ਚੰਡੀਗੜ੍ਹ: ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ। ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ ਤੇ ਐਸਟੀਐਫ ਪੂਰੀ ਸਰਗਰਮੀ ਨਾਲ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਜਿਨ੍ਹਾਂ ਦੋਸ਼ੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਹੁਣ ਉਹ ਹੋਰ ਸਮਾਂ ਨਹੀਂ ਬਚ ਸਕਣਗੇ।


ਸਰਕਾਰ ਦੇ ਇਸ਼ਾਰੇ ਮਗਰੋਂ ਐਸਟੀਐਫ ਚੌਕਸ ਹੋ ਗਈ ਹੈ। ਪਤਾ ਲੱਗਾ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਸਾਜ਼ਿਸ਼ ਰਚਣ ਦੇ ਦੋਸ਼ਾਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਸੋਮਵਾਰ ਨੂੰ ਸੁਨਾਰੀਆ ਜੇਲ੍ਹ ਵਿੱਚ ਪੁੱਛ ਪੜਤਾਲ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਤੋਂ ਪੁੱਛ ਪੜਤਾਲ ਕਰਨ ਲਈ ਆਪਣੀ ਕਾਰਵਾਈ ਮੁਕੰਮਲ ਕਰ ਲਈ ਹੈ ਤੇ ਉਸ ਨੇ 200 ਸਵਾਲਾਂ ਦੀ ਸੂਚੀ ਵੀ ਤਿਆਰ ਕੀਤੀ ਹੈ, ਜੋ ਡੇਰਾ ਮੁਖੀ ਤੋਂ ਪੁੱਛੇ ਜਾਣੇ ਹਨ। 



ਸੂਤਰਾਂ ਮੁਤਾਬਕ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ 8 ਨਵੰਬਰ ਨੂੰ ਸਵੇਰੇ 8 ਵਜੇ ਸੁਨਾਰੀਆ ਜੇਲ੍ਹ ਜਾਵੇਗੀ। ਜਾਂਚ ਟੀਮ ਨੇ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਡੇਰਾ ਮੁਖੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਇਸ ਮੰਗ ਨੂੰ ਗ਼ੈਰਕਾਨੂੰਨੀ ਦੱਸਿਆ ਸੀ। 



ਹਾਈ ਕੋਰਟ ਨੇ ਡੇਰਾ ਮੁਖੀ ਨੂੰ ਫ਼ਰੀਦਕੋਟ ਅਦਾਲਤ ਵਿੱਚ ਲਿਆਉਣ ਦੇ ਹੁਕਮ ਨੂੰ ਰੱਦ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤੇ ਸਨ ਕਿ ਡੇਰਾ ਮੁਖੀ ਨੂੰ ਪੁੱਛ ਪੜਤਾਲ ਲਈ ਜੇਲ੍ਹ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਕੀਤਾ ਜਾਵੇ। ਹਰਿਆਣਾ ਸਰਕਾਰ ਨੇ ਡੇਰਾ ਮੁਖੀ ਨੂੰ ਪੜਤਾਲ ਵਿੱਚ ਸ਼ਾਮਲ ਕਰਵਾਉਣ ਲਈ ਮੁੱਢਲੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।