ਗੁਰਦਾਸਪੁਰ: ਕੁਝ ਦਿਨ ਪਹਿਲਾਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਕੇਸਲ ਵਿੱਚ ਲੋਕਾਂ ਨੂੰ ਸਮਾਰਟ ਰਾਸ਼ਨ ਕਾਰਡ ਦੇਣ ਪਹੁੰਚੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੂੰ ਪਿੰਡ ਦੀ ਇੱਕ ਔਰਤ ਨੇ ਰਾਸ਼ਨ ਕਾਰਡ ਕੱਟੇ ਜਾਣ ਸਬੰਧੀ ਸਵਾਲ ਪੁੱਛਿਆ। ਇਸ ਤੋਂ ਬਾਅਦ ਪੁਲਿਸ ਨੇ ਇਸ ਔਰਤ ਸਮੇਤ ਉਸ ਦੇ ਪਤੀ ਨੂੰ ਹਿਰਾਸਤ ਵਿੱਚ ਲੈ ਲਿਆ। ਜਦੋਂ ਉਨ੍ਹਾਂ ਦੇ ਸਮਰਥਨ ਵਿੱਚ ਇੱਕ ਭਾਜਪਾ ਪਾਰਟੀ ਦੀ ਮਹਿਲਾ ਆਗੂ ਨੇ ਪੁਲਿਸ ਨਾਲ ਗੱਲ ਕਰਨੀ ਚਾਹੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ। ਠਾਣੇ 'ਚ ਪਹੁੰਚਣ ਤੋਂ ਬਾਅਦ ਪੁਲਿਸ ਤੇ ਭਾਜਪਾ ਵਰਕਰਾਂ 'ਚ ਕਾਫੀ ਖਿੱਚੋਤਾਣ ਹੋਈ।
ਇਸ ਦੌਰਾਨ ਭਾਜਪਾ ਆਗੂ ਜ਼ਖਮੀ ਹੋ ਗਈ। ਭਾਜਪਾ ਸਮਰਥਕਾਂ ਨੇ ਪੁਲਿਸ ਪ੍ਰਸ਼ਾਸ਼ਨ 'ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ। ਅੱਜ ਪੀੜਤ ਮਹਿਲਾ ਨੂੰ ਮਿਲਣ ਲਈ ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਤੇ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ।
ਵਿਜੇ ਸਾਂਪਲਾ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਾ ਸੀ ਕਿ ਦੀਨਾਨਗਰ ਵਿੱਚ ਅਨੁਸੂਚਿਤ ਜਾਤੀ ਦੀ ਭਾਜਪਾ ਮਹਿਲਾ ਆਗੂ ਨਾਲ ਪੁਲਿਸ ਵੱਲੋਂ ਖਿੱਚੋਤਾਣ ਕੀਤੀ ਗਈ ਹੈ। ਉਨ੍ਹਾਂ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਨ੍ਹਾਂ ਨੇ ਆਪਣੇ ਰਾਸ਼ਨ ਕਾਰਡ ਕੱਟੇ ਜਾਣ ਸਬੰਧੀ ਮੰਤਰੀ ਅਰੁਣਾ ਚੌਧਰੀ ਨੂੰ ਸਵਾਲ ਕੀਤਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸਿਆਸੀ ਸ਼ਹਿ ਉੱਪਰ ਭਾਜਪਾ ਮਹਿਲਾ ਵਰਕਰ ਨਾਲ ਖਿੱਚੋਤਾਣ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਵੀਡੀਓ ਸਾਹਮਣੇ ਆਈਆਂ ਹਨ, ਉਸ ਤੋਂ ਸਾਫ ਦਿੱਖ ਰਿਹਾ ਹੈ ਕਿ ਮਹਿਲਾ ਨਾਲ ਖਿੱਚੋਤਾਣ ਕੀਤੀ ਗਈ ਹੈ।
ਉਨ੍ਹਾਂ ਕਿਹਾ ਇਸ ਸਬੰਧੀ ਜਿਲ੍ਹਾ ਪ੍ਰਸਾਸ਼ਨ ਨੂੰ ਜਾਂਚ ਕਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ ਜੋ ਵੀ ਦੋਸ਼ੀ ਹੋਇਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਹਿਲਾ ਗੁਰਮੀਤ ਕੌਰ ਨੇ ਦੱਸਿਆ ਕਿ ਪਿੰਡ ਦੀ ਇੱਕ ਔਰਤ ਨੇ ਕੈਬਨਿਟ ਮੰਤਰੀ ਪੰਜਾਬ ਅਰੁਨਾ ਚੌਧਰੀ ਨੂੰ ਸਿਰਫ਼ ਕਾਰਡ ਕੱਟੇ ਜਾਣ ਸਬੰਧੀ ਸਵਾਲ ਕੀਤਾ ਸੀ। ਇਸ ਤੋਂ ਬਾਅਦ ਦੀਨਾਨਗਰ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਤੇ ਭਾਜਪਾ ਵਰਕਰ ਨਾਲ ਖਿੱਚੋਤਾਣ ਕੀਤੀ। ਉਨ੍ਹਾਂ ਦੱਸਿਆ ਕਿ ਵਿਜੇ ਸਾਂਪਲਾ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।