ਜਦੋਂ ਖਹਿਰਾ ਦੇ ਹੱਕ 'ਚ ਡਟ ਗਏ ਸਾਰੇ ਵਿਧਾਇਕ, 'ਆਪ' ਨੇ ਧਾਰੀ ਖਾਮੋਸ਼ੀ
ਵਿਧਾਨ ਸਭਾ ਵਿੱਚ ਮੰਗਲਵਾਰ ਨੂੰ ਉਸ ਵੇਲੇ ਸਿਆਸਤਦਾਨਾਂ ਵਿੱਚ ਏਕਾ ਵੇਖਣ ਨੂੰ ਮਿਲਿਆ ਜਦੋਂ ਵਿਰੋਧੀ ਪਾਰਟੀਆਂ ਦੇ ਵਿਧਾਇਕ ਵੀ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਡਟ ਗਏ। ਆਮ ਆਦਮੀ ਪਾਰਟੀ ਨੂੰ ਛੱਡ ਤਕਰੀਬਨ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੇ ਖਹਿਰਾ ਦੇ ਟਿਕਾਣਿਆਂ ਉੱਪਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪਿਆਂ ਦਾ ਵਿਰੋਧ ਕੀਤਾ।
ਚੰਡੀਗੜ੍ਹ: ਵਿਧਾਨ ਸਭਾ ਵਿੱਚ ਮੰਗਲਵਾਰ ਨੂੰ ਉਸ ਵੇਲੇ ਸਿਆਸਤਦਾਨਾਂ ਵਿੱਚ ਏਕਾ ਵੇਖਣ ਨੂੰ ਮਿਲਿਆ ਜਦੋਂ ਵਿਰੋਧੀ ਪਾਰਟੀਆਂ ਦੇ ਵਿਧਾਇਕ ਵੀ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਡਟ ਗਏ। ਆਮ ਆਦਮੀ ਪਾਰਟੀ ਨੂੰ ਛੱਡ ਤਕਰੀਬਨ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੇ ਖਹਿਰਾ ਦੇ ਟਿਕਾਣਿਆਂ ਉੱਪਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪਿਆਂ ਦਾ ਵਿਰੋਧ ਕੀਤਾ।
ਇਸ ਬਾਰੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਲੀਡਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿਆਸੀ ਬਦਲਾਖੋਰੀ ਤਹਿਤ ਈਡੀ ਤੋਂ ਇਹ ਛਾਪਾ ਮਰਵਾਇਆ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੇ ਕਿਸਾਨ ਘੋਲ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਦਾ ਮਾਮਲਾ ਚੁੱਕਿਆ ਤੇ ਯੂਏਪੀਏ ਨੂੰ ਲੈ ਕੇ ਸਰਕਾਰ ਦੀ ਘੇਰਾਬੰਦੀ ਵੀ ਕਰਦੇ ਰਹੇ ਹਨ। ਖਹਿਰਾ ਦੀ ਆਵਾਜ਼ ਦਬਾਉਣ ਲਈ ਈਡੀ ਤੋਂ ਇਹ ਛਾਪੇ ਮਰਵਾਏ ਗਏ ਹਨ, ਜਿਸ ਦੀ ਸਦਨ ਵੱਲੋਂ ਨਿੰਦਾ ਕੀਤੀ ਜਾਣੀ ਬਣਦੀ ਹੈ।
ਇਸ ਦੇ ਨਾਲ ਹੀ ਤਕਨੀਕੀ ਸਿੱਖਿਆ ਬਾਰੇ ਮੰਤਰੀ ਚਰਨਜੀਤ ਚੰਨੀ ਨੇ ਢੀਂਡਸਾ ਦੀ ਗੱਲ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਈਡੀ ਦੀਆਂ ਕਾਰਵਾਈਆਂ ’ਤੇ ਰੋਕ ਲਾਉਣੀ ਚਾਹੀਦੀ ਹੈ ਤੇ ਸੀਬੀਆਈ ਦੀ ਤਰ੍ਹਾਂ ਪੰਜਾਬ ਸਰਕਾਰ ਨੂੰ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਈਡੀ ਨੂੰ ਪੰਜਾਬ ਵਿੱਚ ਦਾਖਲ ਹੋਣ ਤੋਂ ਰੋਕਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਖਹਿਰਾ ਨੂੰ ਭਾਜਪਾ ਵਿੱਚ ਮਿਲਾਉਣ ਲਈ ਇਹ ਛਾਪੇ ਮਾਰੇ ਗਏ ਹਨ। ਕੇਂਦਰ ਸਰਕਾਰ ਦਾ ਇਹ ਪੰਜਾਬੀਆਂ ਦੀ ਅਣਖ ’ਤੇ ਹਮਲਾ ਹੈ। ਕਿਸਾਨੀ ਘੋਲ ਨੂੰ ਦਬਾਉਣ ਲਈ ਵੀ ਅਜਿਹਾ ਹੋਇਆ ਹੈ।
ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਖਹਿਰਾ ਨੇ ਕੇਂਦਰ ਦੀਆਂ ਵਧੀਕੀਆਂ ਖ਼ਿਲਾਫ਼ ਆਵਾਜ਼ ਉਠਾਈ ਸੀ, ਜਿਸ ਬਦਲੇ ਅਜਿਹੀ ਕਾਰਵਾਈ ਕੀਤੀ ਗਈ ਹੈ। ਵਿਧਾਇਕ ਸੰਧੂ ਨੇ ਮੰਗ ਕੀਤੀ ਕਿ ਅਜਿਹਾ ਮਤਾ ਲਿਆਉਣਾ ਚਾਹੀਦਾ ਹੈ ਕਿ ਈਡੀ ਭਵਿੱਖ ਵਿੱਚ ਬਿਨਾਂ ਪ੍ਰਵਾਨਗੀ ਤੋਂ ਕਿਸੇ ਵਿਧਾਇਕ ਦੇ ਘਰ ’ਤੇ ਛਾਪੇ ਨਾ ਮਾਰ ਸਕੇ।
ਹੋਰ ਤਾਂ ਹੋਰ ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਵੀ ਖਹਿਰਾ ਖ਼ਿਲਾਫ਼ ਹੋਈ ਕਾਰਵਾਈ ਦਾ ਵਿਰੋਧ ਕੀਤਾ। ਢਿੱਲੋਂ ਨੇ ਕਿਹਾ ਕਿ ਵਿਧਾਇਕ ਕਿਸੇ ਵੀ ਪਾਰਟੀ ਦਾ ਹੋਵੇ ਪਰ ਉਸ ਉਪਰ ਇਸ ਤਰ੍ਹਾਂ ਦੀ ਗੈਰ-ਕਨੂੰਨੀ ਛਾਪੇ ਨਹੀਂ ਮਾਰੇ ਜਾਣੇ ਚਾਹੀਦੇ। ਅਹਿਮ ਗੱਲ ਹੈ ਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਚੁੱਪ ਰਹੇ।