ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਭਰ 'ਚ ਧਰਨਾ ਪ੍ਰਦਰਸ਼ਨ, ਕਾਂਗਰਸ ਤੇ 'ਆਪ' ਨੂੰ ਬਣਾਇਆ ਨਿਸ਼ਾਨਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੂਰੇ ਸੂਬੇ ਵਿੱਚ 'ਪੰਜਾਬ ਮੰਗਦਾ ਜਵਾਬ' ਤਹਿਤ ਧਰਨਾ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਅਕਾਲੀ ਲੀਡਰਾਂ ਨੇ ਕੈਪਟਨ ਸਰਕਾਰ ਦੇ ਨਾਲ-ਨਾਲ ਦਿੱਲੀ ਦੀ ਕੇਜਰੀਵਾਲ ਸਰਕਾਰ 'ਤੇ ਵੀ ਤਿੱਖੇ ਨਿਸ਼ਾਨੇ ਲਾਏ। ਅਕਾਲੀ ਲੀਡਰਾਂ ਨੇ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਗਿਣਾਉਂਦਿਆਂ ਦਾਅਵਾ ਕੀਤਾ ਕਿ ਕਾਂਗਰਸ ਨੇ ਪੰਜਾਬ ਨਾਲ ਧੋਖਾ ਕੀਤਾ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੂਰੇ ਸੂਬੇ ਵਿੱਚ 'ਪੰਜਾਬ ਮੰਗਦਾ ਜਵਾਬ' ਤਹਿਤ ਧਰਨਾ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਅਕਾਲੀ ਲੀਡਰਾਂ ਨੇ ਕੈਪਟਨ ਸਰਕਾਰ ਦੇ ਨਾਲ-ਨਾਲ ਦਿੱਲੀ ਦੀ ਕੇਜਰੀਵਾਲ ਸਰਕਾਰ 'ਤੇ ਵੀ ਤਿੱਖੇ ਨਿਸ਼ਾਨੇ ਲਾਏ। ਅਕਾਲੀ ਲੀਡਰਾਂ ਨੇ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਗਿਣਾਉਂਦਿਆਂ ਦਾਅਵਾ ਕੀਤਾ ਕਿ ਕਾਂਗਰਸ ਨੇ ਪੰਜਾਬ ਨਾਲ ਧੋਖਾ ਕੀਤਾ ਹੈ।
ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਵਿੱਚ ਵੀ ਧਰਨਾ ਲਾਇਆ ਗਿਆ ਤੇ ਅਕਾਲੀ ਵਰਕਰਾਂ ਨੇ ਮੌਜੂਦਾ ਕਾਂਗਰਸ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਰ ਤੇ ਆਮ ਆਦਮੀ ਪਾਰਟੀ ਝੂਠ ਦੀ ਪਾਰਟੀ ਹੈ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਸਰਕਾਰ ਬਣਾਈ ਤੇ ਬਾਅਦ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਅਕਾਲੀ ਲੀਡਰਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਬੋਲਿਆ ਕਿ ਹਰ ਘਰ ਨੌਕਰੀ ਦਿੱਤੀ ਜਾਵੇਗੀ, ਪੈਨਸ਼ਨ ਦਿੱਤੀ ਜਾਵੇਗੀ। ਪੰਜਾਬ ਵਿੱਚ ਨਸ਼ੇ ਦਾ ਲੱਕ ਤੋੜਿਆ ਜਾਵੇਗਾ ਪਰ ਕੈਪਟਨ ਸਰਕਾਰ ਨੇ ਲੋਕਾਂ ਨਾਲ ਚੋਣਾਂ ਦੌਰਾਨ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਬਲਾਕ ਸਮਿਤੀ ਦੇ ਸਾਬਕਾ ਉਪ ਚੇਅਰਮੈਨ ਕੰਵਲਜੀਤ ਸਿੰਘ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਕੈਪਟਨ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਧਰਨਾ ਪ੍ਰਦਰਸ਼ਨਾਂ ਦਾ ਮਕਸਦ ਸਿਰਫ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ ਕਿਉਂਕਿ ਪਹਿਲਾਂ ਹੀ ਦੋ ਵਾਰ ਕਾਂਗਰਸ ਨੂੰ ਹਰਾ ਕੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣ ਗਈ ਸੀ। ਹੁਣ ਤੀਜੀ ਵਾਰ ਵੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਾ ਬਣਦੀ ਤਾਂ ਕਾਂਗਰਸ ਦਾ ਪੰਜਾਬ ਵਿੱਚੋਂ ਸਫਾਇਆ ਹੋ ਜਾਣਾ ਸੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ ਸਹੁੰ ਖਾਧੀ ਸੀ ਕਿ ਉਹ ਸ਼ਰਾਬ ਨਹੀਂ ਪੀਣਗੇ, ਪਰ ਸਹੁੰ ਖਾ ਕੇ ਵੀ ਭਗਵੰਤ ਮਾਨ ਨੇ ਸ਼ਰਾਬ ਪੀਤੀ ਤੇ ਸੰਸਦ ਵਿੱਚ ਵੀ ਗਏ।






















