Canada News: ਕੈਨੇਡਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪੰਜਾਬੀਆਂ ਨੂੰ ਸ਼ਰਮਸਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਕੈਨੇਡਾ ਦੇ ਨੌਰਥ ਵੈਨਕੂਵਰ ਵਿੱਚ 5 ਫਰਵਰੀ ਨੂੰ ਇਕ ਘਰ ਵਿੱਚ ਜ਼ਬਰਦਸਤੀ ਦਾਖਲ ਹੋਣ ਅਤੇ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੇ ਮਾਮਲੇ ਵਿੱਚ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ 3 ਪੰਜਾਬੀ ਨੌਜਵਾਨ ਵੀ ਸ਼ਾਮਲ ਹਨ।

ਜਾਣੋ ਕਿਹੜੇ 3 ਪੰਜਾਬੀਆਂ ਦੇ ਨਾਮ ਆਏ ਸਾਹਮਣੇ?

ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਚਾਰਜ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਜੋਤ ਸਿੰਘ ਸਮਰਾ (29 ਸਾਲ), ਗੈਰੀ ਗੁਰਪ੍ਰੀਤ ਢਿੱਲੋਂ (33 ਸਾਲ), ਸਹਿਜਦੀਪ ਸਿੰਘ ਖੁੰਖੁਣ (26 ਸਾਲ) ਅਤੇ ਸ਼ੇਨ ਆਰੋਨ ਨਾਇਕਰ (31 ਸਾਲ) ਵਜੋਂ ਹੋਈ ਹੈ। ਇਨ੍ਹਾਂ ਚਾਰਾਂ ਖ਼ਿਲਾਫ਼ ਅਦਾਲਤ ਵਿੱਚ ਕਈ ਗੰਭੀਰ ਇਲਜ਼ਾਮ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨਾ, ਘਰ ਵਿੱਚ ਜ਼ਬਰਦਸਤੀ ਦਾਖਲ ਹੋਣਾ, ਗ਼ੈਰ-ਕਾਨੂੰਨੀ ਤਰੀਕੇ ਨਾਲ ਬੰਧਕ ਬਣਾਉਣਾ, ਲੋਡਿਡ ਬੰਦੂਕ ਰੱਖਣਾ ਤੇ ਹਥਿਆਰ ਨਾਲ ਹਮਲਾ ਕਰਨਾ ਆਦਿ ਸ਼ਾਮਲ ਹਨ।

 

ਇਹ ਸਾਰੇ ਮੁਲਜ਼ਮ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਹਨ ਤੇ ਉਨ੍ਹਾਂ ਦੀ ਜ਼ਮਾਨਤ 'ਤੇ ਸੁਣਵਾਈ ਹੋਣੀ ਹਾਲੇ ਬਾਕੀ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਵਾਰਦਾਤ ਪਿੱਛੇ ਕੋਈ ਵੱਡਾ ਗੈਂਗ ਜਾਂ ਸਾਜ਼ਿਸ਼ ਤਾਂ ਨਹੀਂ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਪੰਜਾਬੀ ਭਾਈਚਾਰੇ ਵਿੱਚ ਵੀ ਚਰਚਾ ਛਿੜ ਗਈ ਹੈ, ਕਿਉਂਕਿ ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਮਾਮਲੇ ਲਗਾਤਾਰ ਚਿੰਤਾ ਦਾ ਵਿਸ਼ਾ ਬਣ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।