ਨਵੀਂ ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਿੱਖ ਸੰਤ ਰਾਮ ਸਿੰਘ ਦੀ ਮੌਤ ‘ਤੇ ਦੁੱਖ ਜ਼ਾਹਰ ਕੀਤਾ ਹੈ। ਸੰਤ ਰਾਮ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਦੇ ਦਰਦ ਤੋਂ ਦੁਖੀ ਹੋ ਕੇ ਸਿੰਘੂ ਬਾਰਡਰ ਨੇੜੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਸੀ। ਮੁੱਖ ਮੰਤਰੀ ਨੇ ਰਾਮ ਸਿੰਘ ਦੀ ਮੌਤ ਨੂੰ ਸੰਤ ਸਮਾਜ, ਦੇਸ਼ ਤੇ ਰਾਜ ਦਾ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਪੁਲਿਸ ਅਨੁਸਾਰ ਸੰਤ ਰਾਮ ਸਿੰਘ ਨੇ ਕਥਿਤ ਤੌਰ ਤੇ ਇੱਕ ਪੰਜਾਬੀ ਵਿੱਚ ਹੱਥ ਲਿਖਤ ਨੋਟ ਵੀ ਛੱਡਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ‘ਕਿਸਾਨਾਂ ਦੇ ਦੁੱਖ’ ਨੂੰ ਸਹਿਣ ਦੇ ਸਮਰਥ ਨਹੀਂ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਟਵੀਟ ਵਿੱਚ ਲਿਖਿਆ, “ਸੰਤ ਬਾਬਾ ਰਾਮ ਸਿੰਘ ਜੀ ਦੀ ਮੌਤ ਸੰਤ ਸਮਾਜ, ਦੇਸ਼, ਰਾਜ ਤੇ ਮੇਰੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਹ ਬੜੇ ਦੁੱਖ ਦਾ ਪਲ ਹੈ, ਬਾਬਾ ਜੀ ਦੀ ਰੂਹ, ਪਰਮਾਤਮਾ ਵਿੱਚ ਲੀਨ ਹੋਵੇ। ਅਸੀਂ ਉਨ੍ਹਾਂ ਦੁਆਰਾ ਦਰਸਾਏ ਮਨੁੱਖ ਭਲਾਈ ਦੇ ਮਾਰਗ 'ਤੇ ਚੱਲਣ ਲਈ ਦ੍ਰਿੜ ਹਾਂ, ਇਹ ਹੀ ਉਨ੍ਹਾਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ।”
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਤ ਰਾਮ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ, "ਸੰਤ ਬਾਬਾ ਰਾਮ ਸਿੰਘ ਜੀ ਦੀ ਖੁਦਕੁਸ਼ੀ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਾਡਾ ਕਿਸਾਨ ਆਪਣੇ ਹੱਕ ਦੀ ਮੰਗ ਕਰ ਰਿਹਾ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਸੁਣੇ ਤੇ ਤਿੰਨੇ ਕਾਲੇ ਕਾਨੂੰਨ ਵਾਪਸ ਲਵੇ।”
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ, "ਕਰਨਾਲ ਦੇ ਸੰਤ ਬਾਬਾ ਰਾਮ ਸਿੰਘ ਜੀ ਨੇ ਕਿਸਾਨਾਂ ਦੀ ਦੁਰਦਸ਼ਾ ਨੂੰ ਵੇਖਦਿਆਂ ਖ਼ੁਦਕੁਸ਼ੀ ਕਰ ਲਈ। ਇਸ ਦੁੱਖ ਦੀ ਘੜੀ ਵਿੱਚ ਮੇਰਾ ਦੁੱਖ ਤੇ ਸ਼ਰਧਾਂਜਲੀ। ਬਹੁਤ ਸਾਰੇ ਕਿਸਾਨਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ। ਮੋਦੀ ਸਰਕਾਰ ਦੀ ਬੇਰਹਿਮੀ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਜ਼ਿੱਦ ਨੂੰ ਛੱਡੋ ਤੇ ਤੁਰੰਤ ਖੇਤੀ-ਵਿਰੋਧੀ ਕਾਨੂੰਨ ਵਾਪਸ ਲਓ!”