ਸੰਯੁਕਤ ਕਿਸਾਨ ਮੋਰਚਾ ਨੂੰ ਕਾਂਗਰਸ ਸਣੇ 12 ਵਿਰੋਧੀ ਪਾਰਟੀਆਂ ਦਾ ਸਮਰਥਨ, 26 ਮਈ ਨੂੰ ਕਿਸਾਨ ਕਰਨਗੇ ਦੇਸ਼ਵਿਆਪੀ ਪ੍ਰਦਰਸ਼ਨ
ਦੇਸ਼ ਦੀਆਂ 12 ਵੱਡੀਆਂ ਵਿਰੋਧੀ ਪਾਰਟੀਆਂ ਨੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਈ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੀ ਹਮਾਇਤ ਕੀਤੀ ਹੈ।
ਨਵੀਂ ਦਿੱਲੀ: ਦੇਸ਼ ਦੀਆਂ 12 ਵੱਡੀਆਂ ਵਿਰੋਧੀ ਪਾਰਟੀਆਂ ਨੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਈ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੀ ਹਮਾਇਤ ਕੀਤੀ ਹੈ। ਦੱਸ ਦੇਈਏ ਕਿ 26 ਮਈ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਦੇ ਮੌਕੇ 'ਤੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
ਵਿਰੋਧੀ ਪਾਰਟੀਆਂ ਨੇ ਸਾਂਝਾ ਬਿਆਨ ਜਾਰੀ ਕਰਕੇ 26 ਮਈ ਦੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਬਿਆਨ 'ਚ ਕਿਹਾ ਗਿਆ ਹੈ, ''12 ਮਈ ਨੂੰ, ਅਸੀਂ ਸਾਂਝੇ ਤੌਰ 'ਤੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖਿਆ ਸੀ ਕਿ ਮਹਾਂਮਾਰੀ ਦਾ ਸ਼ਿਕਾਰ ਬਣ ਰਹੇ ਲੱਖਾਂ ਅਨੰਦਾਤਾਵਾਂ ਨੂੰ ਬਚਾਉਣ ਲਈ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੀਆਂ ਫਸਲਾਂ ਉਗਾ ਕੇ ਭਾਰਤੀ ਜਨਤਾ ਦਾ ਢਿੱਡ ਭਰ ਸਕਣ।'
ਬਿਆਨ ਦੇ ਅਨੁਸਾਰ, "ਅਸੀਂ ਸਵਾਮੀਨਾਥਨ ਕਮਿਸ਼ਨ ਦੁਆਰਾ ਸਿਫਾਰਸ਼ ਕੀਤੇ ਅਨੁਸਾਰ, ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਅਤੇ 50 ਪ੍ਰਤੀਸ਼ਤ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਤੌਰ 'ਤੇ ਲਾਗੂ ਕਰਨ ਦੀ ਮੰਗ ਕਰਦੇ ਹਾਂ।" ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੂੰ ਤੁਰੰਤ ਹਉਮੈ ਛੱਡ ਕੇ ਸੰਯੁਕਤ ਕਿਸਾਨ ਮੋਰਚੇ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ।
ਸੰਯੁਕਤ ਬਿਆਨ 'ਚ ਸੋਨੀਆ ਗਾਂਧੀ (ਕਾਂਗਰਸ), ਐਚਡੀ ਦੇਵੇਗੌੜਾ (ਜੇਡੀਐਸ), ਸ਼ਰਦ ਪਵਾਰ (ਐਨਸੀਪੀ), ਮਮਤਾ ਬੈਨਰਜੀ (ਟੀਐਮਸੀ), ਊਧਵ ਠਾਕਰੇ (ਸ਼ਿਵ ਸੈਨਾ), ਐਮਕੇ ਸਟਾਲਿਨ (ਡੀਐਮਕੇ), ਹੇਮੰਤ ਸੋਰੇਨ (ਜੇਐਮਐਮ), ਫਾਰੂਕ ਅਬਦੁੱਲਾ (ਜੇਕੇਪੀਏ), ਅਖਿਲੇਸ਼ ਯਾਦਵ (ਸਪਾ), ਤੇਜਸ਼ਵੀ ਯਾਦਵ (ਆਰਜੇਡੀ), ਡੀਰਾਜਾ (ਸੀਪੀਆਈ) ਅਤੇ ਸੀਤਾਰਾਮ ਯੇਚੁਰੀ (ਸੀਪੀਐਨ) ਨੇ ਦਸਤਖਤ ਕੀਤੇ ਹਨ।
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/