Petrol Diesel Price Hike: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਹਮਲੇ ਵਿੱਚ ਆਈ ਮੋਦੀ ਸਰਕਾਰ ਨੇ ਅੱਜ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਕੇਂਦਰੀ ਟੈਕਸਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ਨੂੰ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।


 


ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਵੇਚਣ ਵਾਲੀਆਂ ਕੀਮਤਾਂ ਵਿੱਚ ਵਾਧੇ ਦਾ ਕਾਰਨ ਅੰਤਰਰਾਸ਼ਟਰੀ ਉਤਪਾਦਾਂ ਦੀਆਂ ਉੱਚ ਕੀਮਤਾਂ ਅਤੇ ਵੱਖ ਵੱਖ ਰਾਜ ਸਰਕਾਰਾਂ ਵੱਲੋਂ ਲਗਾਏ ਵੈਟ ਵਿੱਚ ਵਾਧੇ ਕਾਰਨ ਬੇਸ ਪ੍ਰਾਈਜ਼ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਖ-ਵੱਖ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ, ਪੈਟਰੋਲ ਅਤੇ ਡੀਜ਼ਲ ਦੀ ਕੌਮਾਂਤਰੀ ਕੀਮਤ ਵਿਚ ਅਸਥਿਰਤਾ ਨਾਲ ਜੁੜੇ ਮੁੱਦੇ ਨੂੰ ਚੁੱਕ ਰਹੀ ਹੈ।


 


ਪੁਰੀ ਨੇ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 26 ਜੂਨ, 2010 ਅਤੇ 19 ਅਕਤੂਬਰ, 2014 ਤੋਂ ਬਾਜ਼ਾਰ ਨਿਰਧਾਰਤ ਕੀਤੀਆਂ ਗਈਆਂ ਹਨ। ਉਸ ਸਮੇਂ ਤੋਂ, ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਉਤਪਾਦਾਂ ਦੀਆਂ ਕੀਮਤਾਂ ਅਤੇ ਬਾਜ਼ਾਰ ਦੀਆਂ ਹੋਰ ਸਥਿਤੀਆਂ ਦੇ ਅਧਾਰ ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਦੇ ਸੰਬੰਧ ਵਿੱਚ ਫੈਸਲੇ ਲੈਂਦੀਆਂ ਹਨ। 


 


ਉਨ੍ਹਾਂ ਕਿਹਾ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੰਤਰਰਾਸ਼ਟਰੀ ਕੀਮਤਾਂ ਅਤੇ ਰੁਪਿਆ-ਡਾਲਰ ਦੀ ਐਕਸਚੇਂਜ ਰੇਟ ਵਿੱਚ ਹੋਏ ਬਦਲਾਅ ਦੇ ਮੱਦੇਨਜ਼ਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਅਤੇ ਕਮੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਦੇਸ਼ ਦੇ ਬਹੁਤੇ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਹੀ ਹੈ। ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 101 ਅਤੇ 84 ਪੈਸੇ ਹੈ। ਇਸ ਦੇ ਨਾਲ ਹੀ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ।