ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਘਟਨਾ ਵਾਲੀ ਥਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਦਾਰੂਰਾ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਹੋਇਆ ਸੀ।

ਇਸ ਤੋਂ ਪਹਿਲਾਂ ਅੱਜ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਸੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਿੰਗਮ ਖੇਤਰ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਬਲਾਂ ਨੇ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।


ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣਾ ਹੈ ਕਿ ਉਹ ਕਿਸ ਅੱਤਵਾਦੀ ਸੰਗਠਨ ਨਾਲ ਸਬੰਧਤ ਸੀ।