ਅੰਦੋਲਨ 'ਚ ਪੁਲਿਸ ਤਸ਼ੱਦਦ ਦੇ ਸ਼ਿਕਾਰ ਕਿਸਾਨਾਂ ਨਾਲ ਵਿਧਾਨ ਸਭਾ ਕਮੇਟੀ ਦੀ ਮੁਲਾਕਾਤ, ਬਿਆਨ ਦਰਜ
ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਵੱਖ-ਵੱਖ ਕਿਸਾਨ ਪਰਿਵਾਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਇਸ ਮੌਕੇ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦੌਰਾਨ ਤਸ਼ੱਦਦ ਦਾ ਸਾਹਮਣਾ ਕਰਨ ਵਾਲੇ ਕਿਸਾਨਾਂ ਦੀ ਮੱਦਦ ਕਰਨ ਦੀ ਗੱਲ ਆਖੀ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨਾਂ 'ਤੇ ਦਿੱਲੀ ਤੇ ਹਰਿਆਣਾ ਪੁਲਿਸ ਵੱਲੋਂ ਤਸ਼ੱਦਦ ਕੀਤਾ ਗਿਆ।
ਲੁਧਿਆਣਾ: ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਵੱਖ-ਵੱਖ ਕਿਸਾਨ ਪਰਿਵਾਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਇਸ ਮੌਕੇ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦੌਰਾਨ ਤਸ਼ੱਦਦ ਦਾ ਸਾਹਮਣਾ ਕਰਨ ਵਾਲੇ ਕਿਸਾਨਾਂ ਦੀ ਮੱਦਦ ਕਰਨ ਦੀ ਗੱਲ ਆਖੀ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨਾਂ 'ਤੇ ਦਿੱਲੀ ਤੇ ਹਰਿਆਣਾ ਪੁਲਿਸ ਵੱਲੋਂ ਤਸ਼ੱਦਦ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਥਾਣਿਆਂ ਵਿੱਚ ਮਾਰਕੁੱਟ ਕੀਤੀ ਗਈ ਤੇ ਤਿਹਾੜ ਜੇਲ੍ਹ ਵਿੱਚ ਵੀ ਕੁੱਟਿਆ ਗਿਆ। ਇਸ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਦੀ ਮੰਗ 'ਤੇ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਇੱਕ ਕਮੇਟੀ ਦਾ ਗਠਨ ਕੀਤਾ। ਜਿਹੜੀ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਦੇ ਬਿਆਨ ਦਰਜ ਕਰ ਰਹੀ ਹੈ। ਇਸ ਦੀ ਰਿਪੋਰਟ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤੀ ਜਾਵੇਗੀ।
ਕਮੇਟੀ ਮੈਂਬਰ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ ਦੀ ਗੱਲ ਕਹੀ ਅਤੇ ਕਿਹਾ ਕਿ ਇਸ ਸੰਬੰਧੀ ਰਿਪੋਰਟ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪੀ ਜਾਵੇਗੀ। ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵੈਕਸੀਨ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ 'ਚ ਤਾਂ ਪੂਰੀ ਵੈਕਸੀਨੇਸ਼ਨ ਲੱਗ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਵੱਲੋਂ 28 ਮਈ ਨੂੰ ਸੀਐਮ ਦੇ ਨਿਵਾਸ ਦਾ ਘਿਰਾਓ ਕਰਨ ਸਬੰਧੀ ਐਲਾਨ 'ਤੇ ਕਿਹਾ ਕਿ ਮਹਾਂਮਾਰੀ ਬਹੁਤ ਜ਼ਿਆਦਾ ਫੈਲੀ ਹੋਈ ਹੈ, ਜਿਸ ਤੇ ਕਿਸਾਨਾਂ ਨੂੰ ਬਚਾਅ ਕਰਨਾ ਚਾਹੀਦਾ ਹੈ।
ਉਥੇ ਹੀ, ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਦੀ ਉਪ ਨੇਤਾ ਸਰਵਜੀਤ ਕੌਰ ਮਾਣੂੰਕੇ ਨੇ ਕੇਂਦਰੀ ਖੇਤੀ ਕਾਨੂੰਨਾਂ ਕਾਰਨ ਤਸ਼ੱਦਦ ਦਾ ਸਾਹਮਣਾ ਕਰਨ ਵਾਲੇ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਜ਼ੋਰ ਦਿੱਤਾ। ਕਿਸਾਨਾਂ ਵੱਲੋਂ 28 ਮਈ ਨੂੰ ਮੁੱਖ ਮੰਤਰੀ ਦੇ ਨਿਵਾਸ ਦਾ ਘਿਰਾਓ ਕਰਨ ਸਬੰਧੀ ਐਲਾਨ 'ਤੇ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਤੇ ਜੇਕਰ ਸੀਐਮ ਸਾਹਿਬ ਨੂੰ ਧਰਨਿਆਂ ਤੋਂ ਸਮੱਸਿਆ ਹੈ, ਤਾਂ ਉਹ ਕਿਸਾਨਾਂ ਨੂੰ ਖੁਦ ਮਿਲ ਲੈਣ।
ਉਨ੍ਹਾਂ ਨੇ ਸੂਬੇ ਅੰਦਰ ਵੈਕਸੀਨ ਦੀ ਘਾਟ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਖੋਖਲੇ ਦਾਅਵੇ ਕਰ ਰਹੀ ਹੈ। ਜਦਕਿ ਮਿਸ਼ਨ ਫਤਿਹ-2 ਨੂੰ ਲੈ ਕੇ ਵੀ ਸਰਕਾਰ 'ਤੇ ਵਿਰੋਧੀਆਂ ਨੂੰ ਨਜ਼ਰਅੰਦਾਜ ਕਰਨ ਦਾ ਦੋਸ਼ ਲਾਇਆ।