ਗੁਰਦਾਸਪੁਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਜਾਹੋ-ਜਲਾਲ ਨਾਲ ਮਨਾਈ ਗਈ। ਇਸ ਸਬੰਧ 'ਚ ਮੁੱਖ ਸਮਾਗਮ ਸਾਕੇ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਵਿਸ਼ਾਲ ਪੰਡਾਲ ’ਚ ਸਜਾਏ ਗਏ ਗੁਰਮਤਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮੁੱਖ ਸਮਾਗਮ ਸਮੇਂ ਅੱਜ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ ਵੱਖ ਸਪ੍ਰਦਾਵਾਂ ਦੇ ਨੁਮਾਇੰਦਿਆਂ ਅਤੇ ਸਭਾ-ਸੁਸਾਇਟੀਆਂ ਦੇ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਅਪਨਾਏ ਜਾ ਰਹੇ ਬੇਰੁਖੀ ਵਾਲੇ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਘੱਟਗਿਣਤੀਆਂ ਪ੍ਰਤੀ ਸੋਚ ਬਦਲਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੌ ਸਾਲ ਪਹਿਲਾਂ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਦਰਦ ਨੂੰ ਭਾਰਤ ਸਰਕਾਰ ਨੇ ਇਕ ਵਾਰ ਫਿਰ ਯਾਦ ਕਰਵਾ ਦਿੱਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਤੋਂ ਰੋਕਣਾ ਕੇਂਦਰ ਸਰਕਾਰ ਦਾ ਅੰਗਰੇਜ਼ਾਂ ਵਰਗਾ ਹੀ ਰਵੱਈਆ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਿਸਾਨ ਅੰਦੋਲਨ ਵਿਚ ਸਿੱਖਾਂ ਦੀ ਭਰਵੀਂ ਸ਼ਮੂਲੀਅਤ ਕਾਰਨ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਇਜਾਜ਼ਤ ਨਹੀਂ ਦਿੱਤੀ, ਪਰੰਤੂ ਸਰਕਾਰ ਦਾ ਇਹ ਭਰਮ ਹੈ ਕਿ ਸਿੱਖ ਅੰਦੋਲਨ ਵਿੱਚੋਂ ਪਿੱਛੇ ਹੱਟ ਜਾਣਗੇ। ਉਨ੍ਹਾਂ ਸਖ਼ਤ ਲਹਿਜੇ ਵਿਚ ਕਿਹਾ ਕਿ ਭਾਰਤ ਸਰਕਾਰ ਜਿੰਨੇ ਮਰਜ਼ੀ ਜਥੇ ਰੋਕ ਲਵੇ, ਸਿੱਖ ਕਿਸਾਨਾਂ ਨਾਲ ਡਟੇ ਰਹਿਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੋਧਰਪੁਰ ਵਿਖੇ ਗੁਰਦੁਆਰਾ ਸਾਹਿਬ ਲਈ ਲੰਗਰ ਹਾਲ ਅਤੇ ਲਾਇਬ੍ਰੇਰੀ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕੌਮ ਦੀ ਇਕਜੁਟਤਾ ਲਈ ਸੰਗਤ ਨੂੰ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਸਾਰੀ ਸਿੱਖ ਕੌਮ ਇਕੱਠੀ ਰਹੇਗੀ ਤਾਂ ਕੋਈ ਵੀ ਦੁਸ਼ਮਣ ਸ਼ਕਤੀ ਸਾਡਾ ਕੁਝ ਨਹੀਂ ਵਿਗਾੜ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੇ ਸਰਵਉੱਚ ਅਸਥਾਨ ਹਨ, ਜਿਸ ਦੀ ਅਗਵਾਈ 'ਚ ਹਰ ਸਿੱਖ ਨਤਮਸਤਕ ਹੋਵੇ ਅਤੇ ਸਿੱਖੀ ਵਿਰੁੱਧ ਚਾਲਾਂ ਚੱਲਣ ਵਾਲੀਆਂ ਸ਼ਕਤੀਆਂ ਦਾ ਮੂੰਹ ਤੋੜ ਜਵਾਬ ਦੇਵੇ।