Canada : ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਨਾਲ ਤਸ਼ੱਦਦ ਦੇ ਮਾਮਲੇ ਵਧਦੇ ਜਾ ਰਹੇ ਹਨ। ਨੌਕਰੀਆਂ ਨਾ ਮਿਲਣ ਤੇ ਆਰਥਿਕ ਤੰਗੀ ਕਾਰਨ ਜਿੱਥੇ ਸਟੱਡੀ ਵੀਜ਼ੇ ’ਤੇ ਗਈਆਂ ਪੰਜਾਬੀ ਕੁੜੀਆਂ ਨਾਲ ਜਿਣਸੀ ਸ਼ੋਸ਼ਣ ਦੇ ਮਾਮਲੇ ਵੱਧ ਰਹੇ ਹਨ, ਉੱਥੇ ਹੀ ਦੂਜੇ ਪਾਸੇ ਮੁੰਡਿਆਂ ਨੂੰ ਪੈਸੇ ਦਾ ਲਾਲਚ ਦੇ ਕੇ ਨਸ਼ਿਆਂ ਦੇ ਧੰਦੇ ਵਿੱਚ ਫਸਾਇਆ ਜਾ ਰਿਹਾ ਹੈ।
ਇਸ ਗੱਲ ਦਾ ਖੁਲਾਸਾ ਕਰਦਿਆਂ ਔਰਤਾਂ ਦੇ ਸਹਿਯੋਗੀ ਸੰਗਠਨ ਐਲਸਪੇਥ ਹੇਵਰਥ ਸੈਂਟਰ ਫਾਰ ਵੂਮੈਨ (EHCFW) ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਸੰਗਠਨ ਦਾ ਕਹਿਣਾ ਹੈ ਕਿ ਪੈਸੇ ਦੀ ਘਾਟ ਕਾਰਨ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਣ ਵਾਲੀਆਂ ਕੁੜੀਆਂ ਨੂੰ ਆਰਥਿਕ ਸਹਾਇਤਾ ਦੇਣ ਵਿੱਚ ਕੈਨੇਡੀਅਨ ਗੁਰਦੁਆਰੇ ਵੀ ਦਿਲਚਸਪੀ ਨਹੀਂ ਦਿਖਾ ਰਹੇ ਹਨ, ਇਸ ਕਰ ਕੇ ਵਿਦੇਸ਼ ਦੇ ਸਮੂਹ ਗੁਰਦੁਆਰਿਆਂ ਦੀਆਂ ਕਮੇਟੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿੱਤੀ ਯੋਗਦਾਨ ਪਾਉਣ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ।
ਕੈਨੇਡਾ ਵਿੱਚ ਕੁੜੀਆਂ ਨਾਲ ਜਿਣਸੀ ਸ਼ੋਸ਼ਣ ਦੇ ਮਾਮਲੇ ਵਧੇ
ਇੱਕ ਮੀਡੀਆ ਰਿਪੋਰਟ ਵਿੱਚ EHCFW ਦੀ ਕਾਰਜਕਾਰੀ ਨਿਰਦੇਸ਼ਕ ਸ਼੍ਰੀਮਤੀ ਸੁੰਦਰ ਸਿੰਘ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸਟੱਡੀ ਵੀਜ਼ੇ ’ਤੇ ਕੈਨੇਡਾ ਆਈਆਂ ਪੰਜਾਬੀ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੀਆਂ ਵੱਧ ਰਹੀਆਂ ਘਟਨਾਵਾਂ ਵੱਲ ਸਮਾਜਿਕ ਸੰਸਥਾਵਾਂ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ।
ਵਿੱਤੀ ਸੰਕਟ ਦਾ ਸਾਹਮਣਾ ਕਰਦੇ ਹਨ ਨੌਜਵਾਨ
ਉਨ੍ਹਾਂ ਅੱਗੇ ਦੱਸਿਆ ਕਿ ਹਰ ਸਾਲ ਤਕਰੀਬਨ 5 ਲੱਖ ਅੰਤਰਰਾਸ਼ਟਰੀ ਵਿਦਿਆਰਥੀ ਖਾਸ ਕਰ ਕੇ ਪੰਜਾਬ ਤੋਂ ਕੈਨੇਡਾ ਆਉਂਦੇ ਹਨ। ਉਹ ਮੌਜੂਦਾ ਆਰਥਿਕ ਸਥਿਤੀਆਂ ਤੇ ਰੁਜ਼ਗਾਰ ਦੇ ਬਾਜ਼ਾਰ ਵਿੱਚ ਢੁਕਵੇਂ ਘੰਟਿਆਂ ਦੇ ਹਿਸਾਬ ਨਾਲ ਯੋਗ ਨੌਕਰੀਆਂ ਦੀ ਘਾਟ ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ।
EHCFW ਦੀ ਕਾਰਜਕਾਰੀ ਨਿਰਦੇਸ਼ਕ ਨੇ ਕੁੜੀਆਂ ਨੂੰ ਦਿੱਤੀ ਇਹ ਸਲਾਹ
ਸ਼੍ਰੀਮਤੀ ਸਿੰਘ ਨੇ ਸਟੱਡੀ ਵੀਜ਼ਾ ’ਤੇ ਕੈਨੇਡਾ ਆਉਣ ਵਾਲੀਆਂ ਕੁੜੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਨਵੇਂ ਜਾਣ-ਪਛਾਣ ਵਾਲਿਆਂ ਤੋਂ ਵਿੱਤੀ ਮਦਦ ਨਾ ਲੈਣ ਜਾਂ ਆਪਣੀ ਬੈਂਕ ਦੇ ਵੇਰਵੇ ਅਤੇ ਪਤੇ ਉਨ੍ਹਾਂ ਨਾਲ ਸਾਂਝੇ ਨਾ ਕਰਨ। ਕਈ ਅਜਿਹੇ ਉਦਾਹਰਣ ਹਨ, ਜਦੋਂ ਕੁੜੀਆਂ ਦੇ ਨਵੇਂ ਜਾਣ-ਪਛਾਣ ਵਾਲੇ ਉਨ੍ਹਾਂ ਨੂੰ ਆਰਥਿਕ ਸਹਾਇਤਾ ਦੇਣ ਤੋਂ ਬਾਅਦ ਹੋਰ ਦੋਸਤਾਂ ਨਾਲ ਸਮਾਂ ਬਿਤਾਉਣ ਲਈ ਮਜਬੂਰ ਕਰਦੇ ਹਨ। ਕੁੜੀਆਂ ਦੇ ਇਤਰਾਜ਼ਯੋਗ ਪੋਜ਼ ਵਿੱਚ ਚੁੱਪ-ਚੁਪੀਤੇ ਵੀਡੀਓ ਬਣਾ ਲਏ ਜਾਂਦੇ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਪਾ ਕੇ ਬਲੈਕਮੇਲ ਕੀਤਾ ਜਾਂਦਾ ਹੈ।
ਗਰਭਪਾਤ ਕਰਵਾਉਣ ਵਾਲੀਆਂ ਵਿਦਿਆਰਥਣਾਂ ਦੀ ਗਿਣਤੀ ਵਿਚ ਵੀ ਵਾਧਾ
ਇਕ ਰਿਪੋਰਟ ਅਨੁਸਾਰ ਗਰਭਪਾਤ ਕਰਵਾਉਣ ਵਾਲੀਆਂ ਵਿਦਿਆਰਥਣਾਂ ਦੀ ਗਿਣਤੀ ਵਿਚ ਵੀ ਵਾਧਾ ਹੋਣ ਦੀਆਂ ਖ਼ਬਰਾਂ ਹਨ। ਇਹ ਵੀ ਜਾਣਿਆ-ਪਛਾਣਿਆ ਤੱਥ ਹੈ ਕਿ ਬਹੁਤ ਸਾਰੀਆਂ ਵਿਦਿਆਰਥਣਾਂ ਆਪਣੇ ਖਰਚਿਆਂ ਦਾ ਭੁਗਤਾਨ ਕਰਨ ਲਈ ਆਪਣੀ ਮਰਜ਼ੀ ਨਾਲ ਦੇਹ ਵਪਾਰ ਵਿਚ ਦਾਖਲ ਹੋ ਰਹੀਆਂ ਹਨ। ਸਮੱਸਿਆ ਇਹ ਵੀ ਹੈ ਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਕੁੜੀਆਂ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਰਹੀਆਂ ਹਨ ਅਤੇ ਉਹ ਖੁਦ ਨੂੰ ਆਜ਼ਾਦ ਮਹਿਸੂਸ ਕਰਦੀਆਂ ਹਨ।
ਸ਼੍ਰੀਮਤੀ ਸੁੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸੰਗਠਨ ਕੈਨੇਡੀਅਨ ਪੁਲਿਸ ਅਤੇ ਹੋਰ ਸਰਕਾਰੀ ਸੰਸਥਾਵਾਂ ਨਾਲ ਮਿਲ ਕੇ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਣ ਵਾਲੀਆਂ ਲੜਕੀਆਂ ਲਈ ਢੁਕਵੀਆਂ ਨੌਕਰੀਆਂ ਅਤੇ ਰਿਹਾਇਸ਼ ਦਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕਰਦਾ ਹੈ। ਜੇ ਈਐੱਚਸੀਐੱਫਡਬਲਿਊ ਫੀਲਡ ਦਫਤਰਾਂ ਵਿਚ ਅਸਾਮੀਆਂ ਖਾਲੀ ਹਨ ਤਾਂ ਮੁਸ਼ਕਲਾਂ ਦਾ ਸਾਹਮਣਾ ਕਰਨ ਵਾਲੀਆਂ ਲੜਕੀਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ।
ਗੁਰਦੁਆਰਾ ਕਮੇਟੀਆਂ ਦੁਖੀ ਵਿਦਿਆਰਥੀਆਂ ਦੀ ਮਦਦ ਕਰਨ 'ਚ ਨਹੀਂ ਰੱਖਦੀਆਂ ਕੋਈ ਦਿਲਚਸਪੀ
ਸ਼੍ਰੀਮਤੀ ਸੁੰਦਰ ਸਿੰਘ ਦਾ ਕਹਿਣਾ ਹੈ ਕਿ ਕੈਨੇਡਾ ਦੀਆਂ ਗੁਰਦੁਆਰਾ ਕਮੇਟੀਆਂ ਦੁਖੀ ਵਿਦਿਆਰਥੀਆਂ ਦੀ ਮਦਦ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਰੱਖਦੀਆਂ। ਸ਼੍ਰੀਮਤੀ ਸਿੰਘ ਨੇ ਖੁਲਾਸਾ ਕੀਤਾ ਕਿ 2017 ਵਿਚ 1500 ਤੋਂ ਵੱਧ ਪ੍ਰੇਸ਼ਾਨ ਲੜਕੀਆਂ ਵੱਲੋਂ ਕਾਲਾਂ ਆਈਆਂ ਸਨ, ਜਦ ਕਿ 2022 ਤੱਕ ਇਹ ਗਿਣਤੀ ਤਿੰਨ ਗੁਣਾ ਵਧ ਗਈ ਹੈ।