ਵਾਸ਼ਿੰਗਟਨ: ਅਮਰੀਕੀ ਯੂਨੀਵਰਸਿਟੀਆਂ ਦੀ ਅਧਿਕਾਰਕ ਰਿਪੋਰਟ ਮੁਤਾਬਕ ਅਮਰੀਕਾ ’ਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ ਸਾਲ 2018 ‘’ਚ ਦੋ ਫੀਸਦੀ ਵਾਧਾ ਦਰਜ ਕੀਤਾ ਗਿਆ। ਇਸ ਰਿਪੋਰਟ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰਤ ਚੀਨ ਤੋਂ ਬਾਅਦ ਦੂਜੇ ਨੰਬਰ ’ਤੇ ਹੈ।


 

ਇਸ ਸਮੇਂ ਚੀਨ ਦੇ 3,77,070 ਵਿਦਿਆਰਥੀ ਅਮਰੀਕਾ ’ਚ ਪੜ੍ਹਾਈ ਕਰ ਰਹੇ ਹਨ ਜਦਕਿ ਭਾਰਤੀ ਵਿਦਿਆਰਥੀਆਂ ਦੀ ਗਿਣਤੀ 2,11,703 ਹੈ। ਅਮਰੀਕੀ ਯੂਨੀਵਰਸਿਟੀਆਂ ’ਚ ਪੜ੍ਹਾਈ ਕਰਨ ਲਈ ਭਾਰਤੀ ਵਿਦਿਆਰਥੀਆਂ ਦੀ ਰੁਚੀ ਵਧੀ ਹੈ। ਮੌਜੂਦਾ ਸਾਲ ਦੀ ਗੱਲ ਕਰੀਏ ਤਾਂ ਜਿਥੇ ਚੀਨੀ ਵਿਦਿਆਰਥੀਆਂ ਦੀ ਗਿਣਤੀ ’ਚ ਇੱਕ ਫੀਸਦੀ ਵਾਧਾ ਹੋਇਆ ਹੈ, ਉੱਥੇ ਹੀ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ ਦੋ ਫੀਸਦੀ ਵਾਧਾ ਦੇਖਣ ਨੂੰ ਮਿਲਿਆ।

ਅਮਰੀਕਾ ’ਚ ਚੀਨੀ ਤੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ ਵਾਧੇ ਦੇ ਬਾਵਜੂਦ ਅਮਰੀਕਾ ’ਚ ਏਸ਼ੀਅਨ ਵਿਦਿਆਰਥੀਆਂ ਦੀ ਗਿਣਤੀ ’ਚ ਕਮੀ ਪਾਈ ਗਈ ਹੈ। ਬੀਤੇ ਸਾਲ ਦੀ ਤੁਲਨਾ ’ਚ ਮੌਜੂਦਾ ਸਾਲ ਸਾਊਦੀ ਅਰਬ ਦੇ 9,971 ਤੇ ਦੱਖਣੀ ਕੋਰੀਆ ਦੇ 5,488 ਵਿਦਿਆਰਥੀ ਘੱਟ ਹੋਏ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ’ਚ ਇਸ ਸਾਲ 12,01,829 ਵਿਦੇਸ਼ੀ ਵਿਦਿਆਰਥੀ ਪੜ੍ਹਾਈ ਲਈ ਪਹੁੰਚੇ ਜਦਕਿ ਸਾਲ 2017 ’ਚ 12,08,039 ਵਿਦੇਸ਼ੀ ਵਿਦਿਆਰਥੀ ਅਮਰੀਕਾ ’ਚ ਪਹੁੰਚੇ ਸਨ।