ਸੰਯੁਕਤ ਕਿਸਾਨ ਮੋਰਚਾ ਨੇ 333ਵੇਂ ਦਿਨ ਸੜਕਾਂ ਜਾਮ ਕਰ ਲਾਇਆ ਧਰਨਾ, ਐਸਡੀਐਮ ਨੂੰ ਬਰਖਾਸਤ ਕਰਨ ਦੀ ਮੰਗ
ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਜਾਣ ਵਾਲਾ ਧਰਨਾ ਵੱਖ ਵੱਖ ਥਾਂਈ ਸੜਕਾਂ ਜਾਮ ਕਰਨ ਦੇ ਰੂਪ 'ਚ ਲੱਗਿਆ।
ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਜਾਣ ਵਾਲਾ ਧਰਨਾ ਵੱਖ ਵੱਖ ਥਾਂਈ ਸੜਕਾਂ ਜਾਮ ਕਰਨ ਦੇ ਰੂਪ 'ਚ ਲੱਗਿਆ। ਹੰਢਿਆਇਆ ਬਾਈਪਾਸ ਪੁੱਲ ਤੋਂ ਇਲਾਵਾ ਧਰਨਾਕਾਰੀਆਂ ਨੇ ਸਹਿਜੜਾ, ਪੱਖੋ ਮੋਗਾ-ਬਾਈਪਾਸ, ਤਪਾ ਤੇ ਭਦੌੜ ਥਾਵਾਂ 'ਤੇ ਵੀ ਸੜਕਾਂ ਜਾਮ ਕੀਤੀਆਂ। ਕਿਸਾਨ ਲੀਡਰਾਂ ਨੇ ਕਿਹਾ ਕੱਲ੍ਹ ਕਰਨਾਲ ਵਿੱਚ ਕਿਸਾਨ, ਆਪਣੇ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਅਨੁਸਾਰ, ਬੀਜੇਪੀ ਨੇਤਾਵਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਸਨ। ਹਰਿਆਣਾ ਸਰਕਾਰ ਨੇ ਕਿਸਾਨਾਂ 'ਤੇ ਵਹਿਸ਼ੀ ਲਾਠੀਚਾਰਜ ਕਰਨ ਦੀ ਪਹਿਲਾਂ ਤੋਂ ਹੀ ਕੋਝੀ ਸਾਜਿਸ਼ ਰਚੀ ਹੋਈ ਸੀ।
ਉਨ੍ਹਾਂ ਕਿਹਾ ਇਸ ਸਾਜਿਸ਼ ਦਾ ਸਬੂਤ ਉਹ ਵਾਇਰਲ ਹੋਈ ਵੀਡੀਓ ਹੈ ਜਿਸ ਵਿੱਚ ਐਸਡੀਐਮ ਅਯੂਸ਼ ਸਿਨਹਾ ਪੁਲਿਸ ਅਧਿਕਾਰੀਆਂ ਨੂੰ 'ਡਾਗਾਂ ਨਾਲ ਕਿਸਾਨਾਂ ਦੇ ਸਿਰ ਭੰਨ ਦੇਣ' ਦਾ ਆਦੇਸ਼ ਦਿੰਦਾ ਸਾਫ ਸੁਣਾਈ ਦਿੰਦਾ ਹੈ। ਇਸੇ ਸਾਜਿਸ਼ ਤਹਿਤ ਪਹਿਲਾਂ ਤੋਂ ਹੀ ਆਮ ਜਰੂਰਤ ਤੋਂ ਕਈ ਗੁਣਾਂ ਵਧੇਰੇ ਪੁਲਿਸ ਨਫਰੀ ਦਾ ਇੰਤਜ਼ਾਮ ਕੀਤਾ ਹੋਇਆ ਸੀ। ਹਾਲਤਾਂ ਦੀ ਤਰਾਸਦੀ ਦੇਖੋ, ਜਿਸ ਦਿਨ ਪ੍ਰਧਾਨ ਮੰਤਰੀ ਮੋਦੀ, ਨਵੀਨੀਕਰਨ ਬਾਅਦ ਜੱਲ੍ਹਿਆਂ ਵਾਲੇ ਬਾਗ ਦਾ ਵਰਚੂਅਲ ਉਦਘਾਟਨ ਕਰ ਰਿਹਾ ਸੀ, ਹਰਿਆਣਾ ਪੁਲਿਸ ਕਿਸਾਨਾਂ ਨੂੰ ਲਹੂ-ਲੁਹਾਨ ਕਰ ਰਹੀ ਸੀ। ਮਾਵਾਂ -ਭੈਣਾਂ ਦੀਆਂ ਗਾਲ੍ਹਾਂ ਦਾ ਮੀਂਹ ਵਰ੍ਹਾ ਰਹੀ ਸੀ।
ਆਗੂਆਂ ਨੇ ਕਿਹਾ ਕਿ ਦਰਅਸਲ ਗੈਰ-ਸੰਵਿਧਾਨਕ ਖੇਤੀ ਕਾਨੂੰਨ ਬਣਾ ਕੇ ਸਰਕਾਰ ਇਖਲਾਕੀ ਤੌਰ 'ਤੇ ਹਾਰੀ ਹੋਈ ਹੈ ਅਤੇ ਕਿਸਾਨ ਅੰਦੋਲਨ ਨੂੰ ਖਦੇੜਨ ਦੇ ਇਸ ਦੇ ਸਾਰੇ ਹੱਥਕੰਡੇ ਵੀ ਫੇਲ੍ਹ ਹੋ ਚੁੱਕੇ ਹਨ। ਸਰਕਾਰ ਕਿਸੇ ਵੀ ਹੀਲੇ ਕਿਸਾਨ ਅੰਦੋਲਨ ਨੂੰ ਲੀਹੋਂ ਲਾਉਣਾ ਚਾਹੁੰਦੀ ਹੈ। ਪਰ ਕਿਸਾਨ ਸਰਕਾਰ ਦੀਆਂ ਸਾਰੀਆਂ ਚਾਲਾਂ ਨੂੰ ਫੇਲ੍ਹ ਕਰ ਦੇਣਗੇ ਅਤੇ ਇਸ ਦੇ ਲਾਠੀਚਾਰਜਾਂ ਤੋਂ ਨਾ ਹੀ ਡਰਨਗੇ ਅਤੇ ਨਾ ਹੀ ਇਨ੍ਹਾਂ ਨੂੰ ਚੁੱਪ-ਚਾਪ ਸਹਿਣ ਕਰਨਗੇ।
ਬੁਲਾਰਿਆਂ ਨੇ ਮੰਗ ਕੀਤੀ ਕਿ ਐਸਡੀਐਮ ਕਰਨਾਲ ਅਯੂਸ਼ ਸਿਨਹਾ ਨੂੰ ਬਰਖਾਸਤ ਕੀਤਾ ਜਾਵੇ ਅਤੇ ਇਸ ਲਾਠੀਚਾਰਜ ਲਈ ਜਿੰਮੇਵਾਰ ਦੂਸਰੇ ਅਧਿਕਾਰੀਆਂ ਵਿਰੁੱਧ ਵੀ ਢੁੱਕਵੀਂ ਕਾਰਵਾਈ ਕੀਤੀ ਜਾਵੇ। ਕਿਸਾਨ ਸੜਕਾਂ ਜਾਮ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਚਾਹੁੰਦੇ ਪਰ ਸਰਕਾਰ ਜਾਣਬੁੱਝ ਕੇ ਸਾਨੂੰ ਅਜਿਹਾ ਕਰਨ ਲਈ ਮਜ਼ਬੂਰ ਕਰਦੀ ਹੈ। ਅਸੀਂ ਸਾਰੀ ਪ੍ਰੇਸ਼ਾਨੀ ਖੁਦ ਆਪਣੇ ਪਿੰਡਿਆਂ 'ਤੇ ਝੱਲ ਕੇ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਾਂ ਜੋ ਕਾਨੂੰਨ ਸਾਰੇ ਵਰਗਾਂ ਲਈ ਖਤਰਨਾਕ ਹਨ।