ਚੰਡੀਗੜ: ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ 61 ਵਾਂ ਪੁਲਿਸ ਯਾਦਗਾਰੀ ਦਿਵਸ 'ਸ਼ੋਕ ਪਰੇਡਜ਼' ਅਤੇ ਪੁਲਿਸ ਸ਼ਹੀਦਾਂ ਨੂੰ ਸਲਾਮੀ ਦੇ ਕੇ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਬੁੱਧਵਾਰ ਨੂੰ ਪੀਏਪੀ ਕੰਪਲੈਕਸ, ਜਲੰਧਰ ਵਿਖੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਸਮੇਤ ਪੰਜਾਬ ਪੁਲਿਸ, ਹੋਰ ਰਾਜ ਪੁਲਿਸ ਬਲਾਂ ਅਤੇ ਕੇਂਦਰੀ ਨੀਮ ਫੌਜੀ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਰਹੱਦੀ ਸੂਬੇ ਪੰਜਾਬ 'ਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਅਤੇ ਸੁਰੱਖਿਆ ਦੇ ਨਾਲ-ਨਾਲ ਰਾਜ ਦੀ ਮਹਿੰਗੇ ਮੁੱਲ ਹਾਸਲ ਕੀਤੀ ਸ਼ਾਂਤੀ ਨੂੰ ਸੁਰੱਖਿਅਤ ਰੱਖਣ 'ਚ ਪੰਜਾਬ ਪੁਲਿਸ ਦੀ ਅਹਿਮ ਭੂਮਿਕਾ ਨੂੰ ਯਾਦ ਕੀਤਾ।
ਉਨਾਂ ਕਿਹਾ ਕਿ ਪੰਜਾਬ ਪੁਲਿਸ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਚਾਉਣ ਲਈ ਰਾਜ ਪੁਲਿਸ ਦੇ 2000 ਤੋਂ ਵੱਧ ਪੁਲਿਸ ਅਧਿਕਾਰੀਆਂ / ਮੁਲਾਜ਼ਮਾਂ ਨੇ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਗੁਪਤਾ ਨੇ ਕਿਹਾ ਕਿ ਇੰਨਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਹਮੇਸ਼ਾਂ ਹੀ ਨਵੇਂ ਪੁਲਿਸ ਅਧਿਕਾਰੀਆਂ / ਮੁਲਾਜ਼ਮਾਂ ਨੂੰ ਆਪਣੀ ਮਾਤ ਭੂਮੀ ਦੀ ਰੱਖਿਆ ਪ੍ਰਤੀ ਪ੍ਰੇਰਿਤ ਕਰਦੀ ਰਹੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਅਤੇ ਮੁੱਖ ਮੰਤਰੀ ਜੋ ਕਿ ਰਾਜ ਦੇ ਗ੍ਰਹਿ ਮੰਤਰੀ ਵੀ ਹਨ, ਦਾ ਧੰਨਵਾਦ ਕਰਦਿਆਂ ਡੀਜੀਪੀ ਨੇ ਕਿਹਾ ਕਿ ਸਰਕਾਰ ਨੇ ਉਨਾਂ ਦੀਆਂ ਸਾਰੀਆਂ ਚਿੰਤਾਵਾਂ ਨੂੰ ਹੱਲ ਕਰਦਿਆਂ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਪਹਿਲ ਦੇ ਅਧਾਰ 'ਤੇ ਯਕੀਨੀ ਬਣਾਇਆ ਹੈ।
ਡੀਜੀਪੀ ਨੇ ਪਟਿਆਲਾ ਦੇ ਏਐਸਆਈ ਹਰਜੀਤ ਸਿੰਘ ਦੀ ਬਹਾਦਰੀ ਦੀ ਵੀ ਪ੍ਰਸ਼ੰਸਾ ਕੀਤੀ ਜਿਨਾਂ ਦਾ ਹੱਥ ਪਟਿਆਲਾ ਸਬਜ਼ੀ ਮੰਡੀ ਵਿਖੇ ਕੱਟਿਆ ਗਿਆ ਸੀ ਇਸ ਤੋਂ ਇਲਾਵਾ ਸਾਬਕਾ ਸੈਨਿਕ ਤੇ ਮੋਗਾ ਦੇ ਸਿਪਾਹੀ ਜਗਮੋਹਨ ਸਿੰਘ ਅਤੇ ਜਲੰਧਰ ਦੇ ਸਿਪਾਹੀ ਗੁਰਮੀਤ ਸਿੰਘ ,ਜਿਨਾਂ ਨੇ ਪਿਛਲੇ ਸਾਲ ਬੜੀ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ ਸੀ। ਡੀਜੀਪੀ ਨੇ ਰਾਜ ਦੇ ਨਾਗਰਿਕਾਂ ਦੀ ਭਲਾਈ ਲਈ ਵਿਸ਼ੇਸ਼ ਤੌਰ 'ਤੇ ਕੋਰੋਨਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਕਰਫਿਊ /ਤਾਲਾਬੰਦੀ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਕੀਤੇ ਗਏ ਮਾਨਵਵਾਦੀ ਕਦਮਾਂ 'ਤੇ ਤਸੱਲੀ ਜ਼ਾਹਰ ਕਰਦਿਆਂ, ਕਿਹਾ ਕਿ ਰਾਜ ਪੁਲਿਸ ਆਮ ਲੋਕਾਂ ਨਾਲ ਨੇੜਿਓਂ ਕੰਮ ਕਰ ਰਹੀ ਸੀ। ਇਸ ਸਾਲ ਮਾਰਚ-ਅਪ੍ਰੈਲ-ਮਈ 'ਚ ਪੰਜਾਬ 'ਚ ਕਰਫਿਊ ਦੌਰਾਨ ਸੰਗਠਨਾਂ ਨੇ ਲਗਭਗ 12 ਕਰੋੜ ਲੋਕਾਂ ਨੂੰ ਸੁੱਕਾ ਰਾਸ਼ਨ ਵੰਡਿਆ ਅਤੇ ਲੰਗਰ ਦੀ ਸੇਵਾ ਕੀਤੀ।