Kejriwal arrest: ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਰਮਨੀ ਤੋਂ ਬਾਅਦ ਹੁਣ ਅਮਰੀਕਾ ਨੇ ਵੀ ਇਤਰਾਜ਼ ਜ਼ਾਹਿਰ ਕੀਤਾ ਹੈ। ਅਮਰੀਕਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਭਾਰਤ ਵਿੱਚ ਵਿਰੋਧੀ ਲੀਡਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਉੱਤੇ ਨਜ਼ਰ ਰੱਖੀ ਹੋਈ ਹੈ।ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਭਾਰਤ ਦੀ ਸਿਆਸਤ ਵਿੱਚ ਵਿਰੋਧੀ ਲੀਡਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਰਿਪੋਰਟ ਉੱਤੇ ਨਜ਼ਰ ਰੱਖੀ ਹੋਈ ਹੈ ਤੇ ਦੇਸ਼ ਵਿੱਚ ਨਿਰਪੱਖ ਕਾਨੂੰਨੀ ਪ੍ਰਕੀਰਿਆ ਦੀ ਉਮੀਦ ਕਰਦੇ ਹਾਂ।
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਕੇਜਰੀਵਾਲ ਉੱਤੇ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਦੀ ਉਮੀਦ ਕਰਦੇ ਹਾਂ। ਦਰਅਸਲ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਜਰਮਨੀ ਦੇ ਬਿਆਨ ਤੋਂ ਬਾਅਦ ਭਾਰਤ ਨੇ ਜਰਮਨ ਰਾਜਦੂਤ ਨੂੰ ਤਲਬ ਕਰਕੇ ਸਖ਼ਤ ਨਾਰਾਜ਼ਗੀ ਜਤਾਈ ਸੀ। ਇਸ ਘਟਨਾਕ੍ਰਮ ਤੋਂ ਬਾਅਦ ਹੀ ਇਸ ਮਾਮਲੇ 'ਤੇ ਅਮਰੀਕਾ ਦੀ ਪ੍ਰਤੀਕਿਰਿਆ ਆਈ ਹੈ।
ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਜਰਮਨੀ ਦੇ ਵਿਰੋਧ 'ਤੇ ਭਾਰਤ ਦੇ ਇਤਰਾਜ਼ ਬਾਰੇ ਪੁੱਛੇ ਜਾਣ 'ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਇਸ ਦੇ ਲਈ ਤੁਹਾਨੂੰ ਜਰਮਨੀ ਦੇ ਵਿਦੇਸ਼ ਮੰਤਰਾਲੇ ਨਾਲ ਗੱਲ ਕਰਨੀ ਪਵੇਗੀ ਕਿ ਉਨ੍ਹਾਂ ਨੇ ਭਾਰਤ ਸਰਕਾਰ ਨਾਲ ਕੀ ਗੱਲਬਾਤ ਕੀਤੀ ਹੈ।
ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਜਰਮਨੀ ਨੇ ਕੀ ਕਿਹਾ?
ਸ਼ਰਾਬ ਘੁਟਾਲੇ 'ਚ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਜਰਮਨੀ ਨੇ ਕਿਹਾ ਸੀ ਕਿ ਇਸ ਮਾਮਲੇ 'ਚ ਸਾਰੀ ਕਾਰਵਾਈ ਨਿਰਪੱਖ ਹੋਣੀ ਚਾਹੀਦੀ ਹੈ ਅਤੇ ਮੁੱਖ ਮੰਤਰੀ ਕੇਜਰੀਵਾਲ ਨੂੰ ਬਿਨਾਂ ਕਿਸੇ ਰੋਕ-ਟੋਕ ਦੇ ਕਾਨੂੰਨੀ ਰਾਹ ਅਪਣਾਉਣ ਦਾ ਅਧਿਕਾਰ ਦਿੱਤਾ ਜਾਣਾ ਚਾਹੀਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਾਨੂੰਨ ਦੇ ਸ਼ਾਸਨ ਅਤੇ ਬੁਨਿਆਦੀ ਸਿਧਾਂਤਾਂ 'ਤੇ ਵੀ ਜ਼ੋਰ ਦਿੱਤਾ ਸੀ।
ਜਦੋਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਸੇਬੇਸਟੀਅਨ ਫਿਸ਼ਰ ਨੂੰ ਕੇਜਰੀਵਾਲ ਦੇ ਮਾਮਲੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਨੋਟਿਸ ਲਿਆ ਹੈ। ਭਾਰਤ ਇੱਕ ਲੋਕਤੰਤਰੀ ਦੇਸ਼ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਨਿਆਂਪਾਲਿਕਾ ਦੀ ਸੁਤੰਤਰਤਾ ਅਤੇ ਬੁਨਿਆਦੀ ਲੋਕਤੰਤਰੀ ਸਿਧਾਂਤਾਂ ਨਾਲ ਸਬੰਧਤ ਮਾਪਦੰਡ ਇਸ ਮਾਮਲੇ ਵਿੱਚ ਵੀ ਲਾਗੂ ਹੋਣਗੇ।
ਭਾਰਤ ਨੇ ਜਰਮਨੀ ਦੇ ਬਿਆਨ 'ਤੇ ਇਤਰਾਜ਼ ਪ੍ਰਗਟਾਇਆ
ਭਾਰਤ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਜਰਮਨੀ ਦੀਆਂ ਟਿੱਪਣੀਆਂ 'ਤੇ ਸਖਤ ਇਤਰਾਜ਼ ਪ੍ਰਗਟਾਇਆ ਸੀ। ਭਾਰਤ ਨੇ ਜਰਮਨ ਰਾਜਦੂਤ ਨੂੰ ਤਲਬ ਕਰਕੇ ਸਖ਼ਤ ਨਾਰਾਜ਼ਗੀ ਜਤਾਈ ਸੀ। ਜਰਮਨ ਮਿਸ਼ਨ ਦੇ ਡਿਪਟੀ ਚੀਫ਼ ਜੌਰਜ ਐਨਜ਼ਵੇਲਰ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਨੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਕਿ ਜਰਮਨੀ ਦੀ ਟਿੱਪਣੀ ਭਾਰਤ ਦੇ ਅੰਦਰੂਨੀ ਮਾਮਲੇ ਵਿੱਚ ਅਣਉਚਿਤ ਦਖਲਅੰਦਾਜ਼ੀ ਹੈ।