Canada Immigration: ਸਟੱਡੀ ਵੀਜ਼ੇ ਰਾਹੀਂ ਕੈਨੇਡਾ ਜਾਣ ਦੇ ਚਾਹਵਾਨਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕੈਨੇਡਾ ਸਰਕਾਰ ਪਰਵਾਸੀ ਵਿਦਿਆਰਥੀਆਂ ਉੱਪਰ ਹੋਰ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਦੇਸ਼ ਅੰਦਰ ਬੇਰੁਜ਼ਗਾਰੀ ਤੇ ਮਹਿੰਗਾਈ ਨੂੰ ਵੇਖਦਿਆਂ ਕੈਨੇਡਾ ਸਰਕਾਰ ਪਰਵਾਸੀ ਵਿਦਿਆਰਥੀਆਂ ਦੀ ਆਮਦ ਨੂੰ ਘਟਾ ਸਕਦੀ ਹੈ। ਬੇਸ਼ੱਕ ਇਸ ਬਾਰੇ ਫੈਸਲਾ ਨਹੀਂ ਹੋਇਆ ਪਰ ਸਰਕਾਰ ਵੱਲੋਂ ਪਲਾਨਿੰਗ ਕੀਤੀ ਜਾ ਰਹੀ ਹੈ। 


ਇਸ ਬਾਰੇ ਕੈਨੇਡਾ ਵਿੱਚ ਵਧਦੇ ਬੇਰੁਜ਼ਗਾਰੀ ਤੇ ਹਾਊਸਿੰਗ ਸੰਕਟ ਦੇ ਮੱਦੇਨਜ਼ਰ ਆਵਾਸ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਉਹ ਅਗਲੇ ਕੁਝ ਮਹੀਨਿਆਂ ’ਚ ਦੇਸ਼ ਵਿੱਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਸੰਭਾਵਨਾ ਉੱਤੇ ਵਿਚਾਰ ਕਰ ਰਹੇ ਹਨ। ਜੇਕਰ ਕੈਨੇਡਾ ਸਰਕਾਰ ਅਜਿਹਾ ਕਰਦੀ ਹੈ ਤਾਂ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗੇਗਾ। ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਨੇ ਫੀਸਾਂ ਵਧਾ ਕੇ ਝਟਕਾ ਦਿੱਤਾ ਸੀ।



ਦੱਸ ਦਈਏ ਕਿ ਦੇਸ਼ ਵਿੱਚ ਰਿਹਾਇਸ਼ ਕਾਫੀ ਮਹਿੰਗੀ ਹੋ ਗਈ ਹੈ ਤੇ ਘਰ ਖ਼ਰੀਦਣਾ ਲੋਕਾਂ ਦੀ ਸਮਰੱਥਾ ਤੋਂ ਬਾਹਰ ਹੁੰਦਾ ਜਾ ਰਿਹਾ ਹੈ। ਸੀਟੀਵੀ ਨਿਊਜ਼ ਦੀ ਇੱਕ ਰਿਪੋਰਟ ਮੁਤਾਬਕ ਆਵਾਸ ਮੰਤਰੀ ਮਾਰਕ ਮਿਲਰ ਨੇ ਇਹ ਨਹੀਂ ਦੱਸਿਆ ਕਿ ਸਰਕਾਰ ਆਵਾਸ ਢਾਂਚੇ ਵਿੱਚ ਇਹ ਗਿਣਤੀ ਕਿਹੜੇ ਪੱਧਰ ਤੱਕ ਘਟਾਉਣ ਬਾਰੇ ਸੋਚ ਰਹੀ ਹੈ। 


ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਮੰਤਰੀ ਨੇ ਕਿਹਾ ਕਿ ਇਸ ਬਾਰੇ ਫੈਡਰਲ ਸਰਕਾਰ ਨੂੰ ਸੂਬਾ ਸਰਕਾਰਾਂ ਨਾਲ ਗੱਲਬਾਤ ਕਰਨ ਦੀ ਲੋੜ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿਹੜੇ ਸੂਬੇ ਆਪਣਾ ਕੰਮ ਨਹੀਂ ਕਰ ਰਹੇ ਹਨ, ਅਸਲ ਵਿਚ ਉਹ ਨਿਰੋਲ ਗਿਣਤੀ ਦੇ ਅਧਾਰ ਉਤੇ ਇਨ੍ਹਾਂ ਅੰਕੜਿਆਂ ’ਤੇ ਲਗਾਮ ਕੱਸਣ। ਮਿੱਲਰ ਨੇ ਕੈਨੇਡਾ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਦੇ ਸੰਦਰਭ ਵਿਚ ਕਿਹਾ ਕਿ ‘ਵਰਤਮਾਨ ਗਿਣਤੀ ਚਿੰਤਾਜਨਕ ਹੈ’। 


ਉਨ੍ਹਾਂ ਕਿਹਾ ਕਿ ‘ਇਹ ਇਕ ਅਜਿਹਾ ਢਾਂਚਾ ਹੈ ਜੋ ਕਾਬੂ ਤੋਂ ਬਾਹਰ ਹੋ ਗਿਆ ਹੈ।’ ਮਿਲਰ ਨੇ ਕਿਹਾ ਕਿ ਇਸ ਸਾਲ ਦੀ ਪਹਿਲੀ ਤੇ ਦੂਜੀ ਤਿਮਾਹੀ ਵਿੱਚ ਉਹ ਹਾਊਸਿੰਗ ਦੀ ਮੰਗ ਘਟਾਉਣ ਲਈ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਸੰਭਾਵਨਾ ਉਤੇ ਵਿਚਾਰ ਕਰ ਰਹੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।