Punjab Breaking News, 02 January 2021 LIVE Updates: ਡਰੱਗਜ਼ ਮਾਮਲੇ 'ਚ ਨਾਮਜ਼ਦ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਚੰਨੀ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਸ਼੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਦੀਆਂ ਤਸਵੀਰਾਂ ਸਾਹਮਣੇ ਆਉਣ ਮਗਰੋਂ ਹੁਣ ਅਗਲੇ ਤਿੰਨ ਦਿਨ ਸਰਕਾਰ ਲਈ ਵੱਡੀ ਚੁਣੌਤੀ ਹੈ। ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਹਾਈਕੋਰਟ ਵਿੱਚ 5 ਜਨਵਰੀ ਨੂੰ ਸੁਣਵਾਈ ਹੋਵੇਗੀ, ਸਰਕਾਰ ਇਸ ਤੋਂ ਪਹਿਲਾਂ ਮਜੀਠੀਆ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ।



ਦੱਸ ਦਈਏ ਕਿ ਮਜੀਠੀਆ ਦੀਆਂ ਸ਼੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਦੀਆਂ ਤਸਵੀਰਾਂ ਸਾਹਮਣੇ ਆਉਂਦੇ ਹੀ ਪੰਜਾਬ ਸਰਕਾਰ 'ਚ ਤਰਥੱਲੀ ਮੱਚ ਗਈ ਹੈ। ਅੱਜ ਸਵੇਰੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਮਜੀਠੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਚੰਡੀਗੜ੍ਹ ਤੇ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੇ ਕੁਝ ਕਰੀਬੀਆਂ ਦੇ ਟਿਕਾਣਿਆਂ 'ਤੇ ਪੰਜਾਬ ਪੁਲਿਸ ਪਹੁੰਚੀ। ਪੁਲਿਸ ਨੂੰ ਮਜੀਠੀਆ ਨਹੀਂ ਮਿਲੇ।

ਦੂਜੇ ਪਾਸੇ ਮਜੀਠੀਆ ਦੀਆਂ ਨਵੀਆਂ ਤੇ ਪੁਰਾਣੀਆਂ ਤਸਵੀਰਾਂ ਦੇ ਸਵਾਲ 'ਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਬਿਕਰਮ ਮਜੀਠੀਆ ਹਰ ਨਵੇਂ ਸਾਲ ਦੇ ਪਹਿਲੇ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਨਹੀਂ ਕਿਹਾ, ਪਰ ਇਹ ਜ਼ਰੂਰ ਦੱਸਿਆ ਕਿ ਮਜੀਠੀਆ ਦੀਆਂ ਇਹ ਤਸਵੀਰਾਂ ਸ਼ਨੀਵਾਰ ਮਤਲਬ 1 ਜਨਵਰੀ, 2022 ਦੀਆਂ ਹੀ ਹਨ। ਇਸ ਕਾਰਨ ਪੰਜਾਬ ਦੀ ਚੰਨੀ ਸਰਕਾਰ ਕਟਹਿਰੇ 'ਚ ਆ ਗਈ ਹੈ ਕਿਉਂਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਮਜੀਠੀਆ ਭਗੌੜਾ ਹੈ ਤੇ ਉਸ ਵਿਰੁੱਧ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ।

ਇਸ ਲਈ ਪੰਜਾਬ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਇੱਕ ਵਾਰ ਫਿਰ ਮੁਸੀਬਤ 'ਚ ਫਸ ਗਈ ਹੈ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪਹਿਲਾਂ ਹੀ ਕਹਿ ਰਹੇ ਹਨ ਕਿ ਸਿਰਫ਼ ਕੇਸ ਦਰਜ ਕਰਨ ਨਾਲ ਕੰਮ ਨਹੀਂ ਚੱਲੇਗਾ। ਮਜੀਠੀਆ ਨੂੰ ਗ੍ਰਿਫ਼ਤਾਰ ਕਰਨਾ ਹੋਵੇਗਾ। ਸਰਕਾਰ ਕਹਿੰਦੀ ਰਹੀ ਹੈ ਕਿ ਉਹ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਪਰ ਮਜੀਠੀਆ ਨਹੀਂ ਲੱਭ ਰਿਹਾ। ਅਜਿਹੇ 'ਚ ਮਜੀਠੀਆ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸਿੱਧੂ ਨੂੰ ਮੁੜ ਸਰਕਾਰ 'ਤੇ ਹਮਲਾ ਕਰਨ ਦਾ ਮੌਕਾ ਮਿਲ ਗਿਆ ਹੈ।

ਬਿਕਰਮ ਮਜੀਠੀਆ ਖ਼ਿਲਾਫ਼ ਪੁਰਾਣੇ ਡਰੱਗ ਮਾਮਲੇ 'ਚ FIR ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਮਜੀਠੀਆ ਅੰਡਰ ਗਰਾਊਂਡ ਹੋ ਗਏ ਸਨ। ਉਨ੍ਹਾਂ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਛੱਡ ਦਿੱਤੀ ਸੀ। ਇਸ ਮਗਰੋਂ ਉਹ ਅਗਾਊਂ ਜ਼ਮਾਨਤ ਲਈ ਮੋਹਾਲੀ ਦੀ ਸੈਸ਼ਨ ਅਦਾਲਤ 'ਚ ਗਏ, ਪਰ ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ।

ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ, ਜਿਸ ਦੀ ਸੁਣਵਾਈ 5 ਜਨਵਰੀ ਨੂੰ ਹੋਣੀ ਹੈ। ਜੇਕਰ ਚੰਨੀ ਸਰਕਾਰ ਉਦੋਂ ਤਕ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਤਾਂ 5 ਜਨਵਰੀ ਦੀ ਪੇਸ਼ੀ ਤੋਂ ਬਾਅਦ ਉਹ ਵਿਰੋਧੀ ਧਿਰ ਤੇ ਖ਼ਾਸ ਕਰਕੇ ਸਿੱਧੂ ਦੇ ਨਿਸ਼ਾਨੇ 'ਤੇ ਆ ਸਕਦੇ ਹਨ।