਰ ਵਿਧਾਇਕ ਸੋਮਵੀਰ ਸੰਗਵਾਨ ਵੀ ਸ਼ਾਮਲ ਸੀ। ਇਨ੍ਹਾਂ ਵਿਧਾਇਕਾਂ ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ ਨੂੰ ਕਿਸਾਨ ਸੰਸਦ ਵਲੋਂ ਬੁਲਾਇਆ ਗਿਆ ਸੀ, ਜੋ ਕਿ ਕਿਸਾਨ ਕਾਨੂੰਨਾਂ ਦੇ ਵਿਰੁੱਧ ਹਨ। ਇਸ ਮੀਟਿੰਗ ਤੋਂ ਬਾਅਦ ਇਹ ਖਬਰਾਂ ਆ ਰਹੀਆਂ ਸੀ ਕਿ ਚੜੂਨੀ ਨੂੰ ਸੰਯੁਕਤ ਕਿਸਾਨ ਮੋਰਚਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਉਹ ਕੱਲ੍ਹ ਹੋਣ ਵਾਲੀ ਮੀਟਿੰਗ 'ਚ ਵੀ ਸ਼ਾਮਿਲ ਨਹੀਂ ਹੋਣਗੇ। ਜਿਸ 'ਤੇ ਸੰਯੁਕਤ ਕਿਸਾਨ ਮੋਰਚਾ ਨੇ ਸਫਾਈ ਦੇ ਦਿੱਤੀ ਹੈ।