ਲੁਧਿਆਣਾ: ਇਕ ਪਾਸੇ ਜਿੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸਾਹਨੇਵਾਲ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ, ਉਥੇ ਹੀ ਕਿਸਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਡਟ ਕੇ ਵਿਰੋਧ ਕੀਤਾ ਗਿਆ। ਇਸ ਦੌਰਾਨ ਅਕਾਲੀ ਵਰਕਰ ਅਤੇ ਕਿਸਾਨ ਆਹਮੋ ਸਾਹਮਣੇ ਹੁੰਦੇ ਵੀ ਵਿਖਾਈ ਦਿੱਤੇ। ਸੁਖਬੀਰ ਬਾਦਲ ਨੇ ਸਟੇਜ ਤੋਂ ਕਿਹਾ ਕਿ ਇਹ ਜੋ ਕੁਝ ਕੁ ਲੋਕ ਇਕੱਠੇ ਹੋ ਰਹੇ ਹਨ ਇਹ ਕਿਸਾਨ ਨਹੀਂ ਸਗੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦਾ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਪਹਿਲਾਂ ਹੀ ਕਹਿ ਦਿੱਤਾ ਕਿ ਸਿਰਫ ਭਾਜਪਾ ਦਾ ਵਿਰੋਧ ਕਰਨਾ ਹੈ ਅਤੇ ਕਿਸਾਨੀ ਦੀ ਆੜ ਵਿੱਚ ਭਾਜਪਾ ਦੇ ਕੁਝ ਆਗੂ ਅਤੇ ਕੁਝ ਵਿਰੋਧੀ ਪਾਰਟੀਆਂ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਇਹ ਕਿਸਾਨੀ ਦੇ ਨਾਂ 'ਤੇ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਰੈਲੀਆਂ ਚ ਵਿਘਨ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ ਉਹ ਅਕਾਲੀ ਦਲ ਨੂੰ ਰੋਕ ਨਹੀਂ ਸਕਣਗੇ।
ਉਨ੍ਹਾਂ ਕਿਹਾ ਕਿ ਜੋ ਇਹ ਕੁਝ ਕੁ ਲੋਕ ਇਕੱਠੇ ਹੋ ਕੇ ਡਰਾਮੇਬਾਜ਼ੀ ਕਰ ਰਹੇ ਹਨ। ਇਹ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਹਨ। ਉਨ੍ਹਾਂ ਸਾਫ ਕਿਹਾ ਕਿ ਅਕਾਲੀ ਦਲ ਨੂੰ ਅਜਿਹੇ ਵਿਰੋਧਾਂ ਨਾਲ ਕੋਈ ਫ਼ਰਕ ਨਹੀਂ ਪੈਂਦਾ। ਸੁਖਬੀਰ ਨੇ ਕਿਹਾ ਪਰ ਅਸੀਂ ਮਾਹੌਲ ਖ਼ਰਾਬ ਨਹੀਂ ਕਰਨਾ ਚਾਹੁੰਦੇ। ਜੇਕਰ ਕੋਈ ਇਸ਼ਾਰਾ ਕਰ ਦੇਣ ਤਾਂ ਇਨ੍ਹਾਂ ਨੂੰ ਹਟਾਉਣ ਵਿੱਚ ਸਮਾਂ ਨਹੀਂ ਲੱਗੇਗਾ। ਉਨ੍ਹਾਂ ਪੁਲਿਸ ਦੇ ਪ੍ਰਬੰਧਾਂ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੋ ਲੋਕਾਂ ਨੂੰ ਹਟਾਉਣ ਲਈ ਪੁਲਿਸ ਦੇ ਸੈਂਕੜੇ ਜਵਾਨ ਕੁਝ ਨਹੀਂ ਕਰ ਪਾ ਰਹੇ। ਉਨ੍ਹਾਂ ਕਿਹਾ ਕਿ ਇਹ ਪੁਲਿਸ ਦੀ ਨਾਲਾਇਕੀ ਹੈ ਕਿਉਂਕਿ ਪੁਲਿਸ ਨੂੰ ਪਰੋਟਰ ਉਹ ਕੁਝ ਨਹੀਂ ਕਰ ਸਕਦੇ।