ਸੁਨਾਮ: ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇ ਮਹਿਲਾ ਵਿੰਗ ਦੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਣੇ ਵੱਡੀ ਗਿਣਤੀ 'ਚ ਅਕਾਲੀ ਨੇਤਾਵਾਂ ਤੇ ਵਰਕਰਾਂ ਨੇ ਢੀਂਡਸਾ ਪਰਿਵਾਰ ਦੇ ਹੱਕ 'ਚ ਆਪਣੇ ਅਹੁਦਿਆਂ ਤੋਂ ਅਸਤੀਫੇ ਦੇਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਵੱਡੀ ਗਿਣਤੀ 'ਚ ਜੁਟੇ ਅਕਾਲੀ ਵਰਕਰਾਂ ਨੇ ਬੈਠਕ ਕਰਕੇ ਢੀਂਡਸਾ ਪਰਿਵਾਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਬੈਠਕ ਦੌਰਾਨ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਢੀਂਡਸਾ, ਮਹਿਲਾ ਵਿੰਗ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਨੀਤਾ ਸ਼ਰਮਾ, ਸਥਾਨਕ ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ, ਸਰਪੰਚ ਚਮਕੌਰ ਸਿੰਘ, ਯਾਦਵਿੰਦਰ ਨਿਰਮਾਣ, ਪਰਮਿੰਦਰ ਸਿੰਘ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ।

ਇਸ ਦੌਰਾਨ ਬੈਠਕ ਨੂੰ ਸੰਬੋਧਨ ਕਰਦੇ ਹੋਏ ਪ੍ਰਿਤਪਾਲ ਸਿੰਘ ਹਾਂਡਾ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਪ੍ਰਧਾਨ ਬਣੇ ਹਨ, ਉਦੋਂ ਤੋਂ ਹੀ ਅਕਾਲੀ ਦਲ ਸਿਧਾਂਤਾ ਤੋਂ ਪੱਛੜ ਗਿਆ ਹੈ ਤੇ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਆਪਣੀ ਜੱਦੀ-ਜਾਇਦਾਦ ਮੰਨ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਢੀਂਡਸਾ ਨੇ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਨ ਦਾ ਜੋ ਬੀੜਾ ਚੁੱਕਿਆ ਹੈ, ਉਹ ਵਧੀਆ ਕਦਮ ਹੈ।