ਪਰਮਜੀਤ ਸਿੰਘ
  

ਆਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ, ਜਿਸ ਨੇ ਕੋਰੋਨਾ ਮਹਾਮਾਰੀ ਦੌਰਾਨ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਰੌਸ਼ਨੀ ਵਿਚ ਮਾਨਵ ਭਲਾਈ ਦੇ ਕਾਰਜ ਕੀਤੇ ਹਨ। 

 

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਨੂੰ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕਰਕੇ ਸੇਵਾਵਾਂ ਦੇਣ ਦੇ ਨਾਲ-ਨਾਲ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਵੀ ਸਥਾਪਿਤ ਕੀਤੇ ਗਏ। ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ, ਜਿਸ ਦੇ ਵਿਸਥਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਰੋਨਾ ਵੈਕਸੀਨ ਦੇ ਕੈਂਪਾਂ ਤੋਂ ਬਾਅਦ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ।

 

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਮੱਦਦ ਕਰਦੀ ਰਹੇਗੀ। ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਕਾਰਜ ਮਨੁੱਖਤਾ ਨੂੰ ਧਰਵਾਸ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਭਿਆਨਕ ਮਹਾਮਾਰੀ ਸਮੇਂ ਲੋਕਾਂ ਦੀ ਸੇਵਾ ਕਰਕੇ ਸ਼੍ਰੋਮਣੀ ਕਮੇਟੀ ਨੇ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਪਾਉਣ।