ਨਵੀਂ ਦਿੱਲੀ: ਰਾਜਸਥਾਨ ਵਿਧਾਨ ਸਭਾ ਦੇ ਪ੍ਰਸਤਾਵਿਤ ਸੈਸ਼ਨ ਤੋਂ ਕੁਝ ਦਿਨ ਪਹਿਲਾਂ ਹੋਈ ਰਾਜਨੀਤਕ ਹਲਚਲ ਦੇ ਵਿਚਕਾਰ ਬਾਗੀ ਨੇਤਾ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਕਾਂਗਰਸ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਰਾਜਸਥਾਨ ਵਿਧਾਨ ਸਭਾ ਦਾ ਸੈਸ਼ਨ 14 ਅਗਸਤ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਆਪਣਾ ਬਹੁਮਤ ਸਾਬਤ ਕਰਨ ਦੀ ਕੋਸ਼ਿਸ਼ ਕਰਨਗੇ।





ਪਾਇਲਟ ਤੇ ਬਾਗ਼ੀ ਵਿਧਾਇਕਾਂ ਨਾਲ ਗੱਲਬਾਤ ਤੇ ਸੁਲ੍ਹਾ ਬਾਰੇ ਪੁੱਛੇ ਜਾਣ ਤੇ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ, “ਅਸੀਂ ਪਹਿਲਾਂ ਅਤੇ ਅੱਜ ਵੀ ਕਹਿ ਰਹੇ ਹਾਂ, ਜੇ ਪਾਇਲਟ ਤੇ ਹੋਰ ਬਾਗੀ ਵਿਧਾਇਕ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਲਈ ਮੁਆਫੀ ਮੰਗਦੇ ਹਨ, ਤਾਂ ਪਾਰਟੀ ਉਨ੍ਹਾਂ ਨੂੰ ਦੁਬਾਰਾ ਅਪਣਾਉਣ 'ਤੇ ਵਿਚਾਰ ਕਰ ਸਕਦੀ ਹੈ।







ਮੁੱਖ ਮੰਤਰੀ ਗਹਿਲੋਤ ਖ਼ਿਲਾਫ਼ ਖੁੱਲ੍ਹ ਕੇ ਬਗਾਵਤ ਕਰਨ ਤੇ ਵਿਧਾਇਕ ਦਲ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਨਾ ਹੋਣ ਤੋਂ ਬਾਅਦ, ਕਾਂਗਰਸ ਹਾਈ ਕਮਾਨ ਨੇ ਪਾਇਲਟ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਦੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਬਾਗੀ ਰਵੱਈਏ ਨਾਲ ਪਾਇਲਟ ਨੇ ਕਈ ਵਾਰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋਣਗੇ।