ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰੋਡਵੇਜ਼ ਦੇ ਹੜਤਾਲੀ ਮੁਲਾਜ਼ਮਾਂ ਨੂੰ ਗੱਲਬਾਤ ਲਈ 8 ਸਤੰਬਰ ਨੂੰ ਬੁਲਾਇਆ ਗਿਆ ਹੈ। ਇਸ ਮਗਰੋਂ ਅੱਜ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਤੇ ਮੋਤੀ ਮਹਿਲ ਦੇ ਘਿਰਾਓ ਦਾ ਐਕਸ਼ਨ ਮੁਲਤਵੀ ਕੀਤਾ ਗਿਆ ਹੈ।
ਉਂਝ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅੜੇ ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਦੂਜੇ ਦਿਨ ਵੀ ਰਾਜ ਭਰ ਵਿੱਚ ਬੱਸਾਂ ਬੰਦ ਰੱਖੀਆਂ। ਇਸ ਨਾਲ ਲੋਕਾਂ ਦੀ ਵੀ ਕਾਫੀ ਖੱਜਲ-ਖੁਆਰੀ ਹੋਈ ਤੇ ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਮੌਜਾਂ ਲੱਗੀਆਂ ਰਹੀਆਂ।
ਯੂਨੀਅਨ ਦੇ ਲੀਡਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੰਜ ਮੈਂਬਰੀ ਕਮੇਟੀ ਵਜੋਂ ਗੱਲਬਾਤ ਕਰਨ ਲਈ 8 ਸਤੰਬਰ ਨੂੰ ਅਕਾਸ਼ ਬਾਂਸਲ (ਆਈਏਐਸ) ਉਪ ਮੰਡਲ ਮੈਜਿਸਟਰੇਟ ਖਰੜ ਰਾਹੀਂ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਨੇ ਸਵੇਰੇ 11 ਵਜੇ ਮੁੱਖ ਮੰਤਰੀ ਦੇ ਦਫ਼ਤਰ ਸਿਵਲ ਸਕੱਤਰੇਤ ਵਿਖੇ ਬੁਲਾਇਆ ਹੈ।
ਉਨ੍ਹਾਂ ਦੱਸਿਆ ਕਿ ਉਹ ਆਪਣੀਆਂ ਮੰਗਾਂ ਮਨਾਉਣ ਲਈ ਗੱਲਬਾਤ ਕਰਨ ਜਾਣਗੇ ਤੇ ਆਪਣੇ ਪੱਖ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗੱਲਬਾਤ ਦਾ ਸੱਦਾ ਆਉਣ ਕਾਰਨ ਹੀ ਅੱਜ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਤੇ ਮੋਤੀ ਮਹਿਲ ਦੇ ਘਿਰਾਓ ਦਾ ਐਕਸ਼ਨ ਇੱਕ-ਦੋ ਦਿਨ ਲਈ ਮੁਲਤਵੀ ਕੀਤਾ ਗਿਆ ਹੈ।
ਪੰਜਾਬ 'ਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਜਾਰੀ ਹੈ। ਪਨਬਸ ਅਤੇ ਪੀਅਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ ਵਲੋਂ ਬੀਤੇ ਕੱਲ੍ਹ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ ਸੰਗਰਸ਼ ਦਾ ਐਲਾਨ ਕਰਦਿਆਂ ਮੁਕੰਮਲ ਤੌਰ ਤੇ ਆਪਣਾ ਕੰਮ ਬੰਦ ਕੀਤਾ ਹੋਇਆ ਹੈ।
ਪੰਜਾਬ ਭਰ ਚ ਅਣਮਿਥੇ ਸਮੇ ਦੀ ਹੜਤਾਲ ਜਾਰੀ ਹੈ ਅਤੇ ਅੱਜ ਮੁਖ ਮੰਤਰੀ ਪੰਜਾਬ ਦੇ ਫਾਰਮ ਹਾਊਸ ਦੇ ਘੇਰਾਓ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਪਹਿਲਾਂ ਹੀ ਬੀਤੀ ਦੇਰ ਸ਼ਾਮ ਮੁੱਖ ਮੰਤਰੀ ਪੰਜਾਬ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਕੰਟ੍ਰੈਕਟ ਵਰਕਰ ਯੂਨੀਅਨ ਨਾਲ 8 ਸਤੰਬਰ ਨੂੰ ਮੀਟਿੰਗ ਕਰਨ ਦੀ ਚਿੱਠੀ ਜਾਰੀ ਕਰ ਦਿੱਤੀ ਗਈ। ਜਿਸ ਨੂੰ ਲੈਕੇ ਅੱਜ ਇਸ ਯੂਨੀਅਨ ਵਲੋਂ ਮੁਖ ਮੰਤਰੀ ਦੇ ਫਾਰਮ ਹਾਊਸ ਦਾ ਘੇਰਾਓ ਕਰਨ ਦਾ ਐਲਾਨ ਤਾਂ ਵਾਪਿਸ ਲੈ ਲਿਆ ਗਿਆ ਪਰ ਉਨ੍ਹਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਅਜੇ ਵੀ ਜਾਰੀ ਹੈ।