ਇਸਲਾਮਾਬਾਦ: ਦਿੱਲੀ ਵਿੱਚ ਆਪਣੇ ਡਿਪਲੋਮੈਟ ਸਟਾਫ ਨਾਲ ਜ਼ਬਰ ਦੀਆਂ ਵਧਦੀਆਂ ਘਟਨਾਵਾਂ ਕਾਰਨ ਪਾਕਿਸਤਾਨ ਨੇ ਭਾਰਤ ਵਿਚਲੇ ਆਪਣੇ ਹਾਈ ਕਮਿਸ਼ਨਰ ਸੁਹੈਲ ਮਹਿਮੂਦ ਨੂੰ ਵਾਪਸ ਬੁਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਨੇ ਸਲਾਹ-ਮਸ਼ਵਰੇ ਲਈ ਆਪਣੇ ਹਾਈ ਕਮਿਸ਼ਨਰ ਨੂੰ ਬੁਲਾਇਆ ਹੈ।

ਪਿਛਲੇ ਦਿਨੀਂ ਖਬਰ ਆ ਰਹੀ ਸੀ ਕਿ ਨਵੀਂ ਦਿੱਲੀ ਵਿੱਚ ਪਾਕਿਸਤਾਨ ਦੇ ਡਿਪਲੋਮੇਟ ਸਟਾਫ ਨਾਲ ਤੰਗ-ਪ੍ਰੇਸ਼ਾਨ ਕਰਨ ਵਾਲੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਹੈ ਕਿ ਭਾਰਤ ਵਧ ਰਹੀਆਂ ਧਮਕੀਆਂ ਤੇ ਤੰਗ ਕਰਨ ਦੀਆਂ ਘਟਨਾਵਾਂ ਖਿਲਾਫ ਕਾਰਵਾਈ ਕਰਨ ਵਿੱਚ ਨਾਕਾਮ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਲਈ ਨਵੀਂ ਦਿੱਲੀ ਵਿੱਚ ਆਪਣੇ ਹਾਈ ਕਮਿਸ਼ਨਰ ਨੂੰ ਸਲਾਹ-ਮਸ਼ਵਰੇ ਲਈ ਇਸਲਾਮਾਬਾਦ ਵਾਪਸ ਬੁਲਾਇਆ ਹੈ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦਾ ਭਾਰਤ ਵਿੱਚ ਡਿਪਲੋਮੇਟ ਸਟਾਫ ਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਰਤੀ ਏਜੰਸੀਆਂ ਵੱਲ਼ੋਂ ਧਮਕੀਆਂ ਦੇ ਕੇ ਤੰਗ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਭਾਰਤ ਨੇ ਵੀ ਇਲਜ਼ਾਮ ਲਾਇਆ ਹੈ ਕਿ ਇਸਲਾਮਾਬਾਦ ਵਿੱਚ ਭਾਰਤੀ ਸਟਾਫ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।