ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਰਕਾਰ ਵੱਲੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਭਲਕੇ 11 ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਿਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਕੰਪਲੈਕਸ ਨੂੰ ਪੂਰੀ ਤਰ੍ਹਾਂ ਨਾਲ ਸੈਨੇਟਾਈਜ਼ਡ ਕੀਤਾ ਜਾ ਰਿਹਾ ਹੈ ਉਥੇ ਸੈਲਾਨੀਆਂ ਨੂੰ ਗ੍ਰਹਿ ਮੰਤਰਾਲੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਨਾ ਹੋਵੇਗਾ। ਵਿਰਾਸਤ-ਏ-ਖ਼ਾਲਸਾ ਕੋਰੋਨਾ ਮਹਾਂਮਾਰੀ ਕਰਕੇ ਮਾਰਚ ਮਹੀਨੇ ਤੋਂ ਬਾਅਦ ਲਗਾਤਾਰ ਬੰਦ ਹੈ। ਪਰ ਅੱਜ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ ਇਸ ਨੂੰ ਭਲਕੇ ਬੁੱਧਵਾਰ ਤੋਂ ਖੋਲ੍ਹਣ ਦਾ ਫ਼ੈਸਲਾ ਕਰ ਲਿਆ ਗਿਆ ਹੈ।
ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਇਕ ਬੁਲਾਰੇ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਨੂੰ ਹਮੇਸ਼ਾ ਦੀ ਤਰ੍ਹਾਂ ਸਵੇਰੇ 10.00 ਵਜੇ ਤੋਂ ਸ਼ਾਮ 4.30 ਵਜੇ ਤੱਕ ਖੋਲਿਆ ਜਾ ਰਿਹਾ ਹੈ। ਇਸ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਸਾਰੇ ਜ਼ਰੂਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰਾਸਤ-ਏ-ਖਾਲਸਾ ਖੋਲ੍ਹਣ ਦਾ ਐਲਾਨ ਕੀਤਾ।
ਚਰਨਜੀਤ ਸਿੰਘ ਚੰਨੀ ਨੇ ਵਿਰਾਸਤ-ਏ-ਖਾਲਸਾ ਖੋਲ੍ਹਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਦੇਸ਼ ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾ ਅਨੁਸਾਰ ਪੰਜਾਬ ਸਰਕਾਰ ਵਲੋਂ ਵਿਰਾਸਤ-ਏ-ਖਾਲਸਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਨੂੰ ਪ੍ਰਬੰਧਕਾਂ ਵਲੋਂ ਪੂਰੀ ਸ਼ਰਧਾ ਨਾਲ ਵਿਖਾਇਆ ਜਾਵੇਗਾ। ਪੂਰੀ ਤਰ੍ਹਾਂ ਸੈਨੇਟਾਈਜ ਕਰਕੇ ਕੋਵਿਡ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਇਥੇ ਸੈਲਾਨੀਆਂ ਦੀ ਆਮਦ 11 ਨਵੰਬਰ ਤੋਂ ਸੁਰੂ ਹੋ ਰਹੀ ਹੈ।