ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਇਮਰਾਨ ਖ਼ਾਨ ਦੇ ਰਾਹ 'ਚ ਅੜਿੱਕਾ
ਪੇਸ਼ਾਵਰ: ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ ਖ਼ਾਨ ਨੂੰ ਸਰਕਾਰੀ ਹੈਲੀਕਾਪਟਰਾਂ ਦੀ ਦੁਰਵਰਤੋਂ ਸਬੰਧੀ ਦੇਸ਼ 'ਚ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਸੰਮਣ ਭੇਜ ਕੇ 7 ਅਗਸਤ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਹੈਲੀਕਾਪਟਰਾਂ ਦੀ ਦੁਰਵਰਤੋਂ ਨਾਲ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਖਜ਼ਾਨੇ ਨੂੰ 21.7 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਖ਼ੈਬਰ ਪਖ਼ਤੂਨਖ਼ਵਾ ਸੂਬੇ 'ਚ ਸਾਲ 2013 ਤੋਂ ਇਮਰਾਨ ਦੀ ਪਾਰਟੀ ਦੀ ਸਰਕਾਰ ਹੈ। ਰਾਸ਼ਟਰੀ ਜਵਾਬਦੇਹੀ ਬਿਊਰੋ 72 ਘੰਟਿਆਂ ਤੋਂ ਵੱਧ ਸਮੇਂ ਤਕ ਸਰਕਾਰੀ ਹੈਲੀਕਾਪਟਰਾਂ ਦੀ ਦੁਰਵਰਤੋਂ ਨਾਲ ਸੂਬਾ ਸਰਕਾਰ ਦੇ ਖਜ਼ਾਨੇ ਨੂੰ 21.7 ਲੱਖ ਰੁਪਏ ਦਾ ਨੁਕਾਸਨ ਹੋਣ ਸਬੰਧੀ ਜਾਂਚ ਕਰ ਰਹੀ ਹੈ।
ਏਐਨਬੀ ਦੇ ਅਧਿਕਾਰੀ ਨੇ ਦੱਸਿਆ ਕਿ ਇਮਰਾਨ ਨੂੰ 7 ਅਗਸਤ ਨੂੰ ਪੁੱਛਗਿਛ ਲਈ ਬੁਲਾਇਆ ਗਿਆ ਹੈ ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਓਧਰ ਖ਼ਾਨ ਨੇ ਕੁਝ ਵੀ ਗ਼ਲਤ ਕੀਤਾ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਖ਼ਾਨ ਨੂੰ ਇਸ ਤੋਂ ਪਹਿਲਾਂ 18 ਜੁਲਾਈ ਨੂੰ ਸੰਮਣ ਭੇਜੇ ਗਏ ਸਨ ਪਰ ਉਹ ਚੋਣਾਂ ਕਾਰਨ ਬਿਊਰੋ ਅੱਗੇ ਪੇਸ਼ ਨਹੀਂ ਹੋ ਸਕੇ। ਖ਼ੈਬਰ ਪਖ਼ਤੂਨਖ਼ਵਾ ਸੂਬੇ ਤੋਂ ਉਨ੍ਹਾਂ ਦੀ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਪਰਵੇਜ ਖ਼ਚਕ ਤੇ ਚਾਰ ਸੀਨੀਅਰ ਅਧਿਕਾਰੀ ਇਸ ਮਾਮਲੇ 'ਚ ਪਹਿਲਾਂ ਹੀ ਆਪਣਾ ਬਿਆਨ ਦਰਜ ਕਰਵਾ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਇਮਰਾਨ ਖ਼ਾਨ ਦੀ ਪਾਰਟੀ 25 ਜੁਲਾਈ ਨੂੰ ਹੋਈਆਂ ਚੋਣਾਂ 'ਚ ਸਭ ਤੋਂ ਵੱਡੇ ਦਲ ਦੇ ਤੌਰ 'ਤੇ ਉੱਭਰੀ ਹੈ। 65 ਸਾਲਾ ਖ਼ਾਨ 11 ਅਗਸਤ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈ ਸਕਦੇ ਹਨ।