ਚੰਡੀਗੜ੍ਹ: ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨਜ਼ੂਰ ਕਰ ਲਿਆ ਹੈ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਅਸਵੀਕਾਰ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਸੂਬੇ ਨੂੰ ਉਨ੍ਹਾਂ ਵਰਗੇ ਯੋਗ ਅਫਸਰਾਂ ਦੀਆਂ ਸੇਵਾਵਾਂ ਦੀ ਲੋੜ ਹੈ ਪਰ ਕਰੀਬ ਚਾਰ ਦਿਨਾਂ ਬਾਅਦ ਸੀਐਮ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰਨ ਤੋਂ ਬਾਅਦ ਗ੍ਰਹਿ ਵਿਭਾਗ ਨੂੰ ਭੇਜ ਦਿੱਤਾ। ਜਾਣਕਾਰੀ ਮੁਤਾਬਕ, ਗ੍ਰਹਿ ਵਿਭਾਗ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਸਵੀਕਾਰ ਕਰਨ ਦੀ ਸੂਚਨਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਹਾਲ 'ਚ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੰਬੰਧਤ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਤੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਨਵੀਂ ਐਸਆਈਟੀ ਦਾ ਗਠਨ ਕੀਤਾ ਜਾਵੇ, ਜਿਸ ਤੋਂ ਮੌਜੂਦਾ ਐਸਆਈਟੀ ਦੇ ਮੁੱਖੀ (ਕੁੰਵਰ ਵਿਜੈ ਪ੍ਰਤਾਪ ਸਿੰਘ) ਨੂੰ ਵੱਖ ਰੱਖਿਆ ਜਾਵੇ।
ਇਸ ਤੋਂ ਅਗਲੇ ਹੀ ਦਿਨ ਕੁੰਵਰ ਵਿਜੈ ਪ੍ਰਤਾਪ ਨੇ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਦੀ ਮੰਗ ਕੀਤੀ ਤੇ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜ ਦਿੱਤਾ ਸੀ। ਹਾਲਾਂਕਿ ਮੁੱਖ ਮੰਤਰੀ ਨੇ ਅਸਤੀਫਾ ਨਾਮੰਜ਼ੂਰ ਕਰ ਦਿੱਤਾ ਸੀ ਪਰ ਦੋ ਦਿਨਾਂ ਬਾਅਦ ਕੁੰਵਰ ਵਿਜੈ ਪ੍ਰਤਾਪ ਜਦੋਂ ਨਿੱਜੀ ਮੁਲਾਕਾਤ ਲਈ ਰਾਜਪਾਲ ਨੂੰ ਮਿਲਣ ਰਾਜ ਭਵਨ ਪਹੁੰਚੇ ਤਾਂ ਮੀਡੀਆ ਦੇ ਸਵਾਲਾਂ ਦੇ ਜਵਾਬ 'ਚ ਉਨ੍ਹਾਂ ਨੇ ਸਾਫ਼ ਕਰ ਦਿੱਤਾ ਸੀ ਕਿ ਅਸਤੀਫੇ 'ਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਨਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਹੀ ਮੁੱਖ ਮੰਤਰੀ ਨੂੰ ਮਨਾ ਲਿਆ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਕਹਿਣਾ ਸੀ ਕਿ ਉਹ ਸਮਾਜ ਦੀ ਸੇਵਾ ਨਾਲ ਜੁੜੇ ਰਹਿਣਗੇ ਪਰ ਇੱਕ ਆਈਪੀਐਸ ਅਧਿਕਾਰੀ ਦੀ ਤਰ੍ਹਾਂ ਨਹੀਂ।