ਚੰਡੀਗੜ੍ਹ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਾਰਤ ਦਾ ਦੌਰਾ ਰੱਦ ਕਰਨ ਕਰਕੇ ਨਵੀਂ ਚਰਚਾ ਛਿੜ ਗਈ ਹੈ। ਅਹਿਮ ਗੱਲ ਹੈ ਕਿ ਉਨ੍ਹਾਂ ਗਣਤੰਤਰ ਦਿਵਸ ਦੀ ਪਰੇਡ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਸੀ। ਬੇਸ਼ੱਕ ਇੰਗਲੈਂਡ ਸਰਕਾਰ ਨੇ ਕਿਹਾ ਹੈ ਕਿ ਕਰੋਨਾਵਾਇਰਸ ਦੇ ਨਵੇਂ ਰੂਪ ਦੇ ਵਧ ਰਹੇ ਕੇਸਾਂ ਕਾਰਨ ਪੈਦਾ ਹੋਏ ਸੰਕਟ ਕਾਰਨ ਜੌਹਨਸਨ ਵੱਲੋਂ ਭਾਰਤ ਦਾ ਦੌਰਾ ਰੱਦ ਕੀਤਾ ਗਿਆ ਹੈ ਪਰ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਇਹ ਕਿਸਾਨ ਅੰਦੋਲਨ ਕਰਕੇ ਹੋਇਆ ਹੈ।

ਕਾਂਗਰਸ ਦੇ ਨੇਤਾ ਦਿਗਵਿਜੇ ਸਿੰਘ ਨੇ ਕਿਸਾਨ ਅੰਦੋਲਨ ਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਦੌਰਾ ਰੱਦ ਹੋਣ ਨੂੰ ਜੋੜਦਿਆਂ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਦਿਗਵਿਜੇ ਸਿੰਘ ਨੇ ਟਵੀਟ ਕੀਤਾ, "ਹੁਣ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨਹੀਂ ਆ ਰਹੇ, ਤਾਂ ਮੋਦੀ ਜੀ ਗਣਤੰਤਰ ਦਿਵਸ ਦੇ ਮੁੱਖ ਮਹਿਮਾਨਾਂ ਵਜੋਂ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਕਿਉਂ  ਨਹੀਂ ਬੁਲਾਉਂਦੇ?"

ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਸੰਘਰਸ਼ ਨਾਲ ਸਹੀ ਤਰੀਕੇ ਨਾਲ ਨਾ ਨਜਿੱਠਣ ਕਾਰਨ ਹੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚਣ ਦਾ ਪ੍ਰੋਗਰਾਮ ਰੱਦ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜੌਹਨਸਨ ਨੇ ਕਰੋਨਾ ਮਹਾਮਾਰੀ ਨੂੰ ਦੌਰਾ ਰੱਦ ਕਰਨ ਦਾ ਕਾਰਨ ਦੱਸਿਆ ਹੈ, ਪਰ ਇਹ ਸਪਸ਼ਟ ਹੈ ਕਿ ਉਹ ਵਿਦੇਸ਼ਾਂ ਵਿੱਚ ਵਸਦੇ ਸੰਸਦ ਮੈਂਬਰਾਂ ਸਮੇਤ ਪੰਜਾਬੀਆਂ ਵੱਲੋਂ ਬਣਾਏ ਜਾ ਰਹੇ ਦਬਾਅ ਦੇ ਅੱਗੇ ਝੁਕ ਗਏ ਹਨ।

ਸੁਖਬੀਰ ਨੇ ਦਾਅਵਾ ਕੀਤਾ ਕਿ ਇਸ ਨੇ ਸਪਸ਼ਟ ਸੰਕੇਤ ਦਿੱਤਾ ਹੈ ਕਿ ਬਰਤਾਨੀਆ ਲੋਕਤੰਤਰੀ ਤੇ ਸ਼ਾਂਤੀਪੂਰਨ ਤਰੀਕੇ ਨਾਲ ਕੀਤੇ ਜਾ ਰਹੇ ਸੰਘਰਸ਼ ਨਾਲ ਧੱਕੇਸ਼ਾਹੀ ਦੇ ਬਿਲਕੁਲ ਖ਼ਿਲਾਫ਼ ਹੈ। ਸ਼੍ਰੋਮਣੀ ਅਕਾਲੀ ਦਲ ਨੇ ਜੌਹਨਸਨ ਦਾ ਇਸ ਗੱਲੋਂ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਭਾਰਤ ਦੇ ਕਿਸਾਨਾਂ ਦੀ ਆਵਾਜ਼ ਸੁਣੀ ਹੈ ਤੇ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਭਾਰਤ ਆਉਣ ਤੋਂ ਜਵਾਬ ਦੇ ਦਿੱਤਾ।

ਦੱਸ ਦਈਏ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲਾ ਭਾਰਤ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਗਣਤੰਤਰ ਦਿਵਸ ਦੀ ਪਰੇਡ ਮੌਕੇ ਮੁੱਖ ਮਹਿਮਾਨ ਹੋਣਾ ਸੀ। ਇੰਗਲੈਂਡ ’ਚ ਕਰੋਨਾਵਾਇਰਸ ਦੇ ਨਵੇਂ ਰੂਪ ਦੇ ਵਧ ਰਹੇ ਕੇਸਾਂ ਕਾਰਨ ਪੈਦਾ ਹੋਏ ਸੰਕਟ ਕਾਰਨ ਉਨ੍ਹਾਂ ਭਾਰਤ ਦਾ ਦੌਰਾ ਰੱਦ ਕੀਤਾ ਹੈ। ਜੌਹਨਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ’ਤੇ ਆਪਣੇ ਭਾਰਤ ਦੌਰੇ ’ਤੇ ਨਾ ਆਉਣ ਦਾ ਅਫ਼ਸੋਸ ਜਤਾਇਆ ਹੈ।