ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦੋ ਅੱਤਵਾਦੀਆਂ 'ਚੋਂ ਇੱਕ ਜੰਮੂ ਕਸ਼ਮੀਰ ਦੇ ਬਾਰਾਮੂਲਾ ਦਾ ਤੇ ਇੱਕ ਕੁਪਵਾੜਾ ਦਾ ਹੈ। ਪੁਲਿਸ ਨੇ ਉਨ੍ਹਾਂ ਨੂੰ ਸਰਾਏ ਕਾਲੇ ਖ਼ਾਨ ਤੋਂ ਗ੍ਰਿਫਤਾਰ ਕੀਤਾ। ਦੋਵਾਂ ਕੋਲੋਂ ਵਿਸਫੋਟਕ ਤੇ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।


ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਇਹ ਦੋਵੇਂ ਅੱਤਵਾਦੀ ਦਿੱਲੀ-ਐਨਸੀਆਰ ਵਿੱਚ ਕਈ ਥਾਵਾਂ ‘ਤੇ ਹਮਲੇ ਦੀ ਸਾਜਿਸ਼ ਰਚ ਰਹੇ ਸੀ। ਕਈ ਵੀਆਈਪੀ ਵੀ ਉਸ ਦੇ ਨਿਸ਼ਾਨੇ 'ਤੇ ਸੀ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਸੈਮੀ-ਆਟੋਮੈਟਿਕ ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਸੂਤਰਾਂ ਅਨੁਸਾਰ ਦਿੱਲੀ ਵਿੱਚ ਧਮਾਕੇ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚੀ ਗਈ ਸੀ।


ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸੋਸ਼ਲ ਮੀਡੀਆ ਰਾਹੀਂ ਅੱਤਵਾਦੀ ਸਮੂਹ 'ਚ ਸ਼ਾਮਲ ਹੋਏ ਸੀ। ਦੋਵੇਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਹੇ ਸੀ, ਤੇ ਕਈ ਵਾਰ ਸਰਹੱਦ ਪਾਰ ਕਰਨ ਲਈ ਕਈ ਵਾਰ ਨਾਕਾਮ ਕੋਸ਼ਿਸ਼ ਵੀ ਕੀਤੀ ਸੀ। ਸਰਹੱਦ 'ਤੇ ਭਾਰਤੀ ਫੌਜ ਦੇ ਜਵਾਨਾਂ ਦੀ ਸਖਤ ਚੌਕਸੀ ਕਾਰਨ ਉਹ ਸਫਲ ਨਹੀਂ ਹੋ ਸਕੇ।






ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੂੰ ਇਨ੍ਹਾਂ ਦੋਵਾਂ ਬਾਰੇ ਜਾਣਕਾਰੀ ਮਿਲੀ। ਦੋਵੇਂ ਅੱਤਵਾਦੀ 20 ਤੋਂ 22 ਸਾਲ ਦੇ ਦੱਸੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਹੋਰ ਗ੍ਰਿਫਤਾਰੀਆਂ ਹੋ ਸਕਦੀਆਂ ਹਨ।


ਡਿਪਟੀ ਕਮਿਸ਼ਨਰ ਪੁਲਿਸ (ਵਿਸ਼ੇਸ਼ ਸੈੱਲ) ਸੰਜੀਵ ਕੁਮਾਰ ਯਾਦਵ ਨੇ ਕਿਹਾ, "ਮਿਲੀ ਜਾਣਕਾਰੀ ਦੇ ਅਧਾਰ 'ਤੇ ਸਰਾਏ ਕਾਲੇ ਖਾਨ ਦੇ ਮਿਲਨੀਅਮ ਪਾਰਕ ਨੇੜੇ ਇੱਕ ਜਾਲ ਵਿਛਾਇਆ ਗਿਆ ਤੇ ਜੰਮੂ-ਕਸ਼ਮੀਰ ਵਿੱਚ ਰਹਿੰਦੇ ਦੋ ਸ਼ੱਕੀ ਅੱਤਵਾਦੀਆਂ ਨੂੰ ਰਾਤ ਕਰੀਬ 10.15 ਵਜੇ ਫੜ ਲਿਆ ਗਿਆ।"