ਨਵੀਂ ਦਿੱਲੀ: ਜੰਮੂ-ਕਸ਼ਮੀਰ ਬਾਰੇ ਮੋਦੀ ਸਰਕਾਰ ਦੇ ਫੈਸਲੇ ਨਾਲ ਪਾਕਿਸਤਾਨ ਬੁਖਲਾਇਆ ਹੋਇਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਲਗਾਤਾਰ ਬੈਠਕਾਂ ਕਰ ਰਹੇ ਹਨ। ਇਸ ਸਬੰਧ ਵਿੱਚ ਉਨ੍ਹਾਂ ਅੱਜ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਇੱਕ ਮੀਟਿੰਗ ਕੀਤੀ। ਇਸ ਬੈਠਕ ਵਿੱਚ ਪਾਕਿਸਤਾਨ ਨੇ ਭਾਰਤ ਨਾਲ ਆਪਣੇ ਕੂਟਨੀਤਕ ਸਬੰਧਾਂ ਦਾ ਦਰਜਾ ਘਟਾਉਣ ਦਾ ਫ਼ੈਸਲਾ ਕੀਤਾ। ਪਾਕਿਸਤਾਨ ਨੇ ਕਿਹਾ ਹੈ ਕਿ ਉਹ ਕਸ਼ਮੀਰ ਬਾਰੇ ਭਾਰਤ ਦੇ ਤਾਜ਼ਾ ਫੈਸਲੇ ਸਬੰਧੀ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐਨਐਸਸੀ) ਕੋਲ ਮੁੱਦਾ ਚੁੱਕੇਗਾ।


ਇਸ ਦੇ ਨਾਲ ਹੀ ਖ਼ਾਨ ਨੇ ਭਾਰਤ ਨਾਲ ਦੁਵੱਲੇ ਵਪਾਰਕ ਸਬੰਧ ਵੀ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ, ਪਾਕਿਸਤਾਨ ਨੇ ਇਹ ਵੀ ਕਿਹਾ ਹੈ ਕਿ ਉਹ ਦੁਵੱਲੇ ਸਮਝੌਤਿਆਂ ਦੀ ਸਮੀਖਿਆ ਕਰੇਗਾ। ਪਾਕਿਸਤਾਨ ਨੇ ਇਸਲਾਮਾਬਾਦ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੂੰ ਵੀ ਭਾਰਤ ਵਾਪਿਸ ਭੇਜਣ ਤੇ ਨਾਲ ਹੀ ਦਿੱਲੀ ਤੋਂ ਆਪਣੇ ਹਾਈ ਕਮਿਸ਼ਨਰ ਨੂੰ ਵੀ ਵਾਪਸ ਪਾਕਿਸਤਾਨ ਬੁਲਾਉਣ ਦਾ ਫੈਸਲਾ ਲਿਆ ਹੈ।




ਪਾਕਿਸਤਾਨ ਦੇ ਵਿਦੇਸ਼ ਮੰਤਰੀ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਸਾਡੇ ਹਾਈ ਕਮਿਸ਼ਨਰ ਲੰਮੇ ਸਮੇਂ ਤੋਂ ਨਵੀਂ ਦਿੱਲੀ ਵਿੱਚ ਨਹੀਂ ਹਨ। ਅਸੀਂ ਭਾਰਤ ਦੇ ਹਾਈ ਕਮਿਸ਼ਨਰ ਨੂੰ ਵਾਪਸ ਭੇਜਾਂਗੇ। ਯਾਦ ਰਹੇ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ (ਜੰਮੂ-ਕਸ਼ਮੀਰ ਤੇ ਲੱਦਾਖ) ਵਿੱਚ ਵੰਡ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜੰਮੂ ਕਸ਼ਮੀਰ ਨੂੰ ਦਿੱਤਾ ਵਿਸ਼ੇਸ਼ ਰੁਤਬਾ ਵੀ ਖ਼ਤਮ ਕਰ ਦਿੱਤਾ ਹੈ। ਪਾਕਿਸਤਾਨ ਭਾਰਤ ਦੇ ਇਸ ਕਦਮ ਨਾਲ ਬੁਖਲਾ ਗਿਆ ਹੈ।