ਚੰਡੀਗੜ੍ਹ: ਸੰਸਦ ਦੀ ਸਟੈਡਿੰਗ ਕਮੇਟੀ ਦੀ ਸਿਫਰਾਸ਼ ਨੂੰ ਲੈ ਕੇ ਭਗਵੰਤ ਮਾਨ ਨੇ ਸਪਸ਼ਟੀਕਰਨ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਹੁਣ ਤੱਕ ਕਾਲੇ ਕਾਨੂੰਨਾਂ ਦਾ ਗੁਣਗਾਣ ਕਰਦੇ ਨਹੀਂ ਥੱਕਦੇ ਸੀ, ਹੁਣ ਵਿਰੋਧ ਕਰਨ ਵਾਲਿਆਂ ਨੂੰ ਬਦਨਾਮ ਕਰਨ ਲਈ ਝੂਠ ਬੋਲ ਕੇ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਕਰ ਰਹੇ ਹਨ।

 

ਦੱਸ ਦਈਏ ਕਿ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਘੇਰਿਆ ਹੈ। ਹਰਸਿਮਰਤ ਨੇ ਕਿਹਾ ਹੈ ਕਿ ਭਗਵੰਤ ਮਾਨ ਇੱਕ ਪਾਸੇ ਰੈਲੀ ਕਰਕੇ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦੇ ਹਨ ਤੇ ਦੂਜੇ ਪਾਸੇ ਸੰਸਦ ਵਿੱਚ ਸਰਕਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸੰਸਦੀ ਸਥਾਈ ਕਮੇਟੀ ਦੀ ਰਿਪੋਰਟ ਨੇ ਆਮ ਆਦਮੀ ਪਾਰਟੀ ਦਾ ਚਿਹਰਾ ਨੰਗਾ ਕਰ ਦਿੱਤਾ ਹੈ। ਇਸ ਕਮੇਟੀ ਨੇ ਜ਼ਰੂਰੀ ਵਸਤੂ ਐਕਟ ਲਾਗੂ ਕਰਨ ਦੀ ਸਿਫਾਰਸ਼ ਕੀਤਾ ਹੈ। ਭਗਵੰਤ ਮਾਨ ਇਸ ਕਮੇਟੀ ਦੇ ਮੈਂਬਰ ਹਨ।

 

ਇਸ ਬਾਰੇ ਭਗਵੰਤ ਮਾਨ ਨੇ ਕਿਹਾ ਹੈ ਕਿ ਜੋ ਸੰਸਦ ਸਟੈਡਿੰਗ ਕਮੇਟੀ ਬਣਾਈ ਗਈ ਸੀ, ਉਸ ਵਿੱਚ 14 ਪਾਰਟੀਆਂ ਦੇ 31 ਮੈਂਬਰ ਸ਼ਾਮਲ ਸਨ, ਜਿਸ ਵਿੱਚ ਸਭ ਤੋਂ ਵੱਧ ਐਨਡੀਏ ਨਾਲ ਸਬੰਧਤ ਮੈਂਬਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਸਟੈਡਿੰਗ ਕਮੇਟੀ ਵਿੱਚ ਐਨਡੀਏ ਦੇ ਸਾਰੇ ਵਿਰੋਧੀ ਦਲਾਂ ਨੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਸਟੈਡਿੰਗ ਕਮੇਟੀ ਵਿੱਚ ਉਹ ਕੁਝ ਹੀ ਬੋਲਿਆ ਗਿਆ ਜੋ ਮੈਂ ਲੋਕ ਸਭਾ ਵਿੱਚ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹੋਏ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਸੀ।

 

ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਨੂੰ ਮੇਰਾ ਖੁੱਲ੍ਹਾ ਚੈਲੇਜ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਮੋਦੀ ਕੋਲੋ ਕਮੇਟੀ ਦੇ ਮਿੰਟ ਕਢਵਾ ਕੇ ਮੈਨੂੰ ਸਿੱਧ ਕਰਕੇ ਦਿਖਾਉਣ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿੱਚ ਰਹਿੰਦੇ ਸਮੇਂ ਹਰਸਿਮਰਤ ਤੇ ਉਨ੍ਹਾਂ ਦਾ ਸਾਰਾ ਪਰਿਵਾਰ ਸਰਕਾਰ ਵਿੱਚ ਰਹਿੰਦੇ ਹੋਏ ਕਾਲੇ ਕਾਨੂੰਨਾਂ ਨੂੰ ਹੂੰਬ ਹੂਬਾ ਕੇ ਬੜੇ ਤਰੱਕੀ ਵਾਲੇ ਦੱਸਦਾ ਸੀ, ਹੁਣ ਜਦੋਂ ਲੋਕਾਂ ਨੇ ਇਨ੍ਹਾਂ ਨੂੰ ਅਸਲੀ ਥਾਂ ਦਿਖਾ ਦਿੱਤੀ ਤਾਂ ਝੂਠ ਬੋਲ, ਲੋਕਾਂ ਨੂੰ ਗੁੰਮਰਾਹ ਕਰਕੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ ਕਰ ਰਹੀ ਹੈ।

 

ਉਨ੍ਹਾਂ ਕਿਹਾ ਕਿ ਕਾਂਗਰਸੀ ਐਮਪੀ ਰਵਨੀਤ ਸਿੰਘ ਬਿੱਟੂ ਵੀ ਬੋਲ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਸਮੇਤ ਐਨਡੀਏ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੇ ਸਟੈਡਿੰਗ ਕਮੇਟੀ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ।