Afghanistan News: ਅਫ਼ਗਾਨਿਸਤਾਨ ਉੱਤੇ ਕਬਜ਼ਾ ਕਰਨ ਤੋਂ ਬਾਅਦ ਹੁਣ ਤਾਲਿਬਾਨ ਨੇ ਭਾਰਤ ਵਿਰੁੱਧ ਚਾਲਾਂ ਖੇਡਣੀਆਂ ਸ਼ੁਰੂ ਕਰ ਦਿੱਤੀਆਂ ਹਨ। ਤਾਲਿਬਾਨ ਨੇ ਅਫ਼ਗਾਨਿਸਤਾਨ ਨੂੰ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀਪੀਈਸੀ) ਪ੍ਰਾਜੈਕਟ 'ਚ ਸ਼ਾਮਲ ਕਰਨ ਦੀ ਇੱਛਾ ਵੀ ਜ਼ਾਹਰ ਕੀਤੀ ਹੈ। ਭਾਰਤ ਇਸ ਪ੍ਰਾਜੈਕਟ ਦੇ ਵਿਰੁੱਧ ਆਪਣਾ ਵਿਰੋਧ ਦਰਜ ਕਰਵਾ ਰਿਹਾ ਹੈ, ਕਿਉਂਕਿ ਇਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚੋਂ ਲੰਘਦਾ ਹੈ।
ISI ਚੀਫ਼-ਮੁੱਲਾ ਬਰਾਦਰ ਵਿਚਕਾਰ ਹੋਵੇਗੀ ਮੀਟਿੰਗ: ਤਾਲਿਬਾਨ
ਦਰਅਸਲ, ਤਾਲਿਬਾਨ ਦੇ ਬੁਲਾਰੇ ਜ਼ਬੀਉੱਲਾ ਮੁਜ਼ਾਹਿਦ ਨੇ ਚੀਨ-ਪਾਕਿਸਤਾਨ ਆਰਥਿਕ ਗਲਿਆਰਾ ਪ੍ਰਾਜੈਕਟ 'ਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਹੈ। ਪਾਕਿਸਤਾਨ ਦੇ ਸਮਾ ਨਿਊਜ਼ ਚੈਨਲ ਅਨੁਸਾਰ ਤਾਲਿਬਾਨ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਾਲ ਜੁੜੀਆਂ ਇਸਲਾਮਾਬਾਦ ਦੀਆਂ ਚਿੰਤਾਵਾਂ ਨੂੰ ਵੀ ਦੂਰ ਕਰੇਗਾ।
ਮੁਜ਼ਾਹਿਦ ਨੇ ਇਹ ਵੀ ਪੁਸ਼ਟੀ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਦੇ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ ਤੇ ਸੀਨੀਅਰ ਤਾਲਿਬਾਨ ਨੇਤਾ ਮੁੱਲਾ ਅਬਦੁਲ ਗਨੀ ਬਰਾਦਰ ਵਿਚਕਾਰ ਇੱਕ ਬੈਠਕ ਹੋਣ ਜਾ ਰਹੀ ਹੈ।
ਆਰਥਿਕ ਗਲਿਆਰਾ ਪ੍ਰਾਜੈਕਟ ਲਈ ਚੀਨ ਪਾਕਿਸਤਾਨ 'ਤੇ ਨਿਰਭਰ
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਬਲੋਚਿਸਤਾਨ 'ਚ ਗਵਾਦਰ ਬੰਦਰਗਾਹ ਨੂੰ ਚੀਨ ਦੇ ਝਿਨਜਿਆਂਗ ਸੂਬੇ ਨਾਲ ਜੋੜਨ ਲਈ ਸੀਪੀਈਸੀ ਚੀਨ ਦਾ ਅਹਿਮ ਬੈਲਟ ਐਂਡ ਰੋਡ ਪ੍ਰਾਜੈਕਟ ਦਾ ਹਿੱਸਾ ਹੈ।
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਹੋ ਕੇ ਗੁਜ਼ਰਨ ਕਾਰਨ ਭਾਰਤ ਸੀਪੀਈਸੀ ਪ੍ਰਾਜੈਕਟ ਨੂੰ ਲੈ ਕੇ ਆਪਣਾ ਵਿਰੋਧ ਵੀ ਦਰਜ ਕਰਵਾਉਂਦਾ ਰਿਹਾ ਹੈ। 60 ਅਰਬ ਡਾਲਰ ਦੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਪ੍ਰਾਜੈਕਟ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਪਾਕਿਸਤਾਨ 'ਤੇ ਨਿਰਭਰ ਹੈ।